ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਿਆ ਹੈ। ਸੰਜੈ ਸਿੰਘ ਨੂੰ ਫਿਲਹਾਲ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਸੁਪਰੀਮ ਕੋਰਟ ਨੇ ‘ਆਪ’ ਸੰਸਦ ਮੈਂਬਰ ਨੂੰ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਮਾਮਲੇ ਦੀ ਵਿਸਥਾਰਤ ਸੁਣਵਾਈ ਲਈ 5 ਫਰਵਰੀ ਦੀ ਤਰੀਕ ਤੈਅ ਕੀਤੀ ਹੈ।
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ 4 ਅਕਤੂਬਰ ਨੂੰ ਸੰਜੈ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਈਡੀ ਨੇ ਦੋਸ਼ ਲਗਾਇਆ ਹੈ ਕਿ ਸੰਜੈ ਸਿੰਘ ਨੇ ਹੁਣ ਰੱਦ ਕੀਤੀ ਆਬਕਾਰੀ ਨੀਤੀ ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਮੁੱਖ ਭੂਮਿਕਾ ਨਿਭਾਈ, ਜਿਸ ਨਾਲ ਕੁਝ ਸ਼ਰਾਬ ਨਿਰਮਾਤਾਵਾਂ, ਥੋਕ ਵਿਕਰੇਤਾਵਾਂ ਅਤੇ ਪ੍ਰਚੂਨ ਵਿਕਰੇਤਾਵਾਂ ਨੂੰ ਫਾਇਦਾ ਹੋਇਆ। ਹਾਲਾਂਕਿ ਸੰਜੈ ਸਿੰਘ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ।
ਮਨੀ ਲਾਂਡਰਿੰਗ ਵਿਰੋਧੀ ਏਜੰਸੀ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਕਾਰੋਬਾਰੀ ਦਿਨੇਸ਼ ਅਰੋੜਾ ਨੇ ਰਾਜ ਸਭਾ ਮੈਂਬਰ ਦੇ ਘਰ ਦੋ ਕਿਸ਼ਤਾਂ ਵਿੱਚ 2 ਕਰੋੜ ਰੁਪਏ ਨਕਦ ਪਹੁੰਚਾਏ ਸਨ। ਈਡੀ ਦੇ ਅਨੁਸਾਰ, ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਅਰੋੜਾ ਨੇ ਦੋ ਮੌਕਿਆਂ ‘ਤੇ ਸਿੰਘ ਦੇ ਘਰ 2 ਕਰੋੜ ਰੁਪਏ ਦੀ ਨਕਦੀ ਪਹੁੰਚਾਈ ਸੀ। ਇਹ ਨਕਦੀ ਅਗਸਤ 2021 ਅਤੇ ਅਪ੍ਰੈਲ 2022 ਵਿਚਕਾਰ ਡਿਲੀਵਰ ਕੀਤੀ ਗਈ ਸੀ। ਹਾਲਾਂਕਿ ਸਿੰਘ ਨੇ ਇਸ ਦਾਅਵੇ ਤੋਂ ਇਨਕਾਰ ਕੀਤਾ ਹੈ। ਦਿੱਲੀ ‘ਤੇ ਰਾਜ ਕਰਨ ਵਾਲੀ ‘ਆਪ’ ਨੇ ਆਪਣੇ ਆਗੂਆਂ ਦੀਆਂ ਗ੍ਰਿਫਤਾਰੀਆਂ ਨੂੰ ‘ਸਿਆਸੀ ਸਾਜ਼ਿਸ਼’ ਕਰਾਰ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।