ਨਵੀਂ ਦਿੱਲੀ: ਦਿੱਲੀ ‘ਚ ਹਵਾ ‘ਚ ਨਮੀ ਕਾਰਨ ਮੌਸਮ ਦਾ ਮਿਜਾਜ਼ ਬਦਲ ਗਿਆ। ਮੀਂਹ ਕਾਰਨ ਠੰਢ ਜ਼ਿਆਦਾ ਮਹਿਸੂਸ ਕੀਤੀ ਜਾ ਰਹੀ ਹੈ। ਹੁਣ ਦਿੱਲੀ-ਐਨਸੀਆਰ ਵਿੱਚ ਦੋ ਦਿਨਾਂ ਲਈ ਸੰਘਣੀ ਧੁੰਦ ਅਤੇ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਉੱਤਰ-ਪੱਛਮੀ ਭਾਰਤ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ, 26 ਦਸੰਬਰ ਦੀ ਰਾਤ ਤੋਂ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਸੀ। ਜਿਸ ਦਾ ਅਸਰ 27 ਦਸੰਬਰ ਦਿਨ ਸ਼ੁੱਕਰਵਾਰ ਨੂੰ ਮੀਂਹ ਨਾਲ ਦੇਖਣ ਨੂੰ ਮਿਲਿਆ। 28 ਦਸੰਬਰ ਤੱਕ ਸਵੇਰ ਵੇਲੇ ਸੰਘਣੀ ਧੁੰਦ ਛਾਈ ਰਹੇਗੀ। ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਕਈ ਇਲਾਕਿਆਂ ‘ਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਸੀ। ਦਿੱਲੀ ਦੇ ਜ਼ਿਆਦਾਤਰ ਇਲਾਕਿਆਂ ‘ਚ ਸਵੇਰ ਤੋਂ ਹੀ ਬਾਰਿਸ਼ ਹੋਈ।
ਤਾਪਮਾਨ ਦੀ ਗੱਲ ਕਰੀਏ ਤਾਂ ਅੱਜ ਦਾ ਘੱਟੋ-ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਸੈਲਸੀਅਸ ਰਹੇਗਾ। ਮੌਸਮ ਵਿਭਾਗ ਨੇ ਕਿਹਾ ਹੈ ਕਿ ਸ਼ੁੱਕਰਵਾਰ ਦੁਪਹਿਰ ਤੋਂ ਸ਼ਨੀਵਾਰ ਦੁਪਹਿਰ ਤੱਕ ਜੰਮੂ-ਕਸ਼ਮੀਰ ਵਿੱਚ ਇੱਕ ਸਰਗਰਮ ਪੱਛਮੀ ਗੜਬੜੀ ਰਹੇਗੀ। ਅਧਿਕਾਰੀਆਂ ਨੇ ਦੱਸਿਆ ਕਿ 27 ਦਸੰਬਰ ਤੋਂ ਹਿਮਾਚਲ ਪ੍ਰਦੇਸ਼ ਦੀਆਂ ਉੱਚੀਆਂ ਅਤੇ ਦਰਮਿਆਨੀਆਂ ਪਹਾੜੀਆਂ ‘ਤੇ ਤਾਜ਼ਾ ਬਰਫਬਾਰੀ ਹੋਵੇਗੀ। ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ ਵੱਧ ਤੋਂ ਵੱਧ ਤਾਪਮਾਨ 14.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਸ਼ਿਮਲਾ ਦੇ ਨੇੜੇ ਇੱਕ ਪ੍ਰਸਿੱਧ ਸੈਲਾਨੀ ਸਥਾਨ ਕੁਫਰੀ ਵਿੱਚ ਵੱਧ ਤੋਂ ਵੱਧ ਤਾਪਮਾਨ 9.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਉੱਤਰਾਖੰਡ ਵਿੱਚ ਮੌਸਮ ਵਿਭਾਗ ਨੇ ਕਿਹਾ ਕਿ ਰਾਜਧਾਨੀ ਦੇਹਰਾਦੂਨ ਵਿੱਚ ਵੱਧ ਤੋਂ ਵੱਧ ਤਾਪਮਾਨ 24.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਸਾਲ ਦੇ ਇਸ ਸਮੇਂ ਲਈ ਆਮ ਨਾਲੋਂ ਲਗਭਗ 4 ਡਿਗਰੀ ਵੱਧ ਹੈ। ਨੈਨੀਤਾਲ ਵਿੱਚ ਵੱਧ ਤੋਂ ਵੱਧ ਤਾਪਮਾਨ 14.3 ਡਿਗਰੀ ਸੈਲਸੀਅਸ ਅਤੇ ਮਸੂਰੀ ਵਿੱਚ 15.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।