ਕੋਵਿਡ-19 : ਕੇਂਦਰੀ ਗ੍ਰਹਿ ਮੰਤਰਾਲੇ ਨੇ 3 ਮਈ ਤੱਕ ਲਾਕਡਾਊਨ ਲਈ ਜਾਰੀ ਕੀਤੇ ਨਵੇਂ ਦਿਸ਼ਾ ਨਿਰਦੇਸ਼

TeamGlobalPunjab
2 Min Read

ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ ਮਹਾਮਾਰੀ ਦਾ ਕਹਿਰ ਜਾਰੀ ਹੈ। ਜਿਸ ਦੇ ਚੱਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ  ਦੇਸ਼ ‘ਚ ਲਾਕਡਾਊਨ ਦੀ ਮਿਆਦ  3 ਮਈ ਤੱਕ ਵਧਾ ਦਿੱਤੀ ਗਈ ਹੈ। ਦੇਸ਼ ਹੁਣ ਹੋਰ 19 ਦਿਨ ਯਾਨੀ 3 ਮਈ ਤੱਕ ਲਾਕਡਾਊਨ ਹੇਠ ਰਹੇਗਾ। ਇਸ ਤੋਂ ਬਾਅਦ ਬੁੱਧਵਾਰ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਲਾਕਡਾਊਨ ਲਈ ਨਵੇਂ ਦਿਸ਼ਾਂ ਨਿਰਦੇਸ਼ ਜਾਰੀ ਕੀਤੇ ਹਨ। ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਦੇਸ਼ ‘ਚ ਹਰ ਤਰਾਂ ਦੀਆਂ ਆਵਾਜਾਈ ਸੇਵਾਵਾਂ ‘ਤੇ ਪਹਿਲਾਂ ਦੀ ਤਰ੍ਹਾਂ ਪਾਬੰਦੀ ਜਾਰੀ ਰਹੇਗੀ। ਦੇਸ਼ ਦੇ ਸਾਰੇ ਰਾਜਾਂ ਦੀਆਂ ਹੱਦਾਂ ਵੀ ਸੀਲ ਰਹਿਣਗੀਆਂ। ਹਾਲਾਂਕਿ ਲੋਕਾਂ ਨੂੰ ਜ਼ਰੂਰੀ ਸੇਵਾਵਾਂ ਲਈ ਬਾਹਰ ਜਾਣ ਦੀ ਆਗਿਆ ਹੋਵੇਗੀ। ਇਸ ਤੋਂ ਇਲਾਵਾ ਖੇਤੀ ਨਾਲ ਜੁੜੇ ਕੰਮਾਂ ਲਈ ਵਿਸ਼ੇਸ਼ ਛੋਟ ਦਿੱਤੀ ਗਈ ਹੈ।

ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕ ਬੱਸ, ਮੈਟਰੋ, ਹਵਾਈ ਤੇ ਰੇਲ ਰਾਹੀਂ ਯਾਤਰਾ ਨਹੀਂ ਕਰ ਸਕਦੇ। ਇਸ ਦੇ ਨਾਲ ਹੀ ਸਕੂਲ, ਕਾਲਜ, ਅਤੇ ਕੋਚਿੰਗ ਸੈਂਟਰ ਵੀ ਪੂਰੀ ਤਰ੍ਹਾਂ ਬੰਦ ਰਹਿਣਗੇ। ਘਰ ਤੋਂ ਬਾਹਰ ਨਿਕਲਣ ਸਮੇਂ ਮੂੰਹ ਢੱਕਣਾ ਲਾਜ਼ਮੀ ਹੋਵੇਗਾ ਨਾਲ ਹੀ ਜਨਤਕ ਥਾਵਾਂ ‘ਤੇ ਥੁੱਕਣ ਵਾਲਿਆਂ ਨੂੰ ਜੁਰਮਾਨਾ ਵੀ ਅਦਾ ਕਰਨਾ ਪਏਗਾ। ਸਿਨੇਮਾ ਹਾਲ, ਸ਼ਾਪਿੰਡ ਮਾਲ, ਸ਼ਾਪਿੰਗ ਕੰਪਲੈਕਸ, ਜਿੰਮ, ਸਪੋਰਟਸ ਕੰਪਲੈਕਸ, ਸਵੀਮਿੰਗ ਪੂਲ ਤੇ  ਸਾਰੇ ਸਮਾਜਿਕ, ਰਾਜਨੀਤਿਕ, ਖੇਡਾਂ, ਧਾਰਮਿਕ ਸਮਾਗਮਾਂ, ਧਾਰਮਿਕ ਸਥਾਨ, ਪ੍ਰਾਰਥਨਾ ਸਥਾਨ 3 ਮਈ ਤੱਕ ਲੋਕਾਂ ਲਈ ਪੂਰੀ ਤਰ੍ਹਾਂ ਬੰਦ ਰਹਿਣਗੇ।

ਦੇਸ਼ ‘ਚ ਹੁਣ ਤੱਕ ਕੋਰੋਨਾ ਮਹਾਮਾਰੀ ਦੇ 11,439 ਮਾਮਲੇ ਸਾਹਮਣੇ ਆ ਚੁੱਕੇ ਹਨ ਤੇ ਵਾਇਰਸ ਨਾਲ 375 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਵਾਇਰਸ ਕਾਰਨ 38 ਮੌਤਾਂ ਹੋ ਚੁੱਕੀਆਂ ਹਨ। ਜਦੋਂ ਕਿ ਇਸ ਸਮੇਂ ਦੌਰਾਨ 1076 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ। ਦੇਸ਼ ‘ਚ 1300 ਤੋਂ ਵੱਧ ਲੋਕ ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ। ਮਹਾਰਾਸ਼ਟਰ ਕੋਰੋਨਾ ਮਹਾਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਮਹਾਂਰਾਸ਼ਟਰ ‘ਚ ਕੋਰੋਨਾ ਦੇ 2,600, ਦਿੱਲੀ ‘ਚ 1560 ਅਤੇ ਤਾਮਿਲਨਾਡੂ ‘ਚ 1205 ਮਾਮਲਿਆਂ ਦੀ ਪੁਸ਼ਟੀ ਹੋ ​​ਚੁੱਕੀ ਹੈ।

ਜ਼ਿਕਰਯੋਗ ਹੈ ਕਿ ਵਿਸ਼ਵ ਪੱਧਰ ‘ਤੇ ਕੋਰੋਨਾ ਨਾਲ ਹੁਣ ਤੱਕ 1 ਲੱਖ 26 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦ ਕਿ 19 ਲੱਖ ਤੋਂ ਵੱਧ ਲੋਕ ਇਸ ਵਾਇਰਸ ਨਾਲ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਹਨ।

- Advertisement -

Share this Article
Leave a comment