ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ: ਐਡਵੋਕੇਟ ਧਾਮੀ

Global Team
2 Min Read

ਅੰਮ੍ਰਿਤਸਰ: ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ ਮਾਮਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਸਰਕਾਰ ਨੂੰ ਜਲਦ ਇਸ ਸਬੰਧੀ ਫ਼ੈਸਲਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਕਰੋੜਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਇਸ ਲਈ ਸਰਕਾਰ ਨੂੰ ਸਿੱਖ ਸੰਗਤ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਲਾਂਘੇ ਦਾ ਲੰਬੇ ਸਮੇਂ ਤੋਂ ਬੰਦ ਰਹਿਣ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਦਾ ਇਹ ਲਾਂਘਾਂ ਦੋਵਾਂ ਦੇਸ਼ਾਂ ਦੇ ਲੋਕਾਂ ਲਈ ਸਾ਼ਤੀ ਦਾ ਸੁਨੇਹਾ ਹੈ, ਜਿਸ ਤੇ ਕਿਸੇ ਨੂੰ ਇਤਰਾਜ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਅਸੀਂ ਮੰਨਦੇ ਹਾਂ ਕਿ ਦੇਸ਼ ਦੀ ਸੁਰੱਖਿਆ ਹਰ ਸਰਕਾਰ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ, ਪਰ ਇਸ ਦੇ ਨਾਲ-ਨਾਲ ਧਾਰਮਿਕ ਆਜ਼ਾਦੀ ਅਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਵੀ ਉਤਨਾ ਹੀ ਮਹੱਤਵਪੂਰਨ ਹੈ। ਇਸ ਲਈ ਸਰਕਾਰ ਨੂੰ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਭਾਵਸ਼ਾਲੀ ਪ੍ਰਬੰਧ ਕਰਕੇ ਇਸ ਮਾਮਲੇ ਦੀ ਜਲਦ ਸਮੀਖਿਆ ਕਰਦੇ ਹੋਏ ਲਾਂਘਾ ਮੁੜ ਖੋਲ੍ਹਣ ਦਾ ਫ਼ੈਸਲਾ ਕਰਨਾ ਚਾਹੀਦਾ ਹੈ।

ਕੇਂਦਰੀ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਵੱਲੋਂ ਸੰਸਦ ‘ਚ ਕਰਤਾਰਪੁਰ ਲਾਂਘੇ ਨੂੰ ਫਿਲਹਾਲ ਮੁੜ ਨਾ ਖੋਲ੍ਹਣ ਸਬੰਧੀ ਦਿੱਤੇ ਗਏ ਜਵਾਬ ਤੋਂ ਬਾਅਦ ਐਡਵੋਕੇਟ ਧਾਮੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਸਿੱਖ ਧਰਮ ਦਾ ਬਹੁਤ ਹੀ ਪਵਿੱਤਰ ਅਸਥਾਨ ਹੈ, ਜਿੱਥੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ ਸਾਲ ਬਿਤਾਏ ਤੇ ਸਮੁੱਚੀ ਮਨੁੱਖਤਾ ਨੂੰ ਕਿਰਤ ਕਰਨ, ਨਾਮ ਜਪਣ ਤੇ ਵੰਡ ਛਕਣ ਦਾ ਸੰਦੇਸ਼ ਦਿੱਤਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment