ਜਗਤਾਰ ਸਿੰਘ ਸਿੱਧੂ;
ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਵਲੋਂ ਬੀਤੀ ਰਾਤ ਮਰਨ ਵਰਤ ਸ਼ੁਰੂ ਕਰਨ ਦੇ ਮੌਕੇ ‘ਤੇ ਪੰਜਾਬ ਪੁਲੀਸ ਵੱਲੋਂ ਡੱਲੇਵਾਲ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਪਰ ਇਸ ਦੇ ਨਾਲ ਹੀ ਕਿਸਾਨ ਅਤੇ ਸਰਕਾਰ ਇਕ ਦੂਜੇ ਦੇ ਆਹਮੋ ਸਾਹਮਣੇ ਆ ਗਏ ਹਨ। ਬੇਸ਼ੱਕ ਸਰਕਾਰ ਦਾਅਵਾ ਕਰ ਰਹੀ ਹੈ ਕਿ ਡੱਲੇਵਾਲ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਉਨਾਂ ਨੂੰ ਲੁਧਿਆਣਾ ਦੇ ਹਸਪਤਾਲ ਰੱਖਿਆ ਹੋਇਆ ਹੈ।
ਸੰਯੁਕਤ ਕਿਸਾਨ ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਆਪਣੇ ਸਾਥੀਆਂ ਦੀ ਹਾਜ਼ਰੀ ਵਿੱਚ ਦੂਜੇ ਕਿਸਾਨ ਆਗੂ ਸੁਖਜੀਤ ਸਿੰਘ ਨੂੰ ਮਰਨ ਵਰਤ ਲਈ ਬਿਠਾਉਣ ਦਾ ਐਲਾਨ ਕਰਦਿਆਂ ਪੰਜਾਬ ਦੇ ਕਿਸਾਨਾਂ ਨੂੰ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਦੀ ਹਮਾਇਤ ਵਿੱਚ ਡੱਟਣ ਦਾ ਸੱਦਾ ਦਿੱਤਾ ਹੈ । ਕਿਸਾਨ ਆਗੂਆਂ ਨੇ ਡੱਲੇਵਾਲ ਦੀ ਗ੍ਰਿਫ਼ਤਾਰੀ ਦਾ ਸਖ਼ਤ ਵਿਰੋਧ ਕਰਦਿਆਂ ਕੇਂਦਰ ਨੂੰ ਚਿਤਾਵਨੀ ਦਿੱਤੀ ਹੈ ਕਿ ਮੰਗਾਂ ਮੰਨੇ ਜਾਣ ਤੱਕ ਅੰਦੋਲਨ ਜਾਰੀ ਰਹੇਗਾ ਪਰ ਕਿਸਾਨ ਮੰਗਾਂ ਬਾਰੇ ਗੱਲਬਾਤ ਲਈ ਸਦਾ ਤਿਆਰ ਹਨ।
ਕਿਸਾਨਾਂ ਦੇ ਅੰਦੋਲਨ ਦਾ ਹੀ ਕਾਰਨ ਹੈ ਕਿ ਅੱਜ ਹਰਿਆਣਾ ਸਰਕਾਰ ਵੱਲੋਂ ਲੰਮੇ ਸਮੇਂ ਬਾਅਦ ਸ਼ੰਭੂ ਅਤੇ ਖਨੌਰੀ ਬਾਰਡਰ ਖੋਲਿਆ ਜਾ ਰਿਹਾ ਹੈ। ਹਾਲਾਂਕਿ ਕਿਸਾਨਾਂ ਲਈ ਪੰਜਾਬ ਅਤੇ ਹਰਿਆਣਾ ਦਾ ਬਾਰਡਰ ਖੋਲ੍ਹਣ ਦਾ ਮਾਮਲਾ ਸੁਪਰੀਮ ਕੋਰਟ ਦੇ ਵਿਚਾਰ ਅਧੀਨ ਹੈ ਪਰ ਕਾਫੀ ਸਿੱਧੇ ਟਕਰਾਅ ਬਾਅਦ ਹਰਿਆਣਾ ਸਰਕਾਰ ਨੇ ਬਾਰਡਰ ਖੋਲ੍ਹਣ ਦਾ ਫੈਸਲਾ ਲਿਆ ਹੈ ਅਤੇ ਪੁਲਿਸ ਬੈਰੀਕੇਡ ਹਟਾ ਰਹੀ ਹੈ। ਸ਼ੰਭੂ ਅਤੇ ਖਨੌਰੀ ਬਾਰਡਰ ਉੱਪਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਕਿਸਾਨ ਮੰਗਾਂ ਨੂੰ ਲੈ ਕੇ ਅਣਮਿਥੇ ਸਮੇ ਲਈ ਧਰਨਾ ਦਿਤਾ ਜਾ ਰਿਹਾ ਹੈ ।