ਲੁਧਿਆਣਾ : ਸਿਮਰਜੀਤ ਬੈਂਸ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਜਬਰ ਜਨਾਹ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਖ਼ਿਲਾਫ਼ ਅਦਾਲਤ ਵਲੋਂ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਗਏ ਹਨ। ਇਸਦੇ ਨਾਲ ਹੀ ਅਦਾਲਤ ਨੇ ਬੈਂਸ ਨੂੰ 18 ਨਵੰਬਰ ਨੂੰ ਪੇਸ਼ ਹੋਣ ਦੇ ਹੁਕਮ ਵੀ ਦਿੱਤੇ ਹਨ।
ਜਾਣਕਾਰੀ ਅਨੁਸਾਰ ਪੁਲਿਸ ਵਲੋਂ ਜੁਲਾਈ ਮਹੀਨੇ ਵਿਚ ਵਿਧਾਇਕ ਬੈਂਸ ਅਤੇ ਉਸ ਦੇ 6 ਸਾਥੀਆਂ ਖ਼ਿਲਾਫ਼ ਜਬਰ ਜਨਾਹ ਦੇ ਇਕ ਮਾਮਲੇ ਵਿਚ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਸੀ ।
ਪੁਲਿਸ ਵਲੋਂ ਬੀਤੀ ਸ਼ਾਮ ਅਦਾਲਤ ਵਿਚ ਵਿਧਾਇਕ ਬੈਂਸ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਅਦਾਲਤ ਵਿਚ ਚਲਾਨ ਪੇਸ਼ ਕੀਤਾ ਸੀ ਪਰ ਮਾਨਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੇ ਜ਼ਮਾਨਤੀ ਵਾਰੰਟ ਜਾਰੀ ਕਰਦਿਆਂ 18 ਨਵੰਬਰ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਅਦਾਲਤ ਨੇ 7 ਜੁਲਾਈ 2021 ਨੂੰ ਪੁਲਿਸ ਥਾਣਾ ਡਵੀਜ਼ਨ ਨੰਬਰ ਛੇ ਦੀ ਪੁਲਿਸ ਨੂੰ ਇਸ ਮਾਮਲੇ ’ਚ ਐੱਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਸਨ। ਵਿਧਾਇਕ ਨੇ ਅਦਾਲਤ ਦੇ ਉਨ੍ਹਾਂ ਆਦੇਸ਼ਾਂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਚੁਣੌਤੀ ਵੀ ਦਿੱਤੀ ਸੀ ਪਰ ਹਾਈ ਕੋਰਟ ਨੇ ਬੈਂਸ ਵੱਲੋਂ ਲਾਈ ਗਈ ਪਟੀਸ਼ਨ ਖ਼ਾਰਜ ਕਰ ਦਿੱਤੀ ਸੀ।