ਬਿਆਸ : ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਪੰਜਾਬ ਦੇ ਅੰਮ੍ਰਿਤਸਰ ਪਹੁੰਚੇ ਹਨ। ਰੱਖਿਆ ਮੰਤਰੀ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਦਰਸ਼ਨ ਕਰਨ ਵੀ ਪਹੁੰਚੇ। ਉਨ੍ਹਾਂ ਉਥੇ ਸਤਸੰਗ ਸੁਣਿਆ ਤੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਡੇਰੇ ਅੰਦਰ ਚੱਲ ਰਹੀਆਂ ਵੱਖ-ਵੱਖ ਸੇਵਾਵਾਂ ਬਾਰੇ ਜਾਣਕਾਰੀ ਲਈ।
ਰੱਖਿਆ ਮੰਤਰੀ ਦਿੱਲੀ ਤੋਂ ਜਹਾਜ਼ ਜ਼ਰੀਏ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਏਅਰਪੋਰਟ ‘ਤੇ ਪਹੁੰਚੇ। ਕਈ ਭਾਜਪਾ ਨੇਤਾਵਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਰਾਜਨਾਥ ਸਿੰਘ ਦੇ ਇਲਾਵਾ ਦੇਸ਼ ਦੇ ਕਈ ਵੱਡੇ ਨੇਤਾ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ ਕਰ ਚੁੱਕੇ ਹਨ। 5 ਨਵੰਬਰ 2022 ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਡੇਰਾ ਮੁਖੀ ਨਾਲ ਮੁਲਾਕਾਤ ਕਰਕੇ ਗਏ ਸਨ।

ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਡੇਰਾ ਬਿਆਸ ਦਾ ਇਹ ਅਹਿਮ ਦੌਰਾ ਮੰਨਿਆ ਜਾ ਰਿਹਾ ਹੈ। ਉਨ੍ਹਾਂ ਦੇ ਇਸ ਦੌਰੇ ਨੂੰ 2024 ਦੀਆਂ ਚੋਣਾਂ ਨਾਲ ਜੋੜਿਆ ਜਾ ਰਿਹਾ ਹੈ। ਭਾਜਪਾ ਪੰਜਾਬ ਵਿੱਚ ਪੇਂਡੂ ਪੱਧਰ ’ਤੇ ਮਜ਼ਬੂਤ ਹੋਣ ਦੀ ਮੁਹਿੰਮ ਚਲਾਉਣ ਵਿੱਚ ਲੱਗੀ ਹੋਈ ਹੈ। ਦੇਸ਼ ਭਰ ਵਿੱਚ ਡੇਰਾ ਬਿਆਸ ਦੇ ਪੈਰੋਕਾਰ ਹਨ, ਖਾਸ ਕਰਕੇ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਜ਼ਿਆਦਾ ਗਿਣਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਪਿਛਲੇ ਸਾਲ ਨਵੰਬਰ ਵਿਚ ਡੇਰੇ ਗਏ ਸਨ।