ਚੰਡੀਗੜ੍ਹ: ED ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਹ ਕਾਰਵਾਈ ਉਸ ਸਮੇਂ ਕੀਤੀ ਗਈ ਸੀ ਜਦੋਂ ਉਹ ਵਰਕਰਾਂ ਨਾਲ ਮੀਟਿੰਗ ਕਰ ਰਹੇ ਸਨ। ਮੀਟਿੰਗ ਵਿੱਚ ਪਹੁੰਚੀ ਈਡੀ ਉਨ੍ਹਾਂ ਨੂੰ ਆਪਣੇ ਨਾਲ ਲੈ ਗਈ। ਮੁੱਢਲੀ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉਨ੍ਹਾਂ ‘ਤੇ 40 ਕਰੋੜ ਰੁਪਏ ਦੇ ਬੈਂਕ ਫਰਾਡ ਦਾ ਦੋਸ਼ ਹੈ। ਪਰ ਹੁਣ ਗ੍ਰਿਫ਼ਤਾਰੀ ਤੋਂ ਬਾਅਦ ਵਿਧਾਇਕ ਦੀ ਸਿਹਤ ਵਿਗੜ ਗਈ ਹੈ ਤੇ ਉਨ੍ਹਾਂ ਨੂੰ ਚੰਡੀਗੜ੍ਹ ਦੇ ਪੀਜੀਆਈ ‘ਚ ਦਾਖਲ ਕਰਵਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪਿਛਲੇ ਸਾਲ ਸਤੰਬਰ ‘ਚ ਈਡੀ ਨੇ ਵਿਧਾਇਕ ਦੇ ਘਰ ਛਾਪਾ ਮਾਰਿਆ ਸੀ। ਉਦੋਂ ਜਸਵੰਤ ਸਿੰਘ ਗੱਜਣਮਾਜਰਾ ਨੇ ਦੱਸਿਆ ਸੀ ਕਿ ਈਡੀ ਦੀ ਟੀਮ ਨੇ ਉਨ੍ਹਾਂ ਦੇ ਘਰ ਤੋਂ 32 ਲੱਖ ਰੁਪਏ ਕੈਸ਼ ਤੇ ਤਿੰਨ ਮੋਬਾਈਲ ਫੋਨ ਆਪਣੇ ਨਾਲ ਲੈ ਗਈ। ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਗੱਜਣਮਾਜਰਾ ਤੇ ਇਹ ਮਾਮਲਾ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਦਾ ਹੈ। ਪਾਰਟੀ ਦਾ ਇਸ ਨਾਲ ਕੁਝ ਵੀ ਲੈਣਾ-ਦੇਣਾ ਨਹੀਂ ਹੈ। ਪਰ ਨਾਲ ਹੀ ਉਨ੍ਹਾਂ ਨੇ ਈਡੀ ਦੀ ਕਾਰਵਾਈ ‘ਤੇ ਸਵਾਲ ਵੀ ਖੜ੍ਹੇ ਕੀਤੇ ਹਨ।ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਈਡੀ ਨੇ ਵਿਧਾਇਕ ਨੂੰ ਉਸ ਸਮੇਂ ਹਿਰਾਸਤ ਵਿੱਚ ਲਿਆ ਜਦੋਂ ਉਹ ਵਰਕਰਾਂ ਨਾਲ ਮੀਟਿੰਗ ਕਰ ਰਹੇ ਸਨ, ਜੋ ਬਿਲਕੁਲ ਗਲਤ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.