ਨਵੀਂ ਦਿੱਲੀ: ਆਪ ਦੇ ਆਗੂ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ਹਾਈ ਕੋਰਟ ਨੇ ਖਾਰਜ ਕਰ ਦਿੱਤੀ ਹੈ। ਮਨੀ ਲਾਂਡਰਿੰਗ ਮਾਮਲੇ ‘ਚ ਜੇਲ੍ਹ ‘ਚ ਬੰਦ ਸਤੇਂਦਰ ਜੈਨ ਨੇ ਜ਼ਮਾਨਤ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਅਦਾਲਤ ਨੇ 22 ਮਾਰਚ ਨੂੰ ਸੁਣਵਾਈ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸੁਣਵਾਈ ਦੌਰਾਨ ਈਡੀ ਨੇ ਅਦਾਲਤ ‘ਚ ਜ਼ਮਾਨਤ ਦਾ ਵਿਰੋਧ ਕੀਤਾ। ਈਡੀ ਨੇ ਕਿਹਾ ਕਿ ਜੇਕਰ ਉਸ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ ਤਾਂ ਇਸ ਨਾਲ ਜਾਂਚ ਪ੍ਰਭਾਵਿਤ ਹੋ ਸਕਦੀ ਹੈ।
ਦਿੱਲੀ ਹਾਈ ਕੋਰਟ ਨੇ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ਖਾਰਜ ਕਰਦਿਆਂ ਕਿਹਾ ਕਿ ਜੈਨ ਪ੍ਰਭਾਵਸ਼ਾਲੀ ਹਨ ਅਤੇ ਸਬੂਤਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ। ਹਾਈ ਕੋਰਟ ਨੇ ਕਿਹਾ ਕਿ ਜ਼ਮਾਨਤ ਦੀ ਅਰਜ਼ੀ ਖਾਰਜ ਕਰਨ ਵਾਲਾ ਹੇਠਲੀ ਅਦਾਲਤ ਦਾ ਫੈਸਲਾ ਗੈਰ-ਕਾਨੂੰਨੀ ਜਾਂ ਕਮੀ ਵਾਲਾ ਨਹੀਂ ਹੈ।
ਜਸਟਿਸ ਸ਼ਰਮਾ ਨੇ ਕਿਹਾ ਕਿ ਸਤੇਂਦਰ ਜੈਨ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਜ਼ਮਾਨਤ ਲਈ ਰੱਖੀਆਂ ਗਈਆਂ ਦੋ ਸ਼ਰਤਾਂ ਨੂੰ ਪੂਰਾ ਕਰਨ ਵਿਚ ਅਸਫਲ ਰਹੇ ਤੇ ਵਿਸ਼ੇਸ਼ ਅਦਾਲਤ ਦਾ ਜ਼ਮਾਨਤ ਰੱਦ ਕਰਨ ਦਾ ਹੁਕਮ ਗੈਰਵਾਜਬ ਨਹੀਂ ਹੈ ਅਤੇ ਤਰਕਪੂਰਨ ਹੈ। ਪਿਛਲੇ ਸਾਲ 17 ਨਵੰਬਰ ਨੂੰ ਦਿੱਤੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਤਿੰਨਾਂ ਮੁਲਜ਼ਮਾਂ ਨੇ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਸੀ।