ਕੋਵਿਡ-19 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਰਬਾਰ ਸਾਹਿਬ ਆਉਣ ਵਾਲੀਆਂ ਸੰਗਤਾਂ ਦੀ ਸਕਰੀਨਿੰਗ ਦਾ ਲਿਆ ਫੈਸਲਾ

TeamGlobalPunjab
2 Min Read

ਅਮ੍ਰਿਤਸਰ : ਕੋਰੋਨਾ ਵਾਇਰਸ (ਕੋਵਿਡ-19) ਦੇ ਖਤਰੇ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਵੱਡਾ ਫੈਸਲਾ ਲੈਂਦਿਆਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਸ੍ਰੀ ਹਰਿਮੰਦਰ ਸਾਹਿਬ ‘ਚ ਆਉਣ ਵਾਲੀਆਂ ਸੰਗਤਾਂ ਦੀ ਸਕਰੀਨਿੰਗ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਜੇਕਰ ਕੋਈ ਕੋਰੋਨਾ ਦਾ ਸ਼ੱਕੀ ਪਾਇਆ ਜਾਂਦਾ ਹੈ ਤਾਂ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਜਾਵੇਗਾ। ਨਾਲ ਹੀ ਸ਼ਰਧਾਲੂਆਂ ਨੂੰ ਛੋਟੀ-ਛੋਟੀ ਟੁਕੜੀਆਂ ਦੇ ਰੂਪ ‘ਚ ਦਰਬਾਰ ਸਾਹਿਬ ਅੰਦਰ ਭੇਜਿਆ ਜਾਵੇਗਾ।

ਐਸਜੀਪੀਸੀ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸ਼੍ਰੋਮਣੀ ਕਮੇਟੀ ਦੇ ਕਾਰਜਕਾਰੀ ਮੈਂਬਰਾਂ ਨੇ ਡੀਸੀ ਸ਼ਿਵਦੁਲਾਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਜਿਸ ‘ਚ ਇਹ ਫੈਸਲਾ ਲਿਆ ਗਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸੰਚਾਲਿਤ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਦੀ ਡਾਕਟਰਾਂ ਦੀਆਂ ਟੀਮਾਂ ਦਰਬਾਰ ਸਾਹਿਬ ਦੇ ਸਾਰੇ ਪ੍ਰਵੇਸ਼ ਦੁਆਰਾਂ ‘ਤੇ ਸੰਗਤਾਂ ਦੀ ਸਕਰੀਨਿੰਗ ਕਰਨਗੀਆਂ।

ਇਸ ਦੇ ਨਾਲ ਹੀ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ‘ਚ ਕੋਰੋਨਾ ਦੇ ਸ਼ੱਕੀ ਮਰੀਜ਼ਾਂ ਨੂੰ ਦਾਖਲ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਸਪੈਸ਼ਲ ਵਾਰਡ ਵੀ ਬਣਾਇਆ ਗਿਆ ਹੈ ਤੇ ਨਾਲ ਹੀ ਦਰਬਾਰ ਸਾਹਿਬ ਦੇ ਬਾਹਰ  24 ਘੰਟੇ ਇੱਕ ਐਂਬੂਲੈਂਸ ਵੀ ਤਾਇਨਾਤ ਕੀਤੀ ਗਈ ਹੈ।

ਐੱਸ.ਜੀ.ਪੀ.ਸੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਐਸ.ਜੀ.ਪੀ.ਸੀ ਦੇ ਸੇਵਾਦਾਰਾਂ ਅਤੇ ਹੈਲਥ ਡਿਪਾਰਟਮੈਂਟ ਵਲੋਂ ਇੱਥੇ ਪਹੁੰਚਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸਕਰੀਨਿੰਗ ਅਤੇ ਉਨ੍ਹਾਂ ਦੇ ਸੈਨੇਟਾਈਜ਼ਰ ਨਾਲ ਹੱਥ ਸਾਫ਼ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਸ਼ਰਧਾਲੂਆਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਲਈ ਦਰਬਾਰ ਸਾਹਿਬ ਦੇ ਬਾਹਰ ਇੱਕ ਬੋਰਡ ਵੀ ਲਗਾਇਆ ਗਿਆ ਹੈ। ਲੰਗਰ ਅਤੇ ਕੜਾਹ ਪ੍ਰਸ਼ਾਦ ਦੀ ਦੇਗ ਤਿਆਰ ਕਰਨ ਵਾਲੇ ਸੇਵਾਦਾਰਾਂ ਨੂੰ ਵੀ ਸਫਾਈ ਰੱਖਣ ਦੀ ਹਦਾਇਤ ਕੀਤੀ ਗਈ ਹੈ। ਇਸ ਦੇ ਨਾਲ-ਨਾਲ ਡਬਲਯੂ. ਐੱਚ. ਓ. ਦੀਆਂ ਹਿਦਾਇਤਾਂ ਦਾ ਵੀ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ।

- Advertisement -

Share this Article
Leave a comment