ਚੰਡੀਗੜ੍ਹ: ਪੰਜਾਬ ਰੋਡਵੇਜ਼ ਤੇ ਪਨਬੱਸ ਕਾਮਿਆਂ ਵੱਲੋਂ ਪਿਛਲੇ ਕੁੱਝ ਦਿਨਾਂ ਤੋਂ ਆਪਣੀਆਂ ਮੰਗ ਨੂੰ ਲੈ ਕੇ ਹੜਤਾਲ ਕੀਤੀ ਜਾਰੀ ਸੀ। ਬੀਤੇ ਕੱਲ ਪੱਟੀ (ਤਰਨਤਾਰਨ) ਵਿਖੇ ਟਰਾਂਸਪੋਰਟ ਮੰਤਰੀ ਨਾਲ ਕਰਮਚਾਰੀ ਯੂਨੀਅਨ ਦੀ ਮੀਟਿੰਗ ਹੋਈ ਇਸ ਦੌਰਾਨ ਕਰਮਚਾਰੀ ਯੂਨੀਅਨ ਅਤੇ ਸਰਕਾਰ ਵਿਚਲੀ ਸਹਿਮਤੀ ਬਣ ਗਈ ਹੈ। ਲੰਬੀ ਮੀਟਿੰਗ ਮਗਰੋਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਜਿਹੜੇ ਕਰਮਚਾਰੀ ਮੁਅੱਤਲ ਕੀਤੇ ਗਏ ਸਨ, ਉਨ੍ਹਾਂ ਨੂੰ ਬਹਾਲ ਕੀਤਾ ਜਾਵੇਗਾ ਅਤੇ ਕਰਮਚਾਰੀਆਂ ਦੀਆਂ ਬਾਕੀ ਜਾਇਜ਼ ਮੰਗਾਂ ਦਾ ਵੀ ਛੇਤੀ ਹੱਲ ਕੱਢਿਆ ਜਾਵੇਗਾ।
ਮੰਤਰੀ ਨੇ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਨਵੀਆਂ ਪਾਈਆਂ ਜਾ ਰਹੀਆਂ ਬੱਸਾਂ ਸਬੰਧੀ ਕਰਮਚਾਰੀ ਯੂਨੀਅਨਾਂ ਦਖ਼ਲਅੰਦਾਜ਼ੀ ਨਹੀਂ ਕਰਨਗੀਆਂ। ਉਨ੍ਹਾਂ ਕਿਹਾ ਕਿ ਡਿੱਪੂ ਪੱਧਰ ‘ਤੇ ਜੋ ਮੁਲਾਜ਼ਮ ਕਿਸੇ ਗ਼ੈਰਕਾਨੂੰਨੀ ਗਤੀਵਿਧੀ ‘ਚ ਸ਼ਾਮਲ ਪਾਏ ਗਏ, ਸਬੰਧੀ ਯੂਨੀਅਨਾਂ ਬਿਨ੍ਹਾਂ ਵਜ੍ਹਾ ਦਖ਼ਲ ਨਹੀਂ ਦੇਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਕਰਮਚਾਰੀਆਂ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਸੂਬੇ ਦੇ ਲੋਕਾਂ ਅਤੇ ਯਾਤਰੀਆਂ ਦੇ ਹਿੱਤਾਂ ਦਾ ਖਿਆਲ ਵੀ ਰੱਖ ਰਹੀ ਹੈ। ਮੰਤਰੀ ਨੇ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਹ ਲੋਕ ਹਿੱਤ ਵਿੱਚ ਆਪਣੀਆਂ ਸੇਵਾਵਾਂ ਨਿਭਾਉਣ ਅਤੇ ਸਰਕਾਰ ਵੀ ਆਪਣੇ ਕਰਮਚਾਰੀਆਂ ਦਾ ਪੂਰਾ ਖਿਆਲ ਰੱਖੇਗੀ।
ਲਾਲਜੀਤ ਭੁੱਲਰ ਨੇ ਅੱਗੇ ਦੱਸਿਆ ਕਿ ਸੂਬੇ ‘ਚ ਸਰਕਾਰੀ ਬੱਸ ਸੇਵਾ ਬਹਾਲ ਹੋ ਗਈ ਹੈ। ਉਨ੍ਹਾਂ ਕਿਹਾ ਕਿ ਹਰ ਮੁਸ਼ਕਿਲ ਤੋਂ ਮੁਸ਼ਕਿਲ ਮਾਮਲਿਆਂ ਦਾ ਹੱਲ ਗੱਲਬਾਤ ਜਰੀਏ ਕੱਢਿਆ ਜਾ ਸਕਦਾ ਹੈ।ਉਨ੍ਹਾਂ ਡਰਾਈਵਰਾਂ ਤੇ ਕੰਡਕਟਰਾਂ ਨੂੰ ਕਿਹਾ ਕਿ ਬੱਸ ਅੱਡਿਆਂ ‘ਤੇ ਸਕੂਲੀ ਤੇ ਕਾਲਜ ਵਿਦਿਆਰਥੀਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਕਿਉਂਕਿ ਉਹ ਦੇਸ਼ ਦਾ ਭਵਿੱਖ ਹਨ। ਇਸ ਮੀਟਿੰਗ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਹੁਣ ਇਕ ਵਾਰ ਫ਼ਿਰ ਤੋਂ ਸਰਕਾਰੀ ਬੱਸਾਂ ਦੀ ਆਵਾਜਾਈ ਆਮ ਵਾਂਗ ਸ਼ੁਰੂ ਕਰ ਦਿੱਤੀ ਜਾਵੇਗੀ ਤੇ ਲੋਕਾਂ ਨੂੰ ਖੱਜਲ ਖੁਆਰੀ ਤੋਂ ਰਾਹਤ ਮਿਲ ਜਾਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

