ਕੋਵਿਡ-19 : ਪਾਕਿਸਤਾਨ ਸਰਕਾਰ ਨੇ 9 ਮਈ ਤੱਕ ਵਧਾਈ ਲੌਕਡਾਊਨ ਦੀ ਮਿਆਦ

TeamGlobalPunjab
2 Min Read

ਇਸਲਾਮਾਬਾਦ : ਪੂਰੀ ਦੁਨੀਆ ‘ਚ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਜਾਰੀ ਹੈ। ਗੁਆਂਢੀ ਮੁਲਕ ਪਾਕਿਸਤਾਨ ‘ਚ ਵੀ ਕੋਰੋਨਾ ਦੇ ਸੰਕਰਮਿਤ ਮਾਮਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਇਮਰਾਨ ਖਾਨ ਦੀ ਅਗਵਾਈ ਵਾਲੀ ਪਾਕਿਸਤਾਨ ਸਰਕਾਰ ਨੇ ਕੋਰੋਨਾ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਲੌਕਡਾਊਨ ਦੀ ਮਿਆਦ ਨੂੰ ਹੋਰ 15 ਦਿਨਾਂ ਲਈ ਵਧਾ ਦਿੱਤਾ ਹੈ। ਜਿਸ ਤੋਂ ਬਾਅਦ ਹੁਣ ਪਾਕਿਸਤਾਨ ‘ਚ ਲੌਕਡਾਊਨ 9 ਮਈ ਤੱਕ ਲਾਗੂ ਰਹੇਗਾ। ਕੋਰੋਨਾ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਪਾਕਿਸਤਾਨ ‘ਚ ਪਹਿਲਾਂ ਤੋਂ ਹੀ ਲੌਕਡਾਊਨ ਕੀਤਾ ਹੋਇਆ ਹੈ ਪਰ ਇਸ ਦੇ ਬਾਵਜੂਦ ਵੀ ਪਾਕਿਸਤਾਨ ‘ਚ ਕੋਰੋਨਾ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਕਾਰਨ ਇਮਰਾਨ ਖਾਨ ਦੀ ਸਰਕਾਰ ਨੇ ਲੌਕਡਾਊਨ ਨੂੰ 15 ਦਿਨਾਂ ਲਈ ਵਧਾ ਦਿੱਤਾ ਹੈ। ਪਾਕਿਸਤਾਨ ਦੇ ਯੋਜਨਾ ਮੰਤਰੀ ਅਸਦ ਉਮਰ ਨੇ ਲੌਕਡਾਊਨ ਦੀ ਮਿਆਦ ਵਧਾਉਣ ਦਾ ਐਲਾਨ ਕੀਤਾ ਹੈ। 

ਪਾਕਿਸਤਾਨੀ ਮੰਤਰੀ ਅਸਦ ਉਮਰ ਨੇ ਕਿਹਾ ਕਿ ਸੂਬਾਈ ਸਰਕਾਰਾਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਦੇਸ਼ਭਰ ਵਿੱਚ ਲੌਕਡਾਊਨ ਵਧਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਸ਼ੁੱਕਰਵਾਰ ਨੂੰ ਪਾਕਿਸਤਾਨ ਦੇ ਨੈਸ਼ਨਲ ਕਮਾਂਡ ਐਂਡ ਆਪ੍ਰੇਸ਼ਨ ਸੈਂਟਰ ਨੇ ਕਿਹਾ ਸੀ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦੇ 79 ਪ੍ਰਤੀਸ਼ਤ ਮਾਮਲੇ ਸਥਾਨਕ ਪੱਧਰ ‘ਤੇ ਫੈਲਣ ਕਾਰਨ ਸਾਹਮਣੇ ਆਏ ਹਨ। ਪਾਕਿਸਤਾਨ ਦਾ ਸਿੰਧ ਪ੍ਰਾਂਤ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ।

 ਜ਼ਿਕਰਯੋਗ ਹੈ ਕਿ ਪਾਕਿਸਤਾਨ ਵਿੱਚ ਹੁਣ ਤੱਕ ਕੋਰੋਨਾ ਦੇ 11 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਤੇ 240 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਜਦ ਕਿ ਵਿਸ਼ਵ ਪੱਧਰ ‘ਤੇ ਕੋਰੋਨਾ ਮਹਾਮਾਰੀ ਨਾਲ 1 ਲੱਖ 90 ਹਜ਼ਾਰ ਲੋਕਾਂ ਦੀ ਮੌਤ ਹੋ ਗਈ ਹੈ ਤੇ 27 ਲੱਖ ਤੋਂ ਵੱਧ ਲੋਕ ਇਸ ਵਾਇਰਸ ਨਾਲ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਹੇ ਹਨ।

 

- Advertisement -

Share this Article
Leave a comment