ਨਵੀਂ ਦਿੱਲੀ: ਕੇਂਦਰੀ ਮੰਤਰੀ ਅਤੇ ਰਿਪਬਲਿਕਨ ਪਾਰਟੀ ਆਫ ਇੰਡੀਆ ਦੇ ਨੇਤਾ ਰਾਮਦਾਸ ਆਠਵਲੇ ਨੇ ਕਾਂਗਰਸ ਦੇ ਸੰਸਦ ਮੈਂਬਰ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਰਾਖਵੇਂਕਰਨ ਨੂੰ ਲੈ ਕੇ ਦਿੱਤੇ ਗਏ ਬਿਆਨ ‘ਤੇ ਸ਼ੁੱਕਰਵਾਰ ਨੂੰ ਧਰਮਸ਼ਾਲਾ ‘ਚ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਐਲਾਨ ਕੀਤਾ ਕਿ ਰਾਖਵੇਂਕਰਨ ਸਬੰਧੀ ਰਾਹੁਲ ਗਾਂਧੀ ਦੇ ਬਿਆਨ ਖ਼ਿਲਾਫ਼ ਦਲਿਤ ਭਾਈਚਾਰੇ ਵੱਲੋਂ ਜੁੱਤੀਆਂ ਮਾਰੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
ਹਾਲ ਹੀ ‘ਚ ਅਮਰੀਕਾ ਦੀ ਜਾਰਜਟਾਊਨ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਰਾਹੁਲ ਗਾਂਧੀ ਨੇ ਰਿਜ਼ਰਵੇਸ਼ਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਕਾਂਗਰਸ ਉਦੋਂ ਹੀ ਰਾਖਵਾਂਕਰਨ ਖ਼ਤਮ ਕਰਨ ਬਾਰੇ ਸੋਚੇਗੀ ਜਦੋਂ ਦੇਸ਼ ਦੇ ਸਾਰੇ ਲੋਕਾਂ ਨੂੰ ਬਰਾਬਰ ਮੌਕੇ ਮਿਲਣੇ ਸ਼ੁਰੂ ਹੋ ਜਾਣਗੇ, ਹਾਲਾਂਕਿ ਭਾਰਤ ਵਿੱਚ ਅਜਿਹੀ ਸਥਿਤੀ ਨਹੀਂ ਹੈ।
ਕੇਂਦਰੀ ਸਮਾਜਿਕ ਨਿਆਂ ਰਾਜ ਮੰਤਰੀ ਰਾਮਦਾਸ ਆਠਵਲੇ ਨੇ ਭਾਰਤ ਵਿੱਚ ਰਾਖਵੇਂਕਰਨ ਦੇ ਸੰਭਾਵੀ ਅੰਤ ਨੂੰ ਲੈ ਕੇ ਅਮਰੀਕਾ ਵਿੱਚ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਤਾਜ਼ਾ ਬਿਆਨ ਦੀ ਸਖ਼ਤ ਨਿੰਦਾ ਕੀਤੀ ਹੈ।
ਰਿਜ਼ਰਵੇਸ਼ਨ ਨੂੰ ਰੱਦ ਨਹੀਂ ਕੀਤਾ ਜਾ ਸਕਦਾ
- Advertisement -
ਆਠਵਲੇ ਨੇ ਜ਼ੋਰ ਦੇ ਕੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਵਲੋਂ ਦਲਿਤਾਂ, ਆਦਿਵਾਸੀਆਂ, ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਵਾਲੇ ਭਾਈਚਾਰਿਆਂ ਲਈ ਪ੍ਰਦਾਨ ਕੀਤਾ ਰਾਖਵਾਂਕਰਨ ਸੰਵਿਧਾਨ ਵਿੱਚ ਦਰਜ ਹੈ ਅਤੇ ਇਸਨੂੰ ਖਤਮ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਦੋਂ ਤੱਕ ਸੂਰਜ ਅਤੇ ਚੰਦਰਮਾ ਮੌਜੂਦ ਹਨ, ਭਾਰਤ ਦਾ ਸੰਵਿਧਾਨ ਅਤੇ ਰਾਖਵੇਂਕਰਨ ਦੀ ਗਰੰਟੀ ਵੀ ਕਾਇਮ ਰਹੇਗੀ।
ਰਾਹੁਲ ਗਾਂਧੀ ਦੀਆਂ ਟਿੱਪਣੀਆਂ ਦੇ ਜਵਾਬ ਵਿੱਚ ਆਠਵਲੇ ਨੇ ਐਲਾਨ ਕੀਤਾ ਕਿ ਰਿਪਬਲਿਕਨ ਪਾਰਟੀ ਵੱਲੋਂ ਰਾਜ ਵਿਆਪੀ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਪਾਰਟੀ ਦੇ ਮੁੰਬਈ ਪ੍ਰਧਾਨ ਸਿਧਾਰਥ ਕਾਸਾਰੇ ਨੇ ਸੰਕੇਤ ਦਿੱਤਾ ਕਿ ਰਾਹੁਲ ਗਾਂਧੀ ਦੇ ਵਿਵਾਦਿਤ ਬਿਆਨਾਂ ਦੇ ਖਿਲਾਫ 13 ਸਤੰਬਰ ਨੂੰ ਮੁੰਬਈ ਦੇ ਆਜ਼ਾਦ ਮੈਦਾਨ ‘ਚ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੇ ਬਿਆਨ ਖ਼ਿਲਾਫ਼ ਦਲਿਤ ਭਾਈਚਾਰੇ ਵੱਲੋਂ ਜੁੱਤੀਆਂ ਮਾਰੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ।