ਚੰਡੀਗੜ੍ਹ : ‘ਪੰਜਾਬ ਵਿੱਚ ਰਾਜ ਕਰਨ ਵਾਲੀਆਂ ਪਾਰਟੀਆਂ ਅਤੇ ਮੁੱਖ ਮੰਤਰੀਆਂ ਦੇ ਚਿਹਰੇ ਤਾਂ ਸਮੇਂ ਸਮੇਂ ’ਤੇ ਬਦਲੇ, ਪਰ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਸਧਾਰਨ ਵਾਪਾਰੀਆਂ- ਦੁਕਾਨਦਾਰਾਂ ਵੱਲੋਂ ਕੀਤੀਆਂ ਜਾ ਰਹੀਆਂ ਆਤਮ ਹੱਤਿਆਵਾਂ ਦਾ ਮਾੜਾ ਸਿਲਸਿਲਾ ਬਿਲਕੁੱਲ ਹੀ ਨਹੀਂ ਰੁਕਿਆ। ਜੇ ਸਰਕਾਰਾਂ ਮਾਫ਼ੀਆ ਅਤੇ ਭ੍ਰਿਸ਼ਟਾਚਾਰੀਆਂ ਨੂੰ ਨੱਥ ਪਾ ਕੇ ਉਸੇ ਪੈਸੇ ਨਾਲ ਕਿਸਾਨਾਂ- ਮਜ਼ਦੂਰਾਂ ਦੇ ਸਿਰਾਂ ਤੋਂ ਕਰਜ਼ੇ ਦਾ ਬੋਝ ਉਤਾਰ ਦਿੰਦੀਆਂ ਅਤੇ ਫ਼ਸਲਾਂ ਦੀ ਬਰਬਾਦੀ ਰੋਕਣ ਲਈ ਪ੍ਰਬੰਧ ਕਰਦੀਆਂ ਤਾਂ ਉਨ੍ਹਾਂ (ਕਿਸਾਨਾਂ) ਨੇ ਗਲ -ਫਾਹੇ ਨੀ ਸੀ ਲੈਣੇ ਅਤੇ ਨਾ ਹੀ ਜ਼ਹਿਰਾਂ ਪਾਣੀਆਂ ਸਨ।’ ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਸੂਬਾ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਘੱਦੂਵਾਲਾ ਦੇ ਇੱਕ ਹੋਰ ਕਿਸਾਨ ਦਰਸ਼ਨ ਸਿੰਘ ਵੱਲੋਂ ਨਰਮੇ ਦੀ ਫ਼ਸਲ ਤਬਾਹ ਹੋਣ ਅਤੇ ਕਰਜ਼ੇ ਦੀ ਪੰਡ ਦਾ ਵਜ਼ਨ ਨਾ ਸਹਾਰਦਿਆਂ ਜ਼ਹਿਰ ਪੀਣ ਲਈ ਮਜ਼ਬੂਰ ਹੋਣਾ ਪਿਆ। ਇਸ ਤੋਂ ਸਾਫ਼ ਹੈ ਕਿ ਕਾਂਗਰਸ ਅਤੇ ਅਕਾਲੀ ਦਲ- ਭਾਜਪਾ ਸਰਕਾਰਾਂ ਨੂੰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਕੋਈ ਪਰਵਾਹ ਨਹੀਂ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਡਰਾਮੇਬਾਜ਼ੀ ਤੋਂ ਵੱਧ ਕੁੱਝ ਨਹੀਂ ਕਰ ਰਹੇ। ਗੁਲਾਬੀ ਸੁੰਡੀ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਨ ਦੇ ਬਾਵਜੂਦ ਕਾਂਗਰਸ ਸਰਕਾਰ ਨੇ ਅਜੇ ਤੱਕ ਕੋਈ ਰਾਹਤ ਨਹੀਂ ਦਿੱਤੀ। ਇਸ ਤਰ੍ਹਾਂ ਕਾਂਗਰਸ ਅਤੇ ਬਾਦਲਾਂ ਨੇ ਕਰਜ਼ਾ ਮੁਆਫ਼ੀ ਦਾ ਢੰਢੋਰਾ ਤਾਂ ਪਿੱਟਿਆ ਹੈ ਪਰ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ ਦਾ ਕੋਈ ਕਰਜ਼ਾ ਮੁਆਫ਼ ਨਹੀਂ ਕੀਤਾ।
ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਉਤਰ ਪ੍ਰਦੇਸ਼ ਦੇ ਸ਼ਹੀਦ ਕਿਸਾਨਾਂ ਦਿੱਤੀ 50-50 ਲੱਖ ਦੀ ਸਹਾਇਤਾ ਚੰਗਾ ਕਦਮ ਹੈ। ਪਰ ਚੰਨੀ ਸਰਕਾਰ ਇਹ ਵੀ ਦੱਸੇ ਕਿ ਪੰਜਾਬ ਦੇ ਕਿਸਾਨਾਂ ਲਈ ਕੀ ਕੁੱਝ ਕਰ ਰਹੇ ਹੋ? ਕਿਸਾਨ ਅੰਦੋਲਨ ਦੌਰਾਨ ਸੱਤ ਸੌ ਤੋਂ ਵੱਧ ਕਿਸਾਨ ਸ਼ਹੀਦ ਹੋਏ ਹਨ, ਚੰਨੀ ਸਰਕਾਰ ਉਨ੍ਹਾਂ ਬਾਰੇ ਕਿਉਂ ਨਹੀਂ ਕੁੱਝ ਕਰ ਰਹੀ? ਉਨ੍ਹਾਂ ਕਿਹਾ ਕਿ ਅੱਜ ਵੀ ਪੰਜਾਬ ਦੇ ਕਿਸਾਨ ਕਰਜ਼ੇ ਦਾ ਭਾਰ ਚੁੱਕੀ ਫ਼ਿਰਦੇ ਹਨ, ਜਦੋਂ ਕਿ 2017 ਵਿੱਚ ਕਾਂਗਰਸ ਪਾਰਟੀ ਨੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਹਰ ਤਰ੍ਹਾਂ ਦਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ। ਬਾਦਲਾਂ ਦੇ ਰਾਜ ਵਾਂਗ ਅੱਜ ਵੀ ਨਰਮੇ ਦੇ ਘਟੀਆ ਬੀਜ ਅਤੇ ਨਿਕੰਮੀਆਂ ਕੀਟਨਾਸ਼ਕ ਦਵਾਈਆਂ ਕਿਸਾਨਾਂ ਨੂੰ ਦਿੱਤੀਆਂ ਗਈਆਂ, ਜਿਸ ਕਾਰਨ ਨਰਮੇ ਦੀ ਤਿਆਰ ਹੋਈ ਫ਼ਸਲ ਗੁਲਾਬੀ ਸੁੰਡੀ ਨਾਲ ਬਰਬਾਦ ਹੋ ਗਈ।
ਸੰਧਵਾਂ ਨੇ ਦੋਸ਼ ਲਾਇਆ ਕਿ ਚੰਨੀ ਸਰਕਾਰ ਨੇ ਕਿਸਾਨਾਂ ਨੂੰ ਨਾ ਹੀ ਨਰਮੇ ਦੀ ਬਰਬਾਦ ਫ਼ਸਲ ਦਾ ਕੋਈ ਮੁਆਵਜ਼ਾ ਦਿੱਤਾ ਅਤੇ ਨਾ ਹੀ ਪੂਰੀ ਤਰ੍ਹਾਂ ਕਰਜ਼ਾ ਮੁਆਫ਼ ਕੀਤਾ। ਜੇ ਸਰਕਾਰ ਨੇ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ ਕੀਤਾ ਹੁੰਦਾ ਅਤੇ ਕਿਸਾਨਾਂ ਨੂੰ ਫ਼ਸਲਾਂ ਦੇ ਚੰਗੇ ਬੀਜ ਅਤੇ ਚੰਗੀਆਂ ਕੀਟਨਾਸ਼ਕ ਦਵਾਈਆਂ ਦਿੱਤੀਆਂ ਹੁੰਦੀਆਂ ਤਾਂ ਦਰਸ਼ਨ ਸਿੰਘ ਅਤੇ ਦਰਜ਼ਨਾਂ ਹੋਰ ਕਿਸਾਨ ਤੇ ਖੇਤ ਮਜ਼ਦੂਰ ਮੌਤ ਨੂੰ ਗਲੇ ਨਾ ਲਾਉਂਦਾ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਸੂਬੇ ’ਚ ਚਲਦੇ ਮਾਫ਼ੀਆ ਰਾਜ ਨੂੰ ਨੱਥ ਪਾਈ ਹੁੰਦੀ ਅਤੇ ਮਾਰੂ ਬਿਜਲੀ ਸਮਝੌਤੇ ਰੱਦ ਕੀਤੇ ਹੁੰਦੇ ਤਾਂ ਕਿਸਾਨਾਂ- ਮਜ਼ਦੂਰਾਂ ਦੇ ਮਾਮੂਲੀ ਕਰਜ਼ੇ ਮੁਆਫ਼ ਕਰਨ ਲਈ ਸਰਕਾਰ ਨੂੰ ਕਰਜ਼ਾ ਲੈਣ ਦੀ ਲੋੜ ਨਹੀਂ ਸੀ ਪੈਣੀ।
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, ‘‘ਜੇ ਕਾਂਗਰਸ ਸਰਕਾਰ ਕਿਸਾਨਾਂ ਦੀ ਸੱਚੀ ਹਮਦਰਦ ਹੈ ਤਾਂ ਤੁਰੰਤ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇ। ਪੰਜਾਬ ਦੇ ਸ਼ਹੀਦ ਕਿਸਾਨਾਂ ਨੂੰ ਵੀ ਯੂ.ਪੀ. ਦੀ ਤਰਜ ’ਤੇ 50- 50 ਲੱਖ ਦੀ ਵਿੱਤੀ ਮਦਦ ਦੇਵੇ ਅਤੇ ਗੁਲਾਬੀ ਸੁੰਡੀ ਨਾਲ ਤਬਾਹ ਹੋਈ ਨਰਮੇ ਦੀ ਫ਼ਸਲ ਦਾ ਪ੍ਰਤੀ ਏਕੜ ਘੱਟੋ ਘੱਟ 50 ਹਜ਼ਾਰ ਤੋਂ ਲੈ ਕੇ ਇੱਕ ਲੱਖ ਰੁਪਏ ਦਾ ਮੁਆਵਜ਼ਾ ਤੁਰੰਤ ਜਾਰੀ ਕਰੇ।’’