ਅੰਮ੍ਰਿਤਸਰ: ਅੰਮ੍ਰਿਤਸਰ ਦੇ ਗੋਲਡਨ ਐਵੇਨਿਊ ਵਿੱਚ ਦੇਰ ਰਾਤ ਬਾਈਕ ਸਵਾਰ ਹਮਲਾਵਰਾਂ ਨੇ ਕਾਰ ਵਿੱਚ ਸਵਾਰ ਦੋ ਨੌਜਵਾਨਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਇਸ ਘਟਨਾ ਵਿੱਚ ਸੁਲਤਾਨ ਵਿੰਡ ਰੋਡ ਦੇ 24 ਸਾਲਾ ਨਿਮਿਸ਼ ਕੁਮਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਹਰਪ੍ਰੀਤ ਸਿੰਘ ਉਰਫ਼ ਗੰਜਾ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਨੌਜਵਾਨ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਇਹ ਘਟਨਾ ਗੋਲਡਨ ਐਵੇਨਿਊ ਦੇ ਬਾਹਰ ਸੜਕ ‘ਤੇ ਵਾਪਰੀ। ਚਸ਼ਮਦੀਦਾਂ ਅਨੁਸਾਰ, ਹਮਲਾ ਅਚਾਨਕ ਹੋਇਆ ਕਿ ਲੋਕ ਕੁਝ ਸਮਝ ਹੀ ਨਾ ਸਕੇ। ਗੋਲੀਆਂ ਦੀ ਆਵਾਜ਼ ਨੇ ਇਲਾਕੇ ਵਿੱਚ ਦਹਿਸ਼ਤ ਫੈਲਾ ਦਿੱਤੀ ਅਤੇ ਲੋਕ ਘਬਰਾਹਟ ਵਿੱਚ ਆਪਣੇ ਘਰਾਂ ਤੋਂ ਬਾਹਰ ਨਿੱਕਲ ਆਏ। ਮ੍ਰਿਤਕ ਦੇ ਭਰਾ ਕਮਲ ਕੁਮਾਰ ਨੇ ਦੱਸਿਆ ਕਿ ਨਿਮਿਸ਼ ਰਿਕਵਰੀ ਦਾ ਕੰਮ ਕਰਦਾ ਸੀ ਅਤੇ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ।
ਕਮਲ ਨੇ ਦਾਅਵਾ ਕੀਤਾ ਕਿ ਹਮਲਾਵਰਾਂ ਨੇ ਉਨ੍ਹਾਂ ਦੀ ਕਾਰ ‘ਤੇ ਨਿਸ਼ਾਨਾ ਲਗਾਉਂਦਿਆਂ ਲਗਭਗ 14 ਗੋਲੀਆਂ ਚਲਾਈਆਂ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਨਿਮਿਸ਼ ਨੂੰ ਲੱਗੀਆਂ। ਉਸ ਨੇ ਦੱਸਿਆ ਕਿ ਉਸ ਦਾ ਭਰਾ ਬੀਤੀ ਰਾਤ ਬਾਹਰ ਖਾਣਾ ਖਾਣ ਗਿਆ ਸੀ ਅਤੇ ਜਦੋਂ ਮਾਲ ਮੰਡੀ ਨੇੜੇ ਪਹੁੰਚਿਆ, ਤਾਂ ਬਾਈਕ ‘ਤੇ ਆਏ ਨੌਜਵਾਨਾਂ ਨੇ ਉਸ ‘ਤੇ ਹਮਲਾ ਕਰ ਦਿੱਤਾ।
ਪੁਲਿਸ ਅਤੇ ਫੋਰੈਂਸਿਕ ਜਾਂਚ
ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ਤੋਂ ਨਿਰਪੱਖ ਜਾਂਚ ਦੀ ਮੰਗ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਨਿਮਿਸ਼ ਇੱਕ ਮਿਹਨਤੀ ਅਤੇ ਸਿੱਧਾ-ਸਾਦਾ ਨੌਜਵਾਨ ਸੀ, ਜਿਸ ਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਸੀ। ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਇਲਾਕੇ ਦੀ ਨਾਕਾਬੰਦੀ ਕਰ ਦਿੱਤੀ। ਫੋਰੈਂਸਿਕ ਟੀਮ ਨੇ ਘਟਨਾਸਥਲ ਤੋਂ ਗੋਲੀਆਂ ਦੇ ਖੋਲ ਬਰਾਮਦ ਕੀਤੇ ਹਨ।
ਪੁਲਿਸ ਨੇ ਮ੍ਰਿਤਕ ਦੀ ਕਾਰ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਰਾਣਾ ਸਿੰਘ ਨੇ ਦੱਸਿਆ ਕਿ ਹਮਲਾਵਰਾਂ ਦੀ ਭਾਲ ਲਈ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਜਾਂਚ ਵਿੱਚ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਹਮਲੇ ਪਿੱਛੇ ਕਾਰਨ ਕੀ ਸੀ, ਪਰ ਜਲਦ ਹੀ ਮੁਲਜ਼ਮ ਪੁਲਿਸ ਦੀ ਗ੍ਰਿਫਤ ਵਿੱਚ ਹੋਣਗੇ।