ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਨਤਕ ਕੀਤੇ ਸਹਾਇਤਾ ਵੇਰਵੇ

Global Team
2 Min Read
ਨਿਊਜ ਡੈਸਕ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਤੇ 10 ਮਹੀਨਿਆਂ ਦੌਰਾਨ ਧਰਮ ਪ੍ਰਚਾਰ ਲਹਿਰ ਤਹਿਤ 61 ਹਜ਼ਾਰ ਦੇ ਕਰੀਬ ਸੰਗਤਾਂ ਨੂੰ ਅੰਮ੍ਰਿਤ ਛਕਾਉਣ ਦੀ ਜਾਣਕਾਰੀ ਦਿੱਤੀ, ਉਥੇ ਹੀ ਸਿੱਖ ਸੰਸਥਾ ਵੱਲੋਂ ਵੱਖ-ਵੱਖ ਫੰਡਾਂ ਤਹਿਤ ਦਿੱਤੀ ਗਈ ਸਹਾਇਤਾ ਦੇ ਵੀ ਵੇਰਵੇ ਜਨਤਕ ਕੀਤੇ। ਉਨ੍ਹਾਂ ਦੱਸਿਆ ਕਿ ਬੰਦੀ ਸਿੰਘਾਂ ਦੇ ਕੇਸਾਂ ਵਿਚ ਮਦਦ ਕਰਨ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਹਾਇਤਾ ਵਜੋਂ ਹੁਣ ਤੱਕ 1.37 ਕਰੋੜ ਰੁਪਏ ਖਰਚੇ ਗਏ ਹਨ। ਕਿਸਾਨ ਸੰਘਰਸ਼ ਦੌਰਾਨ ਚਲਾਣਾ ਕਰਨ ਵਾਲਿਆਂ ਦੇ ਪਰਿਵਾਰਾਂ ਨੂੰ 2.85 ਕਰੋੜ ਰੁਪਏ, ਧਰਮੀ ਫ਼ੌਜੀਆਂ ਨੂੰ 8.85 ਕਰੋੜ ਰੁਪਏ, ਕੈਂਸਰ ਪੀੜਤਾਂ ਨੂੰ 31.91 ਕਰੋੜ ਰੁਪਏ, ਜੋਧਪੁਰ ਨਜ਼ਰਬੰਦ ਰਹੇ ਸਿੰਘਾਂ ਲਈ 2.42 ਕਰੋੜ ਰੁਪਏ, ਜੰਮੂ ਕਸ਼ਮੀਰ ਹੜ੍ਹ ਪੀੜਤਾਂ ਨੂੰ 1.15 ਕਰੋੜ ਰੁਪਏ, ਧਰਮ ਅਰਥ ਫੰਡ ਤਹਿਤ ਲੋੜਵੰਦਾਂ ਨੂੰ 14.79 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਗਈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਬੀਤੇ ਸਾਲ ਦੌਰਾਨ ਅੰਮ੍ਰਿਤਧਾਰੀ ਵਿਦਿਆਰਥੀਆਂ, ਧਾਰਮਿਕ ਪ੍ਰੀਖਿਆ ਤੇ ਸਿਕਲੀਗਰ ਵਣਜਾਰੇ ਸਿੱਖਾਂ ਆਦਿ ਨੂੰ ਵੱਡੀ ਸਹਾਇਤਾ ਦਿੱਤੀ ਗਈ ਹੈ। ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਸਾਲ 2021-2022 ਦੌਰਾਨ 2.10 ਕਰੋੜ ਰੁਪਏ ਦੇ ਵਜ਼ੀਫੇ, ਅੰਮ੍ਰਿਤਧਾਰੀ ਬੱਚੀਆਂ ਨੂੰ ਮੁਫ਼ਤ ਵਿਦਿਆ ਲਈ 52.35 ਲੱਖ ਰੁਪਏ, ਸਿਕਲੀਗਰ ਦੇ ਵਣਜਾਰੇ ਸਿੱਖਾਂ ਲਈ 43.48 ਲੱਖ ਰੁਪਏ, ਧਾਰਮਿਕ ਪ੍ਰੀਖਿਆ ਦੇਣ ਵਾਲੇ ਬੱਚਿਆਂ ਨੂੰ 23.87 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਮਸਲਿਆਂ ਦੀ ਪੈਰਵਾਈ ਦੇ ਨਾਲ-ਨਾਲ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਵਚਨਬਧ ਹੈ ਅਤੇ ਰਹੇਗੀ।
ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ ਵਿਚ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਸਾਕਾ ਸ੍ਰੀ ਪੰਜਾ ਸਾਹਿਬ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਵੱਲੋਂ ਜਿੱਤੀ ਗਈ ਐਸਐਨਬੀਪੀ ਆਲ ਇੰਡੀਆ ਚੈਂਪੀਅਨਸ਼ਿਪ ਅਤੇ ਸੂਬਾ ਪੱਧਰੀ ਗਤਕਾ ਮੁਕਾਬਲਿਆਂ ਵਿਚ ਸ਼੍ਰੋਮਣੀ ਕਮੇਟੀ ਟੀਮ ਵੱਲੋਂ ਜੇਤੂ ਰਹਿਣ ’ਤੇ ਵਧਾਈ ਦਿੰਦਿਆਂ ਸਨਮਾਨ ਕਰਨ ਦਾ ਫੈਸਲਾ ਕੀਤਾ।
Share This Article
Leave a Comment