ਕੋਵਿਡ-19 : WHO ਦੀ ਚੇਤਾਵਨੀ, ਦਿੱਲੀ ਸਮੇਤ ਇਨ੍ਹਾਂ ਸੂਬਿਆਂ ‘ਚ ਤਾਲਾਬੰਦੀ ‘ਚ ਨਾ ਦਿੱਤੀ ਜਾਵੇ ਛੋਟ

TeamGlobalPunjab
2 Min Read

ਨਿਊਜ਼ ਡੈਸਕ : ਦੇਸ਼ ‘ਚ ਕੋਰੋਨਾ ਮਹਾਮਾਰੀ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ। ਪਿਛਲੇ ਕੁਝ ਦਿਨਾਂ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ‘ਚ ਤੇਜ਼ੀ ਨਾਲ ਵਾਧਾ ਹੋਇਆ ਹੈ। ਜਿਸ ਦੇ ਮੱਦੇਨਜ਼ਰ ਵਿਸ਼ਵ ਸਿਹਤ ਸੰਗਠਨ ਨੇ ਭਾਰਤ ਨੂੰ ਦਿੱਲੀ ਸਮੇਤ ਸੱਤ ਸੂਬਿਆਂ ਨੂੰ ਤਾਲਾਬੰਦੀ ‘ਚ ਕਿਸੇ ਵੀ ਤਰ੍ਹਾਂ ਦੀ ਛੋਟ ਦੇਣ ਦੀ ਮਨਾਹੀ ਕੀਤੀ ਹੈ। ਇੱਥੇ ਦੱਸ ਦਈਏ ਕਿ ਕੋਰੋਨਾ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੇਸ਼ ‘ਚ 31 ਮਈ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਗਿਆ ਹੈ। ਵਿਸ਼ਵ ਸਿਹਤ ਸੰਗਠਨ ਦਾ ਕਹਿਣਾ ਹੈ ਕਿ ਮਹਾਰਾਸ਼ਟਰ, ਗੁਜਰਾਤ, ਤਾਮਿਲਨਾਡੂ, ਦਿੱਲੀ, ਤੇਲੰਗਾਨਾ, ਚੰਡੀਗੜ੍ਹ ਅਤੇ ਬਿਹਾਰ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿਚ ਤੇਜ਼ੀ ਨਾਲ ਵਾਧਾ ਹੋਣ ਕਾਰਨ ਇਨ੍ਹਾਂ ਸੂਬਿਆਂ ‘ਚ ਅਜੇ ਭਵਿੱਖ ‘ਚ ਤਾਲਾਬੰਦੀ ਜਾਰੀ ਰੱਖਣ ਦੀ ਲੋੜ ਹੈ।

ਹਾਲਾਂਕਿ ਵਿਸ਼ਵ ਸਿਹਤ ਸੰਗਠਨ ਦੀ ਸਲਾਹ ਸਾਰੇ ਸੂਬਿਆਂ ਵਿੱਚ ਲਾਗੂ ਨਹੀਂ ਹੋਵੇਗੀ। ਕਿਉਂਕਿ ਦੇਸ਼ ਦੇ ਬਹੁਤ ਸਾਰੇ ਸੂਬਿਆਂ ਦੇ ਸਿਰਫ ਕੁਝ ਜ਼ਿਲ੍ਹੇ ਕੋਰੋਨਾ ਮਹਾਮਾਰੀ ਨਾਲ ਜ਼ਿਆਦਾ ਪ੍ਰਭਾਵਿਤ ਹਨ। ਜਿਸ ਦੇ ਚੱਲਦਿਆਂ ਹੌਟਸਪੌਟਸ ਵਾਲੇ ਖੇਤਰਾਂ ਵਿੱਚ ਤਾਲਾਬੰਦੀ ਜਾਰੀ ਰਹਿ ਸਕਦੀ ਹੈ। ਦੱਸ ਦਈਏ ਕਿ ਵਿਸ਼ਵ ਸਿਹਤ ਸੰਗਠਨ ਵੱਲੋਂ ਕੋਰੋਨਾ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਮੇਂ-ਸਮੇਂ ‘ਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ।

ਤਾਜਾ ਜਾਣਕਾਰੀ ਅਨੁਸਾਰ ਦੇਸ਼ ‘ਚ ਹੁਣ ਤੱਕ ਕੋਰੋਨਾ ਦੇ 1 ਲੱਖ 25 ਹਜ਼ਾਰ ਤੋਂ ਵੱਧ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 3720 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। 51,784 ਲੋਕ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਵੀ ਹੋ ਚੁੱਕੇ ਹਨ। ਜਦੋਂ ਕਿ ਵਿਸ਼ਵ ਪੱਧਰ ‘ਤੇ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 3 ਲੱਖ 43 ਹਜ਼ਾਰ ਤੋਂ ਪਾਰ ਚਲਾ ਗਿਆ ਹੈ ਅਤੇ 53 ਲੱਖ ਤੋਂ ਵੱਧ ਲੋਕ ਕੋਰੋਨਾ ਮਹਾਮਾਰੀ ਦੀ ਲਪੇਟ ‘ਚ ਹਨ।

Share this Article
Leave a comment