ਚੰਡੀਗੜ੍ਹ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਸ਼ਾਮਲ ਦੋਸ਼ੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਵਾਉਣ ਲਈ ਅੱਜ 10 ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪਹਿਲਾਂ ਇਨ੍ਹਾਂ ਸਿੱਖ ਜਥੇਬੰਦੀਆਂ ਵਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੰਥਕ ਸੰਮੇਲਨ ਦਾ ਐਲਾਨ ਕੀਤਾ ਗਿਆ ਸੀ।
ਸ਼੍ਰੋਮਣੀ ਕਮੇਟੀ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪਹਿਲਾਂ ਤਾਂ ਜਥੇਬੰਦੀਆਂ ਨੂੰ ਇੱਥੇ ਪਹੁੰਚਣ ਤੋਂ ਰੋਕਿਆ ਗਿਆ ਪਰ ਹਲਕੀ ਝੜਪ ਤੋਂ ਬਾਅਦ ਸਿੱਖ ਜਥੇਬੰਦੀਆਂ ਦੀਵਾਨ ਹਾਲ ਮੰਜੀ ਸਾਹਿਬ ਦੇ ਬਾਹਰ ਪਹੁੰਚੀਆਂ ਅਤੇ ਉਨ੍ਹਾਂ ਵਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ। ਇਸ ਮੌਕੇ ਸਿੱਖ ਜਥੇਬੰਦੀਆਂ ਵਲੋਂ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਸਹੀ ਫ਼ੈਸਲੇ ਸੰਬੰਧੀ ਅਤੇ ਦੋਸ਼ੀਆਂ ‘ਤੇ ਬਣਦੀ ਕਾਰਵਾਈ ਨੂੰ ਲੈ ਕੇ ਵਿਰੋਧਤਾ ਜਤਾਈ ਜਾ ਰਹੀ ਹੈ।