ਪਠਾਨਕੋਟ: ਇੱਥੇ ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ ‘ਤੇ ਹੋਏ ਹਮਲੇ ‘ਚ ਪੰਜਾਬ ਪੁਲਿਸ ਨੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਦਾ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਹੈ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਲੁੱਟ-ਖੋਹ ਗਿਰੋਹ ਦੇ ਤਿੰਨ ਮੈਂਬਰਾਂ ਦੀ ਨਿਸ਼ਾਨਦੇਹੀ ‘ਤੇ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਗ੍ਰਿਫਤਾਰ ਕੀਤਾ ਜਾਵੇਗਾ। ਡੀਜੀਪੀ ਨੇ ਕਿਹਾ ਕਿ 11 ਹੋਰ ਮੁਲਜ਼ਮਾਂ ਨੂੰ ਹਾਲੇ ਤੱਕ ਗ੍ਰਿਫਤਾਰ ਕਰਨਾ ਹੈ।
19-20 ਅਗਸਤ ਦੀ ਰਾਤ ਨੂੰ ਪਠਾਨਕੋਟ ਦੇ ਥਰਿਆਲ ਪਿੰਡ ਵਿੱਚ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ ‘ਤੇ ਜਾਨਲੇਵਾ ਹਮਲਾ ਕੀਤਾ ਗਿਆ ਸੀ। ਜਿਸ ਵਿੱਚ ਰੈਨਾ ਦੇ ਫੁੱਫੜ ਅਸ਼ੋਕ ਕੁਮਾਰ ਜੋ ਠੇਕੇਦਾਰ ਸੀ ਉਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਸੁਰੇਸ਼ ਰੈਨਾ ਦੇ ਭਰਾ ਕੋਸ਼ਲ ਕੁਮਾਰ ਨੇ 31 ਅਗਸਤ ਨੂੰ ਦਮ ਤੋੜ ਦਿੱਤਾ ਸੀ, ਜਦਕਿ ਰੈਨਾ ਦੀ ਭੂਆ ਕੌਮਾਂ ਵਿੱਚ ਚੱਲ ਗਈ।
ਪਰਿਵਾਰ ਦੀ ਅਜਿਹੀ ਹਾਲਤ ਦੇਖ ਕੇ ਸੁਰੇਸ਼ ਰੈਨਾ ਨੇ ਟਵੀਟ ਕਰਕੇ ਪੰਜਾਬ ਪੁਲੀਸ ਨੂੰ ਮਾਮਲੇ ਦੀ ਜਾਂਚ ਕਰਨ ਦੀ ਅਪੀਲ ਕੀਤੀ ਸੀ। ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਹੁਕਮ ਦਿੱਤੇ ਅਤੇ ਐੱਸਆਈਟੀ ਦਾ ਗਠਨ ਕੀਤਾ।