ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਨਗਰ ਸੌੜੀਆਂ ਵਿਖੇ ਗੁਰਮਤਿ ਸਮਾਗਮ

Global Team
2 Min Read

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ  ਸ਼ਤਾਬਦੀ ਨੂੰ ਸਮਰਪਿਤ ਆਰੰਭੀ ਗਈ ਸਮਾਗਮਾਂ ਦੀ ਲੜੀ ਤਹਿਤ ਅੱਜ ਗੁਰਦੁਆਰਾ ਸ੍ਰੀ ਨਾਨਕਸਰ ਪਿੰਡ ਸੌੜੀਆਂ ਵਿਖੇ ਗੁਰਮਤਿ ਸਮਾਗਮ ਅਤੇ ਅੰਮ੍ਰਿਤ-ਸੰਚਾਰ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਹਰ ਹਲਕੇ ਵਿਚ ਅੰਮ੍ਰਿਤ-ਸੰਚਾਰ ਤੇ ਗੁਰਮਤਿ ਸਮਾਗਮਾਂ ਦੀ ਲੜੀ ਆਰੰਭੀ ਸੀ, ਜਿਸ ਤਹਿਤ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ ਤੇ ਬੀਬੀ ਬਲਵਿੰਦਰ ਕੌਰ ਲੋਪੋਕੇ ਵੱਲੋਂ ਕਰਵਾਇਆ ਗਿਆ ਅੱਜ ਦਾ ਸਮਾਗਮ ਸ਼ਲਾਘਾਯੋਗ ਉਪਰਾਲਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਇਤਿਹਾਸ ਦੇ ਸ਼ਤਾਬਦੀ ਦਿਹਾੜੇ ਨਵੀਂ ਪੀੜੀ ਨੂੰ ਆਪਣੇ ਧਰਮ ਇਤਿਹਾਸ ਨਾਲ ਜੋੜਣ ਵਿਚ ਅਤਿ ਅਹਿਮ ਹੁੰਦੇ ਹਨ। 30 ਅਕਤੂਬਰ ਨੂੰ ਆ ਰਹੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਖਾਲਸਾ ਪੰਥ ਵੱਲੋਂ ਪੰਥਕ ਜ਼ਜਬੇ ਨਾਲ ਮਨਾਈ ਜਾਵੇਗੀ, ਜਿਸ ਤਹਿਤ ਵੱਖ-ਵੱਖ ਹਲਕਿਆਂ ਅੰਦਰ ਸਮਾਗਮ ਕਰ ਕੇ ਚੇਤਨਤਾ ਪੈਦਾ ਕੀਤੀ ਜਾ ਰਹੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮਾਗਮ ਦੌਰਾਨ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਵਾਲੇ ਪ੍ਰਾਣੀਆਂ ਨੂੰ ਵੀ ਵਧਾਈ ਦਿੱਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਹਲਕਾ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ ਨੇ ਕਿਹਾ ਕਿ ਸ਼ਤਾਬਦੀ ਪ੍ਰਤੀ ਹਲਕੇ ਦੀਆਂ ਸੰਗਤਾਂ ਅੰਦਰ ਭਰਵਾਂ ਉਤਸ਼ਾਹ ਹੈ ਜਿਸ ਦੀ ਮਿਸਾਲ ਅੱਜ ਦੇ ਗੁਰਮਤਿ ਸਮਾਗਮ ਵਿਚ ਸੰਗਤ ਦੀ ਭਰਵੀਂ ਹਾਜ਼ਰੀ ਹੈ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਧਰਮ ਪ੍ਰਚਾਰ ਦੀ ਲਹਿਰ ਨਿਰੰਤਰ ਜਾਰੀ ਰੱਖੀ ਜਾਵੇਗੀ ਅਤੇ ਖਾਸ ਕਰਕੇ ਸਿੱਖ ਨੌਜਵਾਨੀ ਨੂੰ ਸਿੱਖ ਵਿਰਸੇ ਪ੍ਰਤੀ ਜਾਗਰੂਕ ਕਰਨ ਲਈ ਪ੍ਰੋਗਰਾਮ ਉਲੀਕੇ ਜਾਣਗੇ। ਉਨ੍ਹਾਂ ਸਮਾਗਮ ਵਿਚ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਅਤੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਸਮਾਗਮ ਦੌਰਾਨ ਰਾਗੀ, ਢਾਡੀ, ਕਵੀਸ਼ਰ ਜਥਿਆਂ ਅਤੇ ਪ੍ਰਚਾਰਕਾਂ ਨੇ ਵੀ ਹਾਜ਼ਰੀ ਭਰੀ।

Share this Article
Leave a comment