ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ ਸਥਿਤ ਰਿਹਾਇਸ਼ ਅਤੇ ਮਜੀਠਾ ਦੇ ਦਫ਼ਤਰ ‘ਤੇ ਵਿਜੀਲੈਂਸ ਵੱਲੋਂ ਛਾਪੇਮਾਰੀ ਦੇ ਮਾਮਲੇ ਵਿੱਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਮੋਹਾਲੀ ਅਦਾਲਤ ਨੇ ਵਿਜੀਲੈਂਸ ਦੀ ਰੇਡ ‘ਤੇ ਤੁਰੰਤ ਰੋਕ ਲਗਾ ਦਿੱਤੀ ਹੈ। ਬਿਕਰਮ ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ ਅਦਾਲਤੀ ਹੁਕਮਾਂ ਮਗਰੋਂ ਹੁਣ ਮਜੀਠੀਆ ਦੀ ਕਿਸੇ ਵੀ ਜਾਇਦਾਦ ਦੀ ਤਲਾਸ਼ੀ ਨਹੀਂ ਹੋਵੇਗੀ। ਹੁਣ ਕੋਈ ਵੀ ਸਰਚ ਵਕੀਲ ਦੀ ਮੌਜੂਦਗੀ ਵਿੱਚ ਹੋਵੇਗੀ ਅਤੇ ਸਰਚ ਦੀ ਬਜਾਏ ਸਿਰਫ਼ ਜਾਇਦਾਦ ਦੀ ਮੁਲਾਂਕਣ ਹੋਵੇਗਾ।
ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਪੰਜਾਬ ਵਿਜੀਲੈਂਸ ਵੱਲੋਂ ਕੀਤੀ ਜਾ ਰਹੀ ਛਾਪੇਮਾਰੀ ‘ਤੇ ਮੋਹਾਲੀ ਅਦਾਲਤ ਨੇ ਸਖ਼ਤ ਰੁਖ ਅਖਤਿਆਰ ਕੀਤਾ ਹੈ। ਅਦਾਲਤ ਦੇ ਹੁਕਮਾਂ ਅਨੁਸਾਰ, ਵਿਜੀਲੈਂਸ ਦੀ ਰੇਡ ਨੂੰ ਰੋਕ ਦਿੱਤਾ ਗਿਆ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਅਗਲੇ ਹੁਕਮਾਂ ਤੱਕ ਸਰਚ ਦੀ ਬਜਾਏ ਸਿਰਫ਼ ਜਾਇਦਾਦ ਦਾ ਮੁਲਾਂਕਣ ਹੀ ਕੀਤਾ ਜਾਵੇਗਾ।
ਛਾਪੇਮਾਰੀ ਦਾ ਵੇਰਵਾ
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਨਾਭਾ ਜੇਲ੍ਹ ਵਿੱਚ 14 ਦਿਨਾਂ ਦੀ ਨਿਆਂਇਕ ਹਿਰਾਸਤ ਅਧੀਨ ਬੰਦ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਸਥਿਤ ਗ੍ਰੀਨ ਐਵੇਨਿਊ ਵਾਲੀ ਰਿਹਾਇਸ਼ ਅਤੇ ਮਜੀਠਾ ਦੇ ਦਫ਼ਤਰ ‘ਤੇ ਮੰਗਲਵਾਰ ਨੂੰ ਵਿਜੀਲੈਂਸ ਨੇ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਸੀ। ਰਿਹਾਇਸ਼ ਅਤੇ ਦਫ਼ਤਰ ਵਿੱਚ ਰੱਖੇ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਗਈ।
ਸੁਰੱਖਿਆ ਪ੍ਰਬੰਧ
ਛਾਪੇਮਾਰੀ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਸੀ। ਗ੍ਰੀਨ ਐਵੇਨਿਊ ‘ਤੇ ਮਜੀਠੀਆ ਦੇ ਘਰ ਦੇ ਚਾਰੇ ਪਾਸੇ ਅਤੇ ਰਸਤਿਆਂ ‘ਤੇ ਬੈਰੀਕੇਡਿੰਗ ਕੀਤੀ ਗਈ। ਘਰ ਤੋਂ ਕਈ ਮੀਟਰ ਪਹਿਲਾਂ ਸੜਕ ਬੰਦ ਕਰ ਦਿੱਤੀ ਗਈ ਸੀ ਅਤੇ ਕਿਸੇ ਨੂੰ ਅੱਗੇ ਜਾਣ ਦੀ ਇਜਾਜ਼ਤ ਨਹੀਂ ਸੀ।
ਮਾਮਲੇ ਦਾ ਪਿਛੋਕੜ
ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਨਾਭਾ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਅਧੀਨ ਹਨ। ਵਿਜੀਲੈਂਸ ਦੀ ਇਸ ਕਾਰਵਾਈ ਨੂੰ ਸਿਆਸੀ ਮਹੱਤਵ ਵਾਲਾ ਮੰਨਿਆ ਜਾ ਰਿਹਾ ਹੈ, ਪਰ ਅਦਾਲਤ ਦੇ ਤਾਜ਼ਾ ਹੁਕਮਾਂ ਨੇ ਇਸ ਮਾਮਲੇ ਨੂੰ ਨਵਾਂ ਮੋੜ ਦੇ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।