ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦਾ ਅੱਜ ਹੋਵੇਗਾ ਕੋਰੋਨਾ ਟੈਸਟ, ਸੋਸ਼ਲ ਮੀਡੀਆ ‘ਤੇ ‘ਟੈਕ ਕੇਅਰ ਏਕੇ’ ਦਾ ਟ੍ਰੈਂਡਿੰਗ ਹੋਇਆ ਸ਼ੁਰੂ

TeamGlobalPunjab
2 Min Read

ਨਵੀਂ ਦਿੱਲੀ : ਰਾਜਧਾਨੀ ਦਿੱਲੀ ਵਿੱਚ ਕੋਰੋਨਾ ਨਾਲ ਸਥਿਤੀ ਲਗਾਤਾਰ ਬਦਤਰ ਹੁੰਦੀ ਜਾ ਰਹੀ ਹੈ। ਇਸ ‘ਚ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਅਚਾਨਕ ਵਿਗੜ ਗਈ ਹੈ। ਬੀਤੇ ਦਿਨ ਹਲਕਾ ਬੁਖਾਰ ਅਤੇ ਖੰਘ ਦੀ ਸ਼ਿਕਾਇਤ ਤੋਂ ਬਾਅਦ ਕੇਜਰੀਵਾਲ ਨੇ ਇਸ ਨੂੰ ਕੋਰੋਨਾ ਦੇ ਲੱਛਣ ਮੰਨਦੇ ਹੋਏ ਆਪਣੇ ਆਪ ਨੂੰ ਘਰ ‘ਚ ਹੀ ਆਈਸੋਲੇਟ ਕਰ ਲਿਆ ਹੈ। ਅੱਜ ਮੰਗਲਵਾਰ ਨੂੰ ਉਨ੍ਹਾਂ ਦੀ ਕੋਰੋਨਾ ਜਾਂਚ ਹੋਵੇਗੀ। ਜਿਸ ਤੋਂ ਬਾਅਦ ਮੁੱਖ ਮੰਤਰੀ ਕੇਜਰੀਵਾਲ ਨੇ ਆਪਣੀ ਕੋਰੋਨਾ ਰਿਪੋਰਟ ਆਉਣ ਤੱਕ ਆਪਣੀਆਂ ਸਾਰੀਆਂ ਬੈਠਕਾਂ ਨੂੰ ਰੱਦ ਕਰ ਦਿੱਤਾ ਹੈ।

ਆਮ ਆਦਮੀ ਪਾਰਟੀ(ਆਪ) ਦੇ ਸੰਸਦ ਮੈਂਬਰ ਅਤੇ ਸੀਨੀਅਰ ਨੇਤਾ ਸੰਜੇ ਸਿੰਘ ਦਾ ਕਹਿਣਾ ਹੈ ਕਿ ਕੇਜਰੀਵਾਲ ਨੂੰ ਹਲਕਾ ਬੁਖਾਰ ਅਤੇ ਖਾਂਸੀ ਹੈ। ਐਤਵਾਰ ਤੋਂ ਹੀ ਉਹ ਆਪਣੇ ਘਰ ‘ਚ ਆਈਸੋਲੇਟ ਹਨ। ਮੰਗਲਵਾਰ ਨੂੰ ਉਨ੍ਹਾਂ ਦੀ ਕੋਰੋਨਾ ਜਾਂਚ ਹੋਵੇਗੀ। ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਹੀ ਮੁੱਖ ਮੰਤਰੀ ਕੇਜਰੀਵਾਲ ਆਈਸੋਲੇਸ਼ਨ ਤੋਂ ਬਾਹਰ ਆਉਣਗੇ। ਇਸ ਤੋ ਇਲਾਵਾ ਅਰਵਿੰਦ ਕੇਜਰੀਵਾਲ ਦੀ ਸਿਹਤ ਬਾਰੇ ਖ਼ਬਰ ਮਿਲਦਿਆਂ ਹੀ ਬਹੁਤ ਸਾਰੇ ਨੇਤਾਵਾਂ ਨੇ ਉਨ੍ਹਾਂ ਦੀ ਸਿਹਤ ਬਾਰੇ ਚਿੰਤਾ ਜ਼ਾਹਰ ਕੀਤੀ ਹੈ। ਦਿੱਲੀ ਵਿੱਚ, ਭਾਜਪਾ ਦੇ ਨਵੇਂ ਪ੍ਰਧਾਨ ਆਦੇਸ਼ ਗੁਪਤਾ ਅਤੇ ਕੁਮਾਰ ਵਿਸ਼ਵਾਸ ਨੇ ਕੇਜਰੀਵਾਲ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਖਰਾਬ ਹੋਣ ਦੀ ਖਬਰ ਆਉਣ ਤੋਂ ਬਾਅਦ ਉਨ੍ਹਾਂ ਦੀ ਸਿਹਤ ਦੇ ਠੀਕ ਹੋਣ ਦੇ ਸੰਦੇਸ਼ਾਂ ਨਾਲ ਸੋਸ਼ਲ ਮੀਡੀਆ ਭਰ ਗਿਆ। ਥੋੜ੍ਹੇ ਸਮੇਂ ਵਿੱਚ ਹੀ ‘ਟੈਕ ਕੇਅਰ ਏਕੇ’ ਦਾ ਟ੍ਰੈਂਡਿੰਗ ਸ਼ੁਰੂ ਹੋ ਗਿਆ। ਵਿਧਾਇਕਾਂ ਸਮੇਤ ਪਾਰਟੀ ਦੇ ਕਈ ਨੇਤਾਵਾਂ ਨੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕੀਤੀ। ‘ਆਪ’ ਵਿਧਾਇਕ ਅਤਿਸ਼ੀ ਨੇ ਲਿਖਿਆ ਕਿ ਮੁੱਖ ਮੰਤਰੀ ਜਲਦੀ ਠੀਕ ਹੋ ਜਾਣਗੇ। ਜਦੋਂ ਲੱਖਾਂ ਲੋਕਾਂ ਦੀਆਂ ਪ੍ਰਾਰਥਨਾਵਾਂ ਇਕੱਠੀਆਂ ਹੋਣ, ਤਾਂ ਚਿੰਤਾ ਕਰਨ ਦੀ ਕੋਈ ਗੱਲ ਨਹੀਂ।

ਰਾਜਧਾਨੀ ਵਿੱਚ ਹੁਣ ਤੱਕ ਕੋਰੋਨਾ ਦੇ ਲਗਭਗ 29 ਹਜ਼ਾਰ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ ਅੱਠ ਸੌ ਤੋਂ ਵੱਧ ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਅਜਿਹੀ ਸਥਿਤੀ ਵਿੱਚ ਦਿੱਲੀ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਅਗਲੇ 15 ਦਿਨਾਂ ਵਿੱਚ ਹਸਪਤਾਲਾਂ ‘ਚ ਬੈੱਡਾਂ ਦੀ ਗਿਣਤੀ ਦੁੱਗਣੀ ਕਰ ਦਿੱਤੀ ਜਾਵੇਗੀ।

- Advertisement -

Share this Article
Leave a comment