ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਅਦਾਲਤ ਦੇ ਫੈਸਲੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਨੇਤਾ ਸੌਰਭ ਭਾਰਦਵਾਜ ਨੇ ਪ੍ਰੈੱਸ ਕਾਨਫਰੰਸ ਕੀਤੀ। ਸੌਰਭ ਨੇ ਕਿਹਾ ਕਿ ਉਹ ਹਾਈਕੋਰਟ ਦੇ ਇਸ ਫੈਸਲੇ ਖਿਲਾਫ ਸੁਪਰੀਮ ਕੋਰਟ ਤੱਕ ਪਹੁੰਚ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਕੇਂਦਰ ਸਰਕਾਰ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਆਪ ਉਹ ਪਾਰਟੀ ਨਹੀਂ ਜੋ ਅਦਾਲਤ ਦੇ ਫੈਸਲੇ ਬਦਲੇ।
ਸੌਰਭ ਭਾਰਦਵਾਜ ਨੇ ਅੱਗੇ ਕਿਹਾ ਕਿ ਸਾਨੂੰ ਸੁਪਰੀਮ ਕੋਰਟ ‘ਤੇ ਪੂਰਾ ਭਰੋਸਾ ਹੈ, ਇਹ ਸਾਨੂੰ ਨਿਆਂ ਦੇਵੇਗੀ। ਜੇਕਰ ਹਾਈਕੋਰਟ ਤੋਂ ਰਾਹਤ ਨਾਂ ਮਿਲੀ ਤਾਂ ਅਸੀਂ ਸੁਪਰੀਮ ਕੋਰਟ ਜਾਵਾਂਗੇ। ਇਹ ਪੂਰਾ ਮਾਮਲਾ ਮਨੀ ਲਾਂਡਰਿੰਗ ਦਾ ਨਹੀਂ ਸਗੋਂ ਭਾਰਤ ਦੇ ਇਤਿਹਾਸ ਦੀ ਸਭ ਤੋਂ ਵੱਡੀ ਸਾਜ਼ਿਸ਼ ਦਾ ਹੈ। ਦਿੱਲੀ ਅਤੇ ਪੰਜਾਬ ਵਿੱਚ ਮੁੱਖ ਮੰਤਰੀ ਕੇਜਰੀਵਾਲ ਦੀਆਂ ਸਰਕਾਰਾਂ ਨੂੰ ਡੇਗਣ ਦੀ ਸਾਜ਼ਿਸ਼ ਰਚੀ ਗਈ ਹੈ। ਕਿਸੇ ਵੀ ਥਾਂ ‘ਤੇ ਈਡੀ ਜਾਂ ਸੀਬੀਆਈ ਨੇ ਇੱਕ ਵੀ ਰੁਪਿਏ ਦੀ ਹੇਰਾਫੇਰੀ ਨਹੀਂ ਪਾਇਆ ਹੈ।
ਗਵਾਹਾਂ ‘ਤੇ ਪਾਇਆ ਜਾ ਰਿਹੈ ਦਬਾਅ
‘ਆਪ’ ਆਗੂ ਨੇ ਇਹ ਵੀ ਦੋਸ਼ ਲਾਇਆ ਕਿ ਗਵਾਹਾਂ ’ਤੇ ਦਬਾਅ ਪਾਇਆ ਜਾ ਰਿਹਾ ਹੈ। ਉਸ ਦੀ ਕੁੱਟਮਾਰ ਕੀਤੀ ਗਈ। ਗਵਾਹਾਂ ‘ਤੇ ਆਪਣੇ ਬਿਆਨ ਬਦਲਣ ਲਈ ਦਬਾਅ ਪਾਇਆ ਗਿਆ ਹੈ। ਇਹ ਗੱਲ ਅਦਾਲਤੀ ਸੁਣਵਾਈਆਂ ਵਿੱਚ ਵੀ ਵਾਰ-ਵਾਰ ਸਾਹਮਣੇ ਆਈ ਹੈ। ਗਵਾਹਾਂ ਨੂੰ ਕਿਹਾ ਗਿਆ ਸੀ ਕਿ ਉਹ ਆਪਣੇ ਦਿੱਤੇ ਪੁਰਾਣੇ ਬਿਆਨਾਂ ਨੂੰ ਬਦਲ ਕੇ ਉਹੀ ਗਵਾਹੀ ਦੇਣ ਜੋ ਕੇਂਦਰ ਸਰਕਾਰ ਜਾਂ ਈਡੀ ਕਹਿ ਰਹੀ ਹੈ।
ਚੰਦਨ ਰੈਡੀ ਦੀ ਪਟੀਸ਼ਨ ਦਾ ਜ਼ਿਕਰ
ਚੰਦਨ ਰੈਡੀ ‘ਤੇ ਬਿਆਨ ਬਦਲਣ ਲਈ ਵੀ ਦਬਾਅ ਪਾਇਆ ਗਿਆ। ਸੌਰਭ ਭਾਰਦਵਾਜ ਨੇ ਦੱਸਿਆ ਕਿ ਰੈਡੀ ਨੇ ਇਸ ਸਬੰਧੀ ਹਾਈ ਕੋਰਟ ਵਿੱਚ ਰਿੱਟ ਵੀ ਦਾਇਰ ਕੀਤੀ ਹੋਈ ਹੈ। ਇਸ ਪਟੀਸ਼ਨ ਵਿੱਚ ਰੈਡੀ ਨੇ ਕਿਹਾ ਕਿ ਉਸ ਨੂੰ ਆਪਣਾ ਬਿਆਨ ਬਦਲਣ ਲਈ ਮਜਬੂਰ ਕੀਤਾ ਗਿਆ ਸੀ। ਉਸ ਦੀ ਕੁੱਟਮਾਰ ਵੀ ਕੀਤੀ ਗਈ ਹੈ। ਅਰੁਣ ਪਿੱਲੈ ‘ਤੇ ਬਿਆਨ ਬਦਲਣ ਲਈ ਵੀ ਦਬਾਅ ਪਾਇਆ ਗਿਆ ਹੈ। ਅਸੀਂ ਅੱਜ ਹਾਈ ਕੋਰਟ ਦੇ ਫੈਸਲੇ ਦਾ ਸਨਮਾਨ ਕਰਦੇ ਹਾਂ ਪਰ ਅਸੀਂ ਇਸ ਫੈਸਲੇ ਤੋਂ ਸੰਤੁਸ਼ਟ ਨਹੀਂ ਹਾਂ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।