ਚੰਡੀਗੜ੍ਹ: 13 ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੀ ਆਗਾਮੀ ਰਣਨੀਤੀ ਦੇ ਹਿੱਸੇ ਵੱਜੋਂ ਅੰਦੋਲਨ ਨੂੰ ਹੋਰ ਤੇਜ਼ ਕਰਦੇ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਅੱਜ 26 ਨਵੰਬਰ ਤੋਂ ਖਨੌਰੀ ਬਾਰਡਰ ਵਿੱਚ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਦੇਸ਼ ਭਰ ਤੋਂ ਕਿਸਾਨ ਆਗੂ ਖਨੌਰੀ ਸਰਹੱਦ ‘ਤੇ ਹਾਜ਼ਰ ਹੋਣਗੇ ਤੇ ਕਿਸਾਨਾਂ ਦੇ ਵੱਡੇ ਜੱਥੇ ਖਨੌਰੀ ਬਾਰਡਰ ਉੱਪਰ ਲਗਾਤਾਰ ਪਹੁੰਚ ਰਹੇ ਹਨ। ਇਸ ਦੌਰਾਨ ਡੱਲੇਵਾਲ ਨੇ ਆਪਣੀ ਸਾਰੀ ਜਾਇਦਾਦ ਆਪਣੇ ਪਰਿਵਾਰਕ ਮੈਬਰਾਂ ਦੇ ਨਾਮ ਕਰ ਦਿੱਤੀ ਹੈ ਅਤੇ ਕਿਹਾ ਕਿ ਮੈ ਵਿਖਾਵੇ ਲਈ ਮਰਨ ਵਰਤ ਸ਼ੁਰੂ ਨਹੀ ਕਰ ਰਿਹਾ, ਮੇਰਾ ਟੀਚਾ ਪੱਕਾ ਹੈ।
ਦਰਅਸਲ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ 13 ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੀ ਆਗਾਮੀ ਰਣਨੀਤੀ ਤਹਿਤ ਆਪਣੀ ਸਾਰੀ ਜ਼ਮੀਨ ਅਤੇ ਜਾਇਦਾਦ ਆਪਣੇ ਪਰਿਵਾਰਕ ਮੈਂਬਰਾਂ (ਪੁੱਤਰ, ਨੂੰਹ, ਪੋਤਰੇ) ਦੇ ਨਾਂ ਕਰਵਾ ਦਿੱਤੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਫਰੀਦਕੋਟ ਪਹੁੰਚ ਕੇ ਆਪਣੀ ਸਾਰੀ ਜ਼ਮੀਨ ਅਤੇ ਜਾਇਦਾਦ ਆਪਣੇ ਪਰਿਵਾਰਕ ਮੈਂਬਰਾਂ (ਪੁੱਤਰ, ਨੂੰਹ, ਪੋਤਰੇ) ਦੇ ਨਾਂ ਕਰਵਾ ਦਿੱਤੀ। ਉਨ੍ਹਾਂ ਕਿਹਾ ਕਿ ਜਾਂ ਤਾਂ ਉਹ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਵਾ ਕੇ ਆਪਣੇ ਪਿੰਡ ਪਰਤਣਗੇ ਜਾਂ ਫਿਰ ਉਨ੍ਹਾਂ ਦੀ ਮ੍ਰਿਤਕ ਦੇਹ ਪਿੰਡ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਾਦਤ ਮਗਰੋਂ ਉਨ੍ਹਾਂ ਦੀ ਮ੍ਰਿਤਕ ਦੇਹ ਸਰਕਾਰ ਵੱਲੋਂ ਲਿਖਤੀ ਰੂਪ ਵਿਚ ਮੰਨੀਆਂ ਮੰਗਾਂ ਲਾਗੂ ਕੀਤੇ ਜਾਣ ਤੱਕ ਬਾਰਡਰ ’ਤੇ ਹੀ ਰੱਖੀ ਜਾਵੇਗੀ। ਜੇਕਰ ਸਰਕਾਰ ਨੇ ਕੀਤੇ ਗਏ ਵਾਅਦਿਆਂ ਨੂੰ ਲਾਗੂ ਨਹੀਂ ਕੀਤਾ ਤਾਂ ਉਨ੍ਹਾਂ ਦੀ ਸ਼ਹਾਦਤ ਤੋਂ ਬਾਅਦ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਮਰਨ ਵਰਤ ਉਪਰ ਬੈਠਣਗੇ।