ਚੰਡੀਗੜ੍ਹ: ਪੰਜਾਬ ‘ਚ ਇਸ ਵਾਰ ਦੀਵਾਲੀ, ਗੁਰਪੁਰਬ ਅਤੇ ਕ੍ਰਿਸਮਿਸ ‘ਤੇ ਲੋਕ ਸਿਰਫ ਗਰੀਨ ਪਟਾਕੇ ਹੀ ਚਲਾ ਸਕਣਗੇ। ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਹਵਾ ਪ੍ਰਦੂਸ਼ਣ ਦੀ ਰੋਕਥਾਮ ਅਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।
ਸੂਬੇ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸੂਬਾ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਤਿਉਹਾਰਾਂ ਵਿੱਚ ਆਮ ਤੌਰ ‘ਤੇ ਪਟਾਕਿਆਂ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਨਾਲ ਬਜ਼ੁਰਗਾਂ ਸਮੇਤ ਸਾਹ ਦੀ ਬੀਮਾਰੀ ਨਾਲ ਪੀੜਤ ਮਰੀਜ਼ਾਂ ਦੀ ਸਿਹਤ ‘ਤੇ ਮਾੜਾ ਪ੍ਰਭਾਵ ਪੈ ਸਕਦਾ ਹੈ।
ਪਬੰਦੀਆਂ ਅਤੇ ਨਿਯਮ ਲਾਗੂ
ਬੁਲਾਰੇ ਨੇ ਭਾਰਤ ਦੀ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਦਾ ਹਵਾਲਾ ਦਿੱਤਾ, ਜੋ ਪਟਾਕਿਆਂ ਦੀ ਵਰਤੋਂ ਬਾਰੇ ਸੂਬਾ ਸਰਕਾਰ ਵੱਲੋਂ ਪਾਲਣਾ ਕਰਨਾ ਯਕੀਨੀ ਬਣਾਉਣ ਲਈ ਸਮੇਂ-ਸਮੇਂ ‘ਤੇ ਜਾਰੀ ਕੀਤੇ ਜਾਂਦੇ ਹਨ। ਇਨ੍ਹਾਂ ਹੁਕਮਾਂ ਦੇ ਅਨੁਸਾਰ, ਵਾਤਾਵਰਣ (ਸੁਰੱਖਿਆ) ਐਕਟ, 1986 ਦੀ ਧਾਰਾ 5 ਅਧੀਨ ਕੇਂਦਰ ਸਰਕਾਰ ਦੁਆਰਾ ਸੌਂਪੀਆਂ ਗਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਪੰਜਾਬ ਸਰਕਾਰ ਸੂਬੇ ਭਰ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਮਨਾਹੀ, ਪਬੰਦੀਆਂ ਅਤੇ ਨਿਯਮਾਂ ਨੂੰ ਲਾਗੂ ਕਰਦੀ ਹੈ।
ਇਸ ਦੇ ਨਾਲ ਹੀ ਫਲਿੱਪਕਾਰਟ ਅਤੇ ਅਮੇਜ਼ਨ ਸਮੇਤ ਈ-ਕਾਮਰਸ ਪਲੇਟਫਾਰਮ ‘ਤੇ ਪਟਾਕਿਆਂ ਦੀ ਵਿਕਰੀ ਨਹੀਂ ਹੋਵੇਗੀ। ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਟਾਕਿਆਂ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪਟਾਕੇ ਨਿਰਧਾਰਿਤ ਥਾਵਾਂ ‘ਤੇ ਹੀ ਵੇਚੇ ਜਾਣਗੇ।
ਸੂਬਾ ਸਰਕਾਰ ਨੇ ਤਿਉਹਾਰਾਂ ਦੌਰਾਨ ਪਟਾਕਿਆਂ ਦੀ ਵਰਤੋਂ ਲਈ ਸੀਮਤ ਸਮਾਂ ਸੀਮਾ ਤੈਅ ਕੀਤੀ ਹੈ। ਦੀਵਾਲੀ (31 ਅਕਤੂਬਰ, 2024) ਨੂੰ ਰਾਤ 8:00 ਵਜੇ ਤੋਂ ਰਾਤ 10:00 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਗੁਰਪੁਰਬ (ਨਵੰਬਰ 15, 2024) ਨੂੰ ਸਵੇਰੇ 4:00 ਵਜੇ ਤੋਂ ਸਵੇਰੇ 5:00 ਵਜੇ ਅਤੇ ਰਾਤ 9:00 ਤੋਂ ਰਾਤ 10:00 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਇਸੇ ਤਰ੍ਹਾਂ ਕ੍ਰਿਸਮਸ ਦੀ ਸ਼ਾਮ (25-26 ਦਸੰਬਰ, 2024) ਅਤੇ ਨਵੇਂ ਸਾਲ ਤੋਂ ਪਹਿਲੀ ਰਾਤ (31 ਦਸੰਬਰ, 2024 – 1 ਜਨਵਰੀ, 2025) ਨੂੰ 11:55 ਵਜੇ ਤੋਂ 12:30 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।