ਖੰਨਾ: ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਸੈਰ ਸਪਾਟਾ, ਸੱਭਿਆਚਾਰਕ ਮਾਮਲਿਆਂ ਅਤੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਐਤਵਾਰ ਨੂੰ ਹਲਕਾ ਖੰਨਾ ਦੇ ਪਿੰਡ ਕੋਟ ਸੇਖੋਂ, ਮਹਿੰਦੀਪੁਰ, ਕੌੜੀ ਅਤੇ ਬਹੋਮਾਜਰਾ ਵਿੱਚ ਲੋਕ ਮਿਲਣੀ ਪ੍ਰੋਗਰਾਮ ