ਚੰਡੀਗੜ੍ਹ: ਪੰਜਾਬ ਸਰਕਾਰ ਦਾ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਸ ਵਿੱਚ ਕਿਹਾ ਗਿਆ ਹੈ ਕਿ ਇਸ ਸੈਸ਼ਨ ਵਿਚ ਹਿੱਸਾ ਲੈਣ ਵਾਲੇ ਪੰਜਾਬ ਸਰਕਾਰ ਦੇ ਮੰਤਰੀ, ਵਿਧਾਇਕ, ਅਧਿਕਾਰੀ ਅਤੇ ਕਰਮਚਾਰੀਆਂ ਦਾ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ ਹੈ।
ਇਸ ਦੇ ਨਾਲ ਇਹ ਵੀ ਕਿਹਾ ਗਿਆ ਹੈ ਕਿ 28 ਅਗਸਤ ਨੂੰ ਹੋਣ ਵਾਲੇ ਸੈਸ਼ਨ ਤੋਂ ਪਹਿਲਾਂ ਤੋਂ ਪਹਿਲਾਂ ਸਭ ਨੂੰ ਆਪਣੀਆਂ ਰਿਪੋਰਟਾਂ ਜਮ੍ਹਾ ਕਰਾਉਣੀਆਂ ਪੈਣਗੀਆਂ, ਇਸ ਤੋਂ ਬਿਨਾ ਇਮਾਰਤ ਵਿਚ ਦਾਖਲੇ ਦੀ ਸਖ਼ਤ ਮਨਾਹੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਰਾਜ ਦੇ ਸਬੰਧਤ ਡਿਪਟੀ ਕਮਿਸ਼ਨਰਾਂ ਨਾਲ ਰਾਬਤਾ ਕਾਇਮ ਕਰਕੇ ਪੰਜਾਬ ਵਿਧਾਨ ਸਭਾ ਦੇ ਸਮੂਹ ਮੈਂਬਰ ਸਾਹਿਬਾਨ, ਜਿਥੇ ਵੀ ਉਹ ਮਿਤੀ 25 ਤੋਂ 27 ਅਗਸਤ, 2020 ਤੱਕ ਉਪਲਬਧ ਹੋਣ, ਉਨ੍ਹਾਂ ਦਾ ਟੈਸਟ ਕਰਾਇਆ ਜਾਵੇ ਅਤੇ ਇਸ ਸਬੰਧੀ ਰਿਪੋਰਟ ਉਪਲੱਬਧ ਕਰਵਾਉਣ ਲਈ ਵਿਭਾਗ ਵਲੋਂ ਯੋਗ ਪ੍ਰਬੰਧ ਕੀਤੇ ਜਾਣ।