ਦਿੱਲੀ ਅੰਦੋਲਨ ਤੋਂ ਬਾਅਦ ਇਹ ਸਭ ਤੋਂ ਲੰਬਾ ਚੱਲਣ ਵਾਲਾ ਧਰਨਾ ਹੈ। ਕਿਸਾਨ ਆਗੂਆਂ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਕਿਸਾਨ ਆਗੂਆਂ ਨੇ ਪਹਿਲਾਂ ਹੀ ਐਲਾਨ ਕੀਤਾ ਹੋਇਆ ਹੈ ਕਿ ਉਹ ਛੇ ਦਸੰਬਰ ਨੂੰ ਆਪਣੀਆਂ ਮੰਗਾਂ ਦੀ ਖਾਤਰ ਦਿੱਲੀ ਨੂੰ ਪੈਦਲ ਜਥਿਆਂ ਦੇ ਰੂਪ ਵਿੱਚ ਮਾਰਚ ਕਰਨਗੇ।
ਬੇਸ਼ੱਕ ਕਿਸਾਨ ਜਥੇਬੰਦੀਆਂ ਦੇ ਆਪਸੀ ਮਤਭੇਦ ਵੀ ਹਨ ਪਰ ਕਿਸਾਨਾਂ ਦੀਆਂ ਮੰਗਾਂ ਬਾਰੇ ਸਾਰੀਆਂ ਧਿਰਾਂ ਦੀ ਸਹਿਮਤੀ ਹੈ। ਕਿਸਾਨ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਦੀ ਮੰਗ ਕਰ ਰਹੀਆਂ ਹਨ। ਇਸੇ ਤਰ੍ਹਾਂ ਕਿਸਾਨਾਂ ਲਈ ਕਰਜ਼ਾ ਮੁਆਫ਼ੀ ਦੀ ਮੰਗ ਕੀਤੀ ਜਾ ਰਹੀ ਹੈ। ਕਿਸਾਨਾਂ ਉੱਪਰ ਬਣੇ ਹੋਏ ਕੇਸ ਵਾਪਸ ਲੈਣ ਲਈ ਕਿਹਾ ਜਾ ਰਿਹਾ ਹੈ। ਕਿਸਾਨਾਂ ਨਾਲ ਜੁੜੀਆਂ ਹੋਰ ਮੰਗਾਂ ਵੀ ਹਨ ਜਿਨ੍ਹਾਂ ਵਿੱਚ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਵੀ ਸ਼ਾਮਲ ਹੈ।
ਕਿਸਾਨ ਅੰਦੋਲਨ ਨੂੰ ਲੈ ਕੇ ਵਖ ਵੱਖ ਧਿਰਾਂ ਵਲੋਂ ਰਾਜਨੀਤੀ ਵੀ ਕੀਤੀ ਜਾ ਰਹੀ ਹੈ। ਇਸ ਦਾ ਅਹਿਮ ਪਹਿਲੂ ਇਹ ਵੀ ਹੈ ਕਿ ਭਾਜਪਾ ਕਿਸਾਨ ਮੰਗਾਂ ਅਤੇ ਅੰਦੋਲਨ ਨੂੰ ਲੈ ਕੇ ਭਾਜਪਾ ਦੇ ਆਗੂਆਂ ਦਾ ਯੂ ਟਰਨ ਮੀਡੀਆ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਡੱਲੇਵਾਲ ਦੀ ਗ੍ਰਿਫਤਾਰੀ ਉੱਪਰ ਸਾਫ ਕਿਹਾ ਹੈ ਕਿ ਇਸ ਮਾਮਲੇ ਵਿੱਚ ਕਿਸੇ ਕੇਂਦਰੀ ਏਜੰਸੀ ਦਾ ਕੋਈ ਹੱਥ ਨਹੀਂ ਹੈ ਅਤੇ ਇਹ ਗ੍ਰਿਫਤਾਰੀ ਤਾਂ ਪੰਜਾਬ ਪੁਲਿਸ ਨੇ ਕੀਤੀ ਹੈ ਪਰ ਕੇਂਦਰ ਨੂੰ ਬਦਨਾਮ ਕੀਤਾ ਜਾ ਰਿਹਾ ਹੈ ।ਇਸੇ ਤਰ੍ਹਾਂ ਸ਼ੰਭੂ ਬਾਰਡਰ ਖੋਲ੍ਹਣ ਦਾ ਮਾਮਲਾ ਵੀ ਭਾਜਪਾ ਦੀ ਕਿਸਾਨਾਂ ਬਾਰੇ ਨਵੀਂ ਨੀਤੀ ਦਾ ਸੰਕੇਤ ਦਿੰਦਾ ਹੈ।
ਸੰਪਰਕ- 981402186