ਚੰਡੀਗੜ੍ਹ: ਵਿਧਾਨਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਸੂਬੇ ਵਿੱਚ ਰੈਲੀਆਂ ਤੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਬੀਤੇ ਦਿਨੀਂ ਨਵਜੋਤ ਸਿੱਧੂ ਵੱਲੋਂ ਪੁਲਿਸ ਨੂੰ ਲੈ ਕੇ ਇੱਕ ਰੈਲੀ ਵਿੱਚ ਦਿੱਤੇ ਬਿਆਨ ਦੀ ਸਿਆਸੀ ਹਲਕਿਆਂ ‘ਚ ਨਿਖੇਧੀ ਹੋ ਰਹੀ ਹੈ।
ਇਸ ਸਬੰਧੀ ਅਕਾਲੀ ਦਲ ਦੇ ਸੀਨੀਅਰ ਬੁਲਾਰੇ ਦਲਜੀਤ ਚੀਮਾ ਨੇ ਬੋਲਦਿਆਂ ਕਿਹਾ ਕਿ, ‘ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਪੁਲਿਸ ਅਫਸਰਾਂ ਖਿਲਾਫ ਲਗਾਤਾਰ ਭੱਦੀ ਸ਼ਬਦਾਵਲੀ ਵਰਤੀ ਜਾ ਰਹੀ ਹੈ ਪਰ ਮੁੱਖ ਮੰਤਰੀ ਚੰਨੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਇਸ ‘ਤੇ ਮੂਕ ਦਰਸ਼ਕ ਬਣ ਕੇ ਬੈਠੇ ਹਨ।’
ਉਨ੍ਹਾਂ ਕਿਹਾ, ‘ਇਸ ਮਾਮਲੇ ਵਿਚ ਪਹਿਲਾਂ ਇਕ ਡੀਐਸਪੀ ਨੂੰ ਬੋਲਣਾ ਪਿਆ ਤੇ ਹੁਣ ਐਸਆਈ ਨੂੰ ਬੋਲਣਾ ਪਿਆ ਹੈ। ਵਰਦੀ ਵਿਚ ਹੁੰਦਿਆਂ ਇਕ ਸ਼ਕਤੀਸ਼ਾਲੀ ਬੰਦੇ ਖਿਲਾਫ ਬੋਲਣਾ ਬਹੁਤ ਔਖਾ ਹੁੰਦਾ ਹੈ। ਪੁਲਿਸ ਅਧਿਕਾਰੀਆਂ ਦੇ ਬਿਆਨਾਂ ਤੋਂ ਉਹਨਾਂ ਦੇ ਅੰਦਰਲੇ ਗੁੱਸੇ ਤੇ ਮਾਨਸਿਕ ਅਵਸਥਾ ਸਮਝਣੀ ਚਾਹੀਦੀ ਹੈ।’
ਚੀਮਾ ਨੇ ਕਿਹਾ,’ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਆਪਣੇ ਕਾਂਗਰਸ ਦੇ ਆਗੂ ਨੂੰ ਸਮਝਾਉਣ ਕਿ ਵਰਦੀਧਾਰੀ ਪੁਲਿਸ ਦੇ ਖਿਲਾਫ ਬਿਆਨਬਾਜ਼ੀ ਤੇ ਮਨੋਬਲ ਡੇਗਣ ਵਾਲੀਆਂ ਟਿੱਪਣੀਆਂ ਤੋਂ ਗੁਰੇਜ਼ ਕੀਤਾ ਜਾਵੇ ਅਤੇ ਜੋ ਪਹਿਲਾਂ ਟਿੱਪਣੀਆਂ ਕੀਤੀਆਂ ਹਨ, ਉਹ ਵਾਪਸ ਲੈ ਕੇ ਪੁਲਿਸ ਕੋਲੋਂ ਮੁਆਫੀ ਮੰਗਣੀ ਚਾਹੀਦੀ ਹੈ ਤਾਂ ਜੋ ਪੁਲਿਸ ਦਾ ਮਨੋਬਲ ਤੇ ਵਰਦੀ ਦੀ ਇੱਜ਼ਤ ਕਾਇਮ ਰਹੇ।’
ਦੱਸਣਯੋਗ ਹੈ ਕਿ ਸਿੱਧੂ ਵੱਲੋਂ ਸਟੇਜ ਤੋਂ ਕਾਂਗਰਸ ਵਿਧਾਇਕ ਨਵਤੇਜ ਸਿੰਘ ਚੀਮਾ ਹੱਕ ਵਿੱਚ ਰੈਲੀ ਕਰਦੇ ਹੋਏ ਉਨ੍ਹਾਂ ਦੇ ਮੋਢੇ ’ਤੇ ਹੱਥ ਰੱਖ ਕੇ ਕਿਹਾ ਗਿਆ ਸੀ ਕਿ ਪੀਲੀ ਜੈਕਟ ਵਾਲਾ ਮੁੰਡਾ ਗਾਡਰ ਵਰਗਾ, ਖੰਘੂਰਾ ਮਾਰ ਕੇ ਥਾਣੇਦਾਰ ਦੀ ਪੈਂਟ ਗਿੱਲੀ ਕਰ ਦਿੰਦਾ ਹੈ। ਸਿੱਧੂ ਦੇ ਇਸ ਬਿਆਨ ਦੀ ਜਿੱਥੇ ਵਿਰੋਧੀਆਂ ਵੱਲੋਂ ਨਿਖੇਧੀ ਕੀਤੀ ਜਾ ਰਹੀ ਹੈ ਉੱਥੇ ਹੀ ਹੁਣ ਪੁਲਿਸ ਵਰਗ ਵੀ ਸਾਹਮਣੇ ਆਉਣ ਲੱਗਿਆ ਹੈ।