ADGP ਸਾਈਬਰ ਕ੍ਰਾਈਮ ਨੇ ਪ੍ਰਮੁੱਖ ਬੈਂਕਾਂ ਨਾਲ ਕੀਤੀ ਮੀਟਿੰਗ, ਹੈਲਪਲਾਈਨ 1930 ਬਾਰੇ ਜਾਗਰੂਕਤਾ ਫੈਲਾਉਣ ਲਈ ਸਹਿਯੋਗ ਦੀ ਕੀਤੀ ਮੰਗ

Rajneet Kaur
3 Min Read

ਨਿਊਜ਼ ਡੈਸਕ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸਾਈਬਰ ਵਿੱਤੀ ਧੋਖਾਧੜੀ ਨੂੰ ਰੋਕਣ ਲਈ ਪੁਲਿਸ ਤੇ ਬੈਂਕ ਅਧਿਕਾਰੀਆਂ ਦਰਮਿਆਨ ਤਾਲਮੇਲ ਵਧਾਉਣ ਵਾਸਤੇ, ਪੰਜਾਬ ਪੁਲਿਸ ਦੀ ਸਾਈਬਰ ਕਰਾਈਮ ਡਵੀਜ਼ਨ ਨੇ 1930 ਸਾਈਬਰ ਹੈਲਪਲਾਈਨ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਬੈਂਕਾਂ ਨੂੰ ਵੱਖਰੇ ਨੋਡਲ ਅਫ਼ਸਰ ਨਿਯੁਕਤ ਕਰਨ ਲਈ ਕਿਹਾ ਹੈ ਤਾਂ ਜੋ ਬੈਂਕ ਖਾਤਿਆਂ ਨੂੰ ਪਹਿਲ ਦੇ ਆਧਾਰ ‘ਤੇ ਬਲਾਕ ਕਰਨਾ ਅਤੇ ਸ਼ੱਕੀ ਬੈਂਕ ਖਾਤਿਆਂ ਦੇ ਵੇਰਵੇ ਸਮੇਂ ਸਿਰ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ।

ਇਹ ਫੈਸਲਾ ਏਡੀਜੀਪੀ ਸਾਈਬਰ ਕ੍ਰਾਈਮ ਵੀ. ਨੀਰਜਾ ਵੱਲੋਂ ਸੀ.ਐਫ.ਸੀ.ਐਫ.ਆਰ.ਐਮ.ਐਸ. ਪੋਰਟਲ ‘ਤੇ ਦਰਜ ਸ਼ਿਕਾਇਤਾਂ ਸਬੰਧੀ ਬੈਂਕਾਂ ਵੱਲੋਂ ਜਵਾਬ ਦੇਣ ਦੇ ਸਮੇਂ ਨੂੰ ਘਟਾਉਣ ਲਈ ਵੱਖ-ਵੱਖ ਬੈਂਕਾਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਤਾਲਮੇਲ ਮੀਟਿੰਗ ਦੌਰਾਨ ਲਿਆ ਗਿਆ।

ਇਹ ਮੀਟਿੰਗ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕਰਵਾਈ ਗਈ ਸੀ, ਜਿਸ ਵਿੱਚ ਸਟੇਟ ਬੈਂਕ ਆਫ਼ ਇੰਡੀਆ, ਐਚ.ਡੀ.ਐਫ.ਸੀ. ਬੈਂਕ, ਆਈ.ਸੀ.ਆਈ.ਸੀ.ਆਈ. ਬੈਂਕ, ਪੰਜਾਬ ਨੈਸ਼ਨਲ ਬੈਂਕ, ਐਕਸਿਸ ਬੈਂਕ, ਆਰ.ਬੀ.ਐਲ. ਬੈਂਕ, ਯੂਨੀਅਨ ਬੈਂਕ ਆਫ ਇੰਡੀਆ, ਬੈਂਕ ਆਫ ਬੜੌਦਾ, ਯੈੱਸ ਬੈਂਕ, ਇੰਡੀਅਨ ਬੈਂਕ ਅਤੇ ਆਈ.ਡੀ.ਐਫ.ਸੀ. ਫਸਟ ਬੈਂਕ ਸਮੇਤ 11 ਪ੍ਰਮੁੱਖ ਬੈਂਕਾਂ ਦੇ 17 ਅਧਿਕਾਰੀਆਂ ਨੇ ਭਾਗ ਲਿਆ। ਮੀਟਿੰਗ ਵਿੱਚ ਡੀਆਈਜੀ ਸਾਈਬਰ ਕਰਾਈਮ ਨੀਲਾਂਬਰੀ ਜਗਦਲੇ ਅਤੇ ਡੀਐਸਪੀ ਸਾਈਬਰ ਕਰਾਈਮ ਪ੍ਰਭਜੋਤ ਕੌਰ ਵੀ ਹਾਜ਼ਰ ਸਨ।

ਏਡੀਜੀਪੀ ਵੀ. ਨੀਰਜਾ ਨੇ ਕਿਹਾ ਕਿ ਸਾਈਬਰ ਹੈਲਪਲਾਈਨ 1930 ਇੱਕ ਸਿਟੀਜ਼ਨ ਫਾਈਨੈਂਸ਼ੀਅਲ ਸਾਈਬਰ ਫਰਾਡ ਰਿਪੋਰਟਿੰਗ ਐਂਡ ਮੈਨੇਜਮੈਂਟ ਸਿਸਟਮ (ਸੀਐਫਸੀਐਫਆਰਐਮਐਸ) ਹੈ, ਜਿਸ ਦੀ ਮਦਦ ਨਾਲ ਸਾਈਬਰ ਵਿੱਤੀ ਧੋਖਾਧੜੀ ਦੇ ਪੀੜਤਾਂ ਵੱਲੋਂ ਇਸ ਹੈਲਪਲਾਈਨ ‘ਤੇ ਸ਼ਿਕਾਇਤ ਦਰਜ ਹੋਣ ਤੋਂ ਤੁਰੰਤ ਬਾਅਦ ਮੁਲਜ਼ਮਾਂ/ਸ਼ੱਕੀ ਵਿਅਕਤੀਆਂ ਦੇ ਖਾਤਿਆਂ ਵਿੱਚ ਪੀੜਤਾਂ ਵੱਲੋਂ ਜਮ੍ਹਾ ਕਰਵਾਏ ਪੈਸਿਆਂ ਨੂੰ ਫਰੀਜ਼ ਕਰ ਦਿੱਤਾ ਜਾਂਦਾ ਹੈ।

- Advertisement -

ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਸਾਈਬਰ ਵਿੱਤੀ ਧੋਖਾਧੜੀ ਨਾਲ ਨਜਿੱਠਣ ਲਈ ਦਰਪੇਸ਼ ਚੁਣੌਤੀਆਂ ਅਤੇ ਸਾਈਬਰ ਕਰਾਈਮ ਹੈਲਪਲਾਈਨ 1930 ਰਾਹੀਂ ਦਰਜ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ।

ਉਨ੍ਹਾਂ ਕਿਹਾ ਕਿ ਬੈਂਕਾਂ ਨੂੰ ਸਾਈਬਰ ਵਿੱਤੀ ਧੋਖਾਧੜੀ ਬਾਰੇ ਜਾਗਰੂਕਤਾ ਮੁਹਿੰਮ ਚਲਾਉਣ ਦੀ ਅਪੀਲ ਕੀਤੀ ਗਈ ਤਾਂ ਜੋ ਲੋਕਾਂ ਨੂੰ 1930 ਹੈਲਪਲਾਈਨ ਨੰਬਰ ‘ਤੇ ਅਜਿਹੀਆਂ ਸਾਈਬਰ ਧੋਖਾਧੜੀਆਂ ਦੀ ਰਿਪੋਰਟ ਕਰਨ ਬਾਰੇ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਬੈਂਕਾਂ ਨੂੰ 1930 ਹੈਲਪਲਾਈਨ ਨੰਬਰ ਨੂੰ ਬੈਂਕਾਂ ਦੇ ਅੰਦਰ ਤੇ ਬਾਹਰ ਫਲੈਕਸ ਬੋਰਡਾਂ ਜਾਂ ਪੋਸਟਰਾਂ ‘ਤੇ ਪ੍ਰਦਰਸ਼ਿਤ ਕਰਨ ਦੇ ਨਾਲ-ਨਾਲ ਆਪਣੀਆਂ ਅਧਿਕਾਰਤ ਵੈੱਬਸਾਈਟਾਂ ‘ਤੇ ਦਰਸਾਉਣ ਲਈ ਵੀ ਕਿਹਾ ਗਿਆ ਹੈ।

Share this Article
Leave a comment