ਮੁੰਬਈ : ਨਵੀਂ ਦਿੱਲੀ ਦੀ ਇੱਕ ਸਥਾਨਕ ਅਦਾਲਤ ਨੇ ਡਰੱਗ ਮਾਮਲੇ ‘ਚ ਰਿਆ ਚੱਕਰਵਰਤੀ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਰਿਆ ਨੇ ਅਦਾਲਤ ‘ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਰਜ ਕੀਤੀ ਸੀ, ਜਿਸ ਨੂੰ ਕੋਰਟ ਨੇ ਖਾਰਿਜ ਕਰ ਦਿੱਤਾ ਹੈ।
ਨਾਰਕੋਟਿਕਸ ਕੰਟਰੋਲ ਬੋਰਡ (ਐੱਨ.ਸੀ.ਬੀ.) ਨੇ ਅਦਾਕਾਰਾ ਰਿਆ ਚੱਕਰਵਰਤੀ ਨੂੰ ਉਨ੍ਹਾਂ ਦੇ ‘ਲਿਵ ਇਨ ਪਾਰਟਨਰ’ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ‘ਚ ਨਸ਼ੀਲੇ ਪਦਾਰਥਾਂ ਨਾਲ ਜੁੜੇ ਦੋਸ਼ਾਂ ਦੇ ਸਿਲਸਿਲੇ ‘ਚ ਤਿੰਨ ਦਿਨਾਂ ਤੱਕ ਪੁੱਛਗਿਛ ਕਰਨ ਤੋਂ ਬਾਅਦ ਮੰਗਲਵਾਰ ਨੂੰ ਗ੍ਰਿਫਤਾਰ ਕਰ ਲਿਆ ਸੀ। ਜਿਸ ਤੋਂ ਬਾਅਦ ਐੱਨ.ਸੀ.ਬੀ. ਨੇ ਰਿਆ ਚੱਕਰਵਰਤੀ ਨੂੰ ਮੰਗਲਵਾਰ ਨੂੰ ਅਦਾਲਤ ਸਾਹਮਣੇ ਪੇਸ਼ ਕੀਤਾ ਅਤੇ ਨਿਆਂਇਕ ਹਿਰਾਸਤ ਦੀ ਮੰਗ ਕੀਤੀ। ਕਰੀਬ ਢਾਈ ਘੰਟੇ ਚੱਲੀ ਸੁਣਵਾਈ ਤੋਂ ਬਾਅਦ ਕੋਰਟ ਨੇ ਰਿਆ ਦੀ ਅਗਾਊਂ ਜ਼ਮਾਨਤ ਦੀ ਅਰਜੀ਼ ਨੂੰ ਖ਼ਾਰਿਜ ਕਰ ਦਿੱਤਾ ਅਤੇ 22 ਸਤੰਬਰ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ।