ਕੋਰੋਨਾ ਸੰਕਟ ਦੇ ਚਲਦਿਆਂ ਕੇਂਦਰ ਅਤੇ ਸੂਬਾ ਸਰਕਾਰਾਂ ਆਪਣਾ ਫਰਜ਼ ਨਿਭਾਉਣ : ਸੋਨੀਆ ਗਾਂਧੀ

TeamGlobalPunjab
2 Min Read

ਨਵੀਂ ਦਿੱਲੀ : ਕਾਂਗਰਸ ਪਾਰਟੀ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਨੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਨੂੰ ਕੋਰੋਨਾ ਸੰਕਟ ਦਾ ਮੁਕਾਬਲਾ ਕਰਨ ਲਈ ਠੋਸ ਉਪਰਾਲੇ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਇਸ ਕਾਰਜ ਲਈ ਕਾਂਗਰਸ ਪਾਰਟੀ ਵੱਲੋਂ ਪੂਰਾ ਸਹਿਯੋਗ ਦਿੱਤੇ ਜਾਣ ਦਾ ਭਰੋਸਾ ਦਿੱਤਾ ਹੈ । ਸੋਨੀਆ ਗਾਂਧੀ ਨੇ ਸ਼ਨੀਵਾਰ ਨੂੰ ਰਾਜ ਸਰਕਾਰਾਂ ਅਤੇ ਕੇਂਦਰ ਦੇ ਨਾਂ ਜਾਰੀ ਆਪਣੇ ਵੀਡੀਓ ਸੰਦੇਸ਼ ਵਿਚ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸਰਕਾਰਾਂ ਆਪਣੇ ਫਰਜ਼ਾਂ ਨੂੰ ਨਿਭਾਉਣ ਅਤੇ ਕੋਵਿਡ ਦੀ ਦੂਜੀ ਲਹਿਰ ਦੇ ਸੰਕਟ ਦਾ ਜਵਾਬ ਦੇਣ ।

ਗਾਂਧੀ ਨੇ ਇਹ ਵੀ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਕੇਂਦਰ ਸਰਕਾਰ ਸਿਆਸੀ ਸਹਿਮਤੀ ਬਣਾਏ ਅਤੇ ਮਹਾਂਮਾਰੀ ਨਾਲ ਨਜਿੱਠਣ ਲਈ ਰਾਸ਼ਟਰੀ ਨੀਤੀ ਵਿਕਸਤ ਕਰੇ। ਸੋਨੀਆ ਗਾਂਧੀ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਹਰੇਕ ਨਾਗਰਿਕ ਨੂੰ ਵੈਕਸੀਨ ਦਾ ਮੁਫ਼ਤ ਟੀਕਾ ਲਗਾਇਆ ਜਾਵੇ। ਉਨ੍ਹਾਂ ਸਰਕਾਰ ਨੂੰ ਟੀਕਾਕਰਨ ਮੁਹਿੰਮ ਨੂੰ ਤੇਜ਼ ਕਰਨ ਲਈ ਟੀਕਾ ਉਤਪਾਦਨ ਵਧਾਉਣ ਦਾ ਸੁਝਾਅ ਦਿੱਤਾ। ਕਾਂਗਰਸ ਦੇ ਸਹਿਯੋਗ ਦਾ ਭਰੋਸਾ ਦਿੰਦਿਆਂ ਸੋਨੀਆ ਗਾਂਧੀ ਨੇ ਜ਼ਿੰਦਗੀ ਬਚਾਉਣ ਵਾਲੀਆਂ ਜ਼ਰੂਰੀ ਦਵਾਈਆਂ ਦੀ ਕਾਲਾ ਬਾਜ਼ਾਰੀ ਵਿਰੁੱਧ ਸਖਤ ਕਾਰਵਾਈ ਦੀ ਅਪੀਲ ਕੀਤੀ।

ਉਸਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕੋਵਿਡ-19 ਦੀ ਦੂਜੀ ਲਹਿਰ ਤੋਂ ਬਚਣ ਵਿੱਚ ਸਹਾਇਤਾ ਲਈ ਹਰ ਗਰੀਬ ਪਰਿਵਾਰ ਨੂੰ 6,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇ।

ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਨੇ ਪਿਛਲੇ ਹਫ਼ਤੇ ਰਾਏਬਰੇਲੀ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਕਿਹਾ ਕਿ ਉਹ ਉਹਨਾਂ ਦੇ ਐਮ.ਪੀ.-ਐਲਡੀਐਸ ਫੰਡਾਂ ਦੀ ਬਾਕੀ ਬਚੀ ਰਕਮ ਮਹਾਂਮਾਰੀ ਨਾਲ ਪੀੜਤ ਲੋਕਾਂ ਦੀ ਸਹਾਇਤਾ ਲਈ ਵਰਤ ਸਕਦੇ ਹਨ ।

Share this Article
Leave a comment