ਕੋਵਿਡ-19 : ਦੇਸ਼ ‘ਚ ਪਿਛਲੇ 24 ਘੰਟਿਆਂ ‘ਚ 29 ਮੌਤਾਂ, 1463 ਨਵੇਂ ਮਾਮਲੇ ਆਏ ਸਾਹਮਣੇ

TeamGlobalPunjab
3 Min Read

ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਜਿਸ ਨੂੰ ਵੇਖਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਮਈ ਤੱਕ ਦੇਸ਼ ‘ਚ ਲਾਕਡਾਊਨ ਦੀ ਮਿਆਦ ਨੂੰ ਵਧਾ ਦਿੱਤਾ ਹੈ। ਦੇਸ਼ ‘ਚ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਅਤੇ ਲਾਕਡਾਊਨ ਦੀ ਸਥਿਤੀ ਨੂੰ ਲੈ ਕੇ ਅੱਜ ਸਿਹਤ ਮੰਤਰਾਲੇ, ਵਿੱਤ ਮੰਤਰਾਲੇ ਤੇ ਗ੍ਰਹਿ ਮੰਤਰਾਲੇ ਦੀ ਸੰਯੁਕਤ ਪ੍ਰੈਸ ਕਾਨਫਰੰਸ ਹੋਈ। ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਦੱਸਿਆ ਕਿ ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 1463 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਵਾਇਰਸ ਕਾਰਨ 29 ਲੋਕਾਂ ਦੀ ਮੌਤ ਹੋਈ ਹੈ।

ਸਿਹਤ ਮੰਤਰਾਲੇ ਅਨੁਸਾਰ ਦੇਸ਼ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 10815 ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ‘ਚੋਂ 1190 ਤੋਂ ਵੱਧ ਲੋਕ ਇਲਾਜ ਦੌਰਾਨ ਠੀਕ ਹੋ ਚੁੱਕੇ ਹਨ ਤੇ ਉਨ੍ਹਾਂ ਨੂੰ ਵਾਪਸ ਘਰ ਭੇਜ ਦਿੱਤਾ ਗਿਆ ਹੈ। ਮੰਤਰਾਲੇ ਨੇ ਕਿਹਾ ਕਿ ਕੱਲ (ਸੋਮਵਾਰ) ਨੂੰ ਦੇਸ਼ ‘ਚ ਕੋਰੋਨਾ ਦੇ 1011 ਨਵੇਂ ਮਾਮਲੇ ਸਾਹਮਣੇ ਆਏ ਸਨ। ਉਥੇ ਹੀ ਦੇਸ਼ ‘ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ 353 ਤੱਕ ਪਹੁੰਚ ਗਈ ਹੈ।

ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਕਿਹਾ ਕਿ ਦੇਸ਼ ਵਿਚ ਕੋਰੋਨਾ ਮਹਾਮਾਰੀ ਨਾਲ ਲੜਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਕੋਵਿਡ-19 ਦੇ ਇਲਾਜ ਲਈ 602 ਹਸਪਤਾਲਾਂ ‘ਚ 1,06,719 ਆਈਸੋਲੇਸ਼ਨ ਬੈੱਡ ਅਤੇ ਆਈਸੀਯੂ ਬੈੱਡਾਂ ਦੀ ਵਿਵਸਥਾ ਕੀਤੀ ਗਈ ਹੈ।  ਇਸ ਦੇ ਨਾਲ ਵਿੱਤ ਮੰਤਰਾਲੇ ਦੇ ਰਾਜੇਸ਼ ਮਲਹੋਤਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਗਰੀਬ ਕਲਿਆਣ ਪੈਕੇਜ਼ ਨੂੰ ਤੁਰੰਤ ਲਾਗੂ ਕਰਨ ਲਈ ਉੱਚ ਪੱਧਰ ‘ਤੇ ਨਜ਼ਰਸਾਨੀ ਕੀਤੀ ਜਾ ਰਹੀ ਹੈ। ਕੱਲ੍ਹ ਤੱਕ ਪੈਕੇਜ਼ ਅਧੀਨ 32 ਕਰੋੜ ਤੋਂ ਵੱਧ ਗਰੀਬਾਂ ਨੂੰ 29,352 ਕਰੋੜ ਰੁਪਏ ਦੀ ਸਿੱਧੀ ਨਕਦ ਰਾਸ਼ੀ ਪ੍ਰਦਾਨ ਕੀਤੀ ਗਈ ਸੀ।

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ (ਮੰਗਲਵਾਰ) ਸਵੇਰੇ 10 ਵਜੇ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਰਾਸ਼ਟਰ ਨੂੰ ਸੰਬੋਧਨ ਕੀਤਾ ਸੀ। ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਵਿਰੁੱਧ ਲੜਾਈ ਵਿੱਚ ਸਰਕਾਰ ਦੀ ਮਦਦ ਲਈ ਆਉਣ ਵਾਲੇ ਦਿਨਾਂ ਵਿੱਚ ਸੱਤ ਚੀਜ਼ਾਂ ‘ਤੇ ਲੋਕਾਂ ਤੋਂ ਸਮਰੱਥਨ ਦੀ ਮੰਗ ਕੀਤੀ ਤਾਂ ਜੋ  ਮਹਾਮਾਰੀ ਦਾ ਡਟ ਕੇ ਟਾਕਰਾ ਕੀਤਾ ਜਾ ਸਕੇ। ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਯਮਾਂ ਦੀ ਪਾਲਣ ਕਰਨ ਜਿਸ ਵਿੱਚ ਬਜ਼ੁਰਗਾਂ ਦੀ ਦੇਖਭਾਲ ਕਰਨਾ, ਸਮਾਜਿਕ ਦੂਰੀ ਬਣਾਏ ਰੱਖਣਾ, ਗ਼ਰੀਬਾਂ ਦੀ ਮਦਦ ਕਰਨਾ, ਬਾਹਰ ਜਾਣ ਵੇਲੇ ਉਨ੍ਹਾਂ ਦੇ ਚਿਹਰੇ ਨੂੰ ਢੱਕਣਾ ਆਦਿ ਸ਼ਾਮਲ ਹਨ।

- Advertisement -

Share this Article
Leave a comment