ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ ਮਹਾਮਾਰੀ ਦੇ ਵੱਧਦੇ ਪ੍ਰਭਾਵ ਦੇ ਚੱਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਯਾਨੀ ਅੱਜ ਅਤੇ ਬੁੱਧਵਾਰ ਨੂੰ ਦੋ ਦਿਨ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਗੱਲਬਾਤ ਕਰਨਗੇ। ਪ੍ਰਧਾਨ ਮੰਤਰੀ ਮੋਦੀ ਅੱਜ ਦੁਪਿਹਰ 3 ਵਜੇ 21 ਸੂਬਿਆਂ ਅਤੇ ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ, ਉਪ-ਰਾਜਪਾਲਾਂ ਅਤੇ ਪ੍ਰਬੰਧਕਾਂ ਨਾਲ ਗੱਲਬਾਤ ਕਰਨਗੇ। ਇਨ੍ਹਾਂ ‘ਚ ਪੰਜਾਬ, ਕੇਰਲ, ਗੋਆ, ਉਤਰਾਖੰਡ, ਝਾਰਖੰਡ, ਉੱਤਰ-ਪੂਰਬੀ ਰਾਜ ਅਤੇ ਕੁਝ ਕੇਂਦਰ ਸ਼ਾਸਤ ਪ੍ਰਦੇਸ਼ ਸ਼ਾਮਲ ਹਨ।
ਇਸ ਤੋਂ ਬਾਅਦ ਬਾਕੀ ਸੂਬਿਆਂ ਅਤੇ ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ ਦੇ ਨਾਲ ਪ੍ਰਧਾਨ ਮੰਤਰੀ ਮੋਦੀ ਬੁੱਧਵਾਰ ਯਾਨੀ ਕੱਲ੍ਹ ਬੈਠਕ ਕਰਨਗੇ। ਇਸ ਬੈਠਕ ‘ਚ ਪੀਐੱਮ ਮੋਦੀ 15 ਰਾਜਾਂ ਦੇ ਮੁੱਖ ਮੰਤਰੀਆਂ ਅਤੇ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਨਾਲ ਗੱਲਬਾਤ ਕਰਨਗੇ। ਇਨ੍ਹਾਂ ਵਿੱਚ ਮਹਾਰਾਸ਼ਟਰ, ਪੱਛਮੀ ਬੰਗਾਲ, ਦਿੱਲੀ, ਕਰਨਾਟਕ, ਗੁਜਰਾਤ, ਬਿਹਾਰ ਅਤੇ ਉੱਤਰ ਪ੍ਰਦੇਸ਼ ਸ਼ਾਮਲ ਹਨ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਕੋਵਿਡ -19 ਮਹਾਮਾਰੀ ਨਾਲ ਪ੍ਰਭਾਵਿਤ ਇਲਾਕਿਆਂ ਵਿਚ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਅਤੇ ਸਥਿਤੀ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਦੇ ਰੋਡਮੈਪ ਦਾ ਜਾਇਜ਼ਾ ਲਿਆ ਸੀ। ਮੁੱਖ ਮੰਤਰੀਆਂ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਇਹ ਛੇਵੇਂ ਦੌਰ ਦੀ ਗੱਲਬਾਤ ਹੋਵੇਗੀ। ਇਸ ਤੋਂ ਪਹਿਲਾਂ ਅਜਿਹੀ ਮੀਟਿੰਗ 11 ਮਈ ਨੂੰ ਹੋਈ ਸੀ। ਉਥੇ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੌਕਡਾਊਨ-4.0 ਖਤਮ ਹੋਣ ਤੋਂ ਪਹਿਲਾਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕੀਤੀ ਸੀ।
ਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 3 ਲੱਖ 30 ਹਜ਼ਾਰ ਤੋਂ ਪਾਰ ਚਲੀ ਗਈ ਹੈ। ਇਸ ਦੇ ਨਾਲ ਹੀ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 9,500 ਤੱਕ ਪਹੁੰਚ ਗਈ ਹੈ। ਉੱਥੇ ਹੀ ਲੌਕਡਾਊਨ ‘ਚ ਢਿੱਲ ਮਿਲਣ ਤੋਂ ਬਾਅਦ ਕੋਰੋਨਾ ਦੇ ਮਾਮਲੇ ਲਗਾਤਾਰ ਤੇਜ਼ੀ ਨਾਲ ਵੱਧ ਰਹੇ ਹਨ। ਇਸ ਦੌਰਾਨ ਸਰਕਾਰ ਵੱਲੋਂ ਹਸਪਤਾਲਾਂ ਵਿੱਚ ਟੈਸਟਿੰਗ ਵਧਾਉਣ ਅਤੇ ਬਿਸਤਰਿਆਂ ਦੀ ਸਮਰੱਥਾ ਵਧਾਉਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ।