ਨਵੀ ਦਿੱਲੀ: ਦਿੱਲੀ ਧਮਾਕੇ ਤੋਂ ਬਾਅਦ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਬੰਦ ਕਰ ਦਿੱਤਾ ਗਿਆ ਸੀ। ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀਐਮਆਰਸੀ) ਨੇ ਵੀਰਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦਾ ਐਲਾਨ ਕੀਤਾ। ਇਹ ਕਦਮ ਲਾਲ ਕਿਲ੍ਹੇ ਨੇੜੇ ਹਾਲ ਹੀ ਵਿੱਚ ਹੋਏ ਕਾਰ ਬੰਬ ਧਮਾਕੇ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਵਿੱਚ ਸਖ਼ਤ ਚੌਕਸੀ ਅਤੇ ਸਾਵਧਾਨੀਆਂ ਦੇ ਮੱਦੇਨਜ਼ਰ ਚੱਕਿਆ ਗਿਆ ਹੈ। ਪਹਿਲਾਂ ਲਾਲ ਕਿਲ੍ਹਾ ਮੈਟਰੋ ਸਟੇਸ਼ਨ 11-12 ਨਵੰਬਰ ਲਈ ਬੰਦ ਕੀਤਾ ਗਿਆ ਸੀ, ਪਰ ਹੁਣ ਇਹ ਅਗਲੇ ਹੁਕਮ ਤੱਕ ਬੰਦ ਰਹੇਗਾ।
ਡੀਐਮਆਰਸੀ ਨੇ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਅਗਲੇ ਨੋਟਿਸ ਤੱਕ ਬੰਦ ਰਹੇਗਾ। ਬਾਕੀ ਸਾਰੇ ਮੈਟਰੋ ਸਟੇਸ਼ਨ ਅਤੇ ਲਾਈਨਾਂ ਸ਼ਡਿਊਲ ਅਨੁਸਾਰ ਕੰਮ ਕਰ ਰਹੀਆਂ ਹਨ। ਲਾਲ ਕਿਲ੍ਹਾ ਸਟੇਸ਼ਨ ‘ਤੇ ਪ੍ਰਵੇਸ਼ ਅਤੇ ਨਿਕਾਸ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਗਿਆ ਹੈ, ਅਤੇ ਸਬੰਧਤ ਸੁਰੱਖਿਆ ਏਜੰਸੀਆਂ ਤੋਂ ਮਨਜ਼ੂਰੀ ਮਿਲਣ ਤੱਕ ਸੇਵਾਵਾਂ ਬੰਦ ਰਹਿਣਗੀਆਂ।
ਦੱਸ ਦਈਏ ਕਿ ਇਸ ਦੇ ਅਸਥਾਈ ਬੰਦ ਹੋਣ ਨਾਲ ਪੁਰਾਣੀ ਦਿੱਲੀ ਆਉਣ ਵਾਲੇ ਰੋਜ਼ਾਨਾ ਯਾਤਰੀਆਂ ਅਤੇ ਸੈਲਾਨੀਆਂ ‘ਤੇ ਅਸਰ ਪੈ ਸਕਦਾ ਹੈ। ਲਾਲ ਕਿਲ੍ਹਾ ਖੇਤਰ ਅਤੇ ਇਸਦੇ ਆਲੇ-ਦੁਆਲੇ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ, ਅਤੇ ਨੇੜਲੇ ਮੈਟਰੋ ਸਟੇਸ਼ਨਾਂ ‘ਤੇ ਵਾਧੂ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਕਿਹਾ ਕਿ ਇਹ ਫੈਸਲਾ ਯਾਤਰੀਆਂ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਵਧਾਨੀ ਦੇ ਉਪਾਅ ਵਜੋਂ ਲਿਆ ਗਿਆ ਹੈ। ਦਿੱਲੀ ਪੁਲਿਸ ਅਤੇ ਹੋਰ ਸੁਰੱਖਿਆ ਬਲਾਂ ਨੇ ਹੋਰ ਸਾਰੇ ਮੈਟਰੋ ਸਟੇਸ਼ਨਾਂ ‘ਤੇ ਵੀ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਦਿੱਲੀ ਵਿੱਚ 10 ਨਵੰਬਰ ਨੂੰ ਸ਼ਾਮ 7 ਵਜੇ, ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਗੇਟ ਨੰਬਰ 1 ਦੇ ਨੇੜੇ ਇੱਕ ਚਿੱਟੇ ਰੰਗ ਦੀ ਹੁੰਡਈ ਆਈ20 ਕਾਰ ਵਿੱਚ ਧਮਾਕਾ ਹੋਇਆ ਸੀ, ਜਿਸ ਨਾਲ ਦਹਿਸ਼ਤ ਫੈਲ ਗਈ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

