31 ਦਸੰਬਰ ਨੂੰ ਅਰਵਿੰਦ ਕੇਜਰੀਵਾਲ ਪੰਜਾਬ ਦੇ ਦੌਰੇ ‘ਤੇ, ਪੰਜਾਬ ਦੀ ਸ਼ਾਂਤੀ ਲਈ ਕਰਨਗੇ ਸ਼ਾਂਤੀ ਮਾਰਚ

TeamGlobalPunjab
1 Min Read

ਪਟਿਆਲਾ :  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇੱਕ ਵਾਰ ਫਿਰ ਪੰਜਾਬ ਦੇ ਦੌਰੇ ‘ਤੇ ਹਨ। ਪਤਾ ਲੱਗਾ ਹੈ ਕਿ ਕੇਜਰੀਵਾਲ 31 ਦਸੰਬਰ ਨੂੰ ਪਟਿਆਲਾ ਪਹੁੰਚਣਗੇ, ਜਿੱਥੇ ਉਹ ਪੰਜਾਬ ਵਿਚ ਸ਼ਾਂਤੀ ਲਈ ਸ਼ਾਂਤੀ ਮਾਰਚ ਕਰਨਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਿੱਤੀ ਹੈ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਮੰਦਭਾਗੀ ਘਟਨਾਵਾਂ ਵਾਪਰ ਰਹੀਆਂ ਹਨ, ਜਿਸ ਕਾਰਨ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਭਾਈਚਾਰਕ ਭਾਵਨਾ ਦੀ ਇਸ ਇੱਛਾ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (ਆਪ) 31 ਦਸੰਬਰ ਨੂੰ ਸ਼ਾਂਤੀ ਮਾਰਚ ਕੱਢੇਗੀ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਆਮ ਆਦਮੀ ਪਾਰਟੀ ਲੀਗਲ ਵਿੰਗ ਦੇ ਜਨਰਲ ਸਕੱਤਰ ਸੁਖਜਿੰਦਰ ਆਨੰਦ ਨੇ ਕਿਹਾ ਕਿ ਮਾਰਚ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਤੋਂ ਮਨਜ਼ੂਰੀ ਲੈ ਲਈ ਗਈ ਹੈ ਅਤੇ ਇਸ ਤੋਂ ਇਲਾਵਾ ਪ੍ਰਧਾਨ ਤੇਜਿੰਦਰ ਮਹਿਤਾ ਅਤੇ ਮੇਘ ਚੰਦ ਸ਼ਰਮਾ ਦੀ ਅਗਵਾਈ ਹੇਠ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਆਮ ਆਦਮੀ ਪਾਰਟੀ ਦਾ ਸ਼ਾਂਤੀ ਮਾਰਚ ਸ਼ੇਰਾਂਵਾਲਾ ਗੇਟ ਤੋਂ ਸ਼ੁਰੂ ਹੋ ਕੇ ਫੁਹਾਰਾ ਚੌਕ ਤੋਂ ਹੁੰਦਾ ਹੋਇਆ ਲੀਲਾ ਭਵਨ ਚੌਕ ਤਕ ਪੁੱਜੇਗਾ। ਦੱਸ ਦਈਏ ਕਿ ਚੋਣਾਂ ਦੇ ਮੱਦੇਨਜ਼ਰ ਅਰਵਿੰਦ ਕੇਜਰੀਵਾਲ ਦਾ ਪਟਿਆਲਾ ਵਿਖੇ ਪਹਿਲਾ ਦੌਰਾ ਹੈ ਅਤੇ ਇਸ ਦੌਰਾਨ ਕੇਜਰੀਵਾਲ ਵੱਲੋਂ ਨਵੀਂਆਂ ਗਰੰਟੀਆਂ ਦਿੱਤੇ ਜਾਣ ਦੀ ਸੰਭਾਵਨਾ ਹੈ।

Share this Article
Leave a comment