ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ‘ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ: ਡਾ.ਬਲਬੀਰ ਸਿੰਘ

Global Team
2 Min Read

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਇੱਕ ਸਿਹਤਮੰਦ ਸੂਬਾ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਦੀ ਲਗਾਤਾਰਤਾ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਉਪਰਾਲੇ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਸਿਹਤ ਤੇ ਪਰਿਵਾਰ ਭਲਾਈ ਡਾਇਰੈਕਟੋਰੇਟ ਦਫਤਰ ਵਿਖੇ ਚੱਲ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਅਤੇ ਰਾਜ ਦੀ ਸਿਹਤ ਮਸ਼ੀਨਰੀ ਨੂੰ ਸੁਚਾਰੂ ਢੰਗ ਨਾਲ ਕੰਮ-ਕਾਜ ਨੂੰ ਯਕੀਨੀ ਬਣਾਉਣ ਲਈ ਅਚਨਚੇਤ ਦੌਰਾ ਕੀਤਾ।

ਸਿਹਤ ਮੰਤਰੀ ਨੇ ਸੂਬੇ ਦੇ ਪ੍ਰੋਗਰਾਮ ਅਫਸਰਾਂ ਨਾਲ ਮੀਟਿੰਗ ਕਰਦਿਆਂ ਉਨਾਂ ਨੂੰ ਕਤਾਰ ਵਿੱਚ ਖੜੇ ਆਖਰੀ ਵਿਅਕਤੀ ਤੱਕ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨਾਂ ਨੇ ਸਿਹਤ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਰਾਜ ਦੇ ਸਿਹਤ ਅਧਿਕਾਰੀਆਂ ਨਾਲ ਤਿੰਨ ਘੰਟੇ ਤੋਂ ਵੱਧ ਸਮੇਂ ਤੱਕ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।

ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਨਵੀਆਂ ਯੋਜਨਾਵਾਂ ਬਣਾਉਣ ਲਈ ਕਿਹਾ ਤਾਂ ਜੋ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ-ਨਾਲ ਲੋਕਾਂ ਦੀ ਭਲਾਈ ਦਾ ਵੀ ਧਿਆਨ ਰੱਖਿਆ ਜਾ ਸਕੇ। ਉਨਾਂ ਨੇ ਵੱਖ-ਵੱਖ ਪ੍ਰੋਗਰਾਮਾਂ ਨੂੰ ਵਧੇਰੇ ਲੋਕ ਪੱਖੀ ਬਣਾਉਣ ਲਈ ਕੁਝ ਢਾਂਚਾਗਤ ਤਬਦੀਲੀਆਂ ਕਰਨ ਦਾ ਸੁਝਾਅ ਦਿੱਤਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਿਹਤ ਸੇਵਾਵਾਂ ਯੋਗ ਤੇ ਮਿੱਥੇ ਲਾਭਪਾਤਰੀਆਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਸਮਾਂਬੱਧ ਢੰਗ ਨਾਲ ਸੋਧਾਂ ਕੀਤੀਆਂ ਜਾਣ।

ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਸਿਹਤ ਦੇ ਬਚਾਅ ਪੱਖਾਂ ‘ਤੇ ਜੋਰ ਦਿੱਤਾ ਕਿਉਂਕਿ ਅਜੋਕੇ ਸਮੇਂ ਵਿੱਚ ਬਹੁਤ ਸਾਰੀਆਂ ਬਿਮਾਰੀਆਂ ਲੋਕਾਂ ਵੱਲੋਂ ਅਪਣਾਈ ਜਾ ਰਹੀ ਮਾੜੀ ਜੀਵਨ ਸ਼ੈਲੀ ਜਾਂ ਆਦਤਾਂ ਕਾਰਨ ਹੋ ਰਹੀਆਂ ਹਨ। ਉਨਾਂ ਨੇ ਸਿਹਤ ਅਧਿਕਾਰੀਆਂ ਨੂੰ ਯੋਗਾ, ਮੈਡੀਟੇਸ਼ਨ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਲਾਗ ਦੀਆਂ ਅਤੇ ਗੈਰ-ਸੰਕ੍ਰਮਿਤ ਬਿਮਾਰੀਆਂ ਤੋਂ ਬਚਾਉਣ ਲਈ ਹੋਰ ਰੋਕਥਾਮ ਅਤੇ ਸਿਹਤਮੰਦ ਜੀਵਨ ਸ਼ੈਲੀ ਦੀਆਂ ਆਦਤਾਂ ਪੈਦਾ ਕਰਨ ਲਈ ਪ੍ਰੇਰਿਤ ਕੀਤਾ।

ਉਨਾਂ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ: ਆਦਰਸ਼ਪਾਲ ਕੌਰ ਤੋਂ ਵਿਭਾਗ ਵਿੱਚ ਡਾਕਟਰਾਂ ਸਮੇਤ ਖਾਲੀ ਪਈਆਂ ਅਸਾਮੀਆਂ ਦੀ ਵਿਸਤਿ੍ਰਤ ਸਥਿਤੀ ਦੀ ਰਿਪੋਰਟ ਵੀ ਮੰਗੀ ਤਾਂ ਜੋ ਇਨਾਂ ਖਾਲੀ ਅਸਾਮੀਆਂ ਨੂੰ ਭਰਨ ਲਈ ਭਰਤੀ ਪ੍ਰਕਿਰਿਆ ਜਲਦੀ ਤੋਂ ਜਲਦੀ ਸੁਰੂ ਕੀਤੀ ਜਾ ਸਕੇ। ਉਨਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।

Share This Article
Leave a Comment