ਖਨੌਰੀ ਸਰਹੱਦ ‘ਤੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 15ਵਾਂ ਦਿਨ ਹੈ। ਜਿਸ ਨੂੰ ਦੇਖਦੇ ਅੱਜ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਖਨੌਰੀ ਸਰਹੱਦ ‘ਤੇ ਅੱਜ ਚੁੱਲ੍ਹਾ ਨਹੀਂ ਬਾਲਿਆ ਜਾਵੇਗਾ। ਯਾਨੀ ਮੋਰਚੇ ‘ਤੇ ਅੱਜ ਲੰਗਰ ਨਹੀਂ ਬਣਾਇਆ ਜਾਵੇਗਾ। ਨੇੜਲੇ ਪਿੰਡਾਂ ਦੇ ਲੋਕਾਂ ਨੂੰ ਵੀ ਲੰਗਰ ਅੱਗੇ ਨਾ ਲਿਆਉਣ ਲਈ ਕਿਹਾ ਗਿਆ ਹੈ। ਅੱਜ ਦੀ ਮੀਟਿੰਗ ਤੋਂ ਬਾਅਦ ਦਿੱਲੀ ਮਾਰਚ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਇਸ ਸਬੰਧੀ ਕਿਸਾਨ ਸ਼ਾਮ ਨੂੰ ਸ਼ੰਭੂ ਸਰਹੱਦ ‘ਤੇ ਪ੍ਰੈੱਸ ਕਾਨਫਰੰਸ ਕਰਨਗੇ।
ਕਿਸਾਨ ਆਗੂ ਸਰਵਨ ਪੰਧੇਰ ਅਤੇ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਡੱਲੇਵਾਲ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਦਾ ਮਰਨ ਵਰਤ 15ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਡੱਲੇਵਾਲ ਨੂੰ ਸਟੇਜ ‘ਤੇ ਆਉਣ ‘ਚ ਵੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੁਰਦੇ ਅਤੇ ਜਿਗਰ ਪ੍ਰਭਾਵਿਤ ਹੋ ਰਹੇ ਹਨ।
ਮੈਡੀਕਲ ਬੁਲੇਟਿਨ ਜਾਰੀ ਕਰਦੇ ਹੋਏ ਡਾਕਟਰਾਂ ਨੇ ਦੱਸਿਆ ਕਿ ਉਸਦਾ ਬਲੱਡ ਪ੍ਰੈਸ਼ਰ 124/95, ਸ਼ੂਗਰ 93, ਨਬਜ਼ ਰੇਟ 87 ਹੈ। ਭਾਰ 11 ਕਿਲੋ ਘਟਿਆ ਹੈ।
ਬਾਰਡਰ ਖੋਲ੍ਹਣ ਦਾ ਮਾਮਲਾ ਹੁਣ ਮੁੜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਇੱਕ ਜਨਹਿਤ ਪਟੀਸ਼ਨ ਵਿੱਚ ਪੰਜਾਬ, ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਧਿਰ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਕੱਲ੍ਹ ਸੁਪਰੀਮ ਕੋਰਟ ਨੇ ਵੀ ਅਜਿਹੀ ਹੀ ਇੱਕ ਪਟੀਸ਼ਨ ਰੱਦ ਕਰ ਦਿੱਤੀ ਸੀ। ਹਾਈ ਕੋਰਟ ਪਹਿਲਾਂ ਹੀ ਸਰਹੱਦ ਖੋਲ੍ਹਣ ਦੇ ਹੁਕਮ ਦੇ ਚੁੱਕੀ ਹੈ ਪਰ ਹਰਿਆਣਾ ਸਰਕਾਰ ਦੇ ਸੁਪਰੀਮ ਕੋਰਟ ਜਾਣ ਤੋਂ ਬਾਅਦ ਇਸ ਨੂੰ ਰੋਕ ਦਿੱਤਾ ਗਿਆ ਸੀ।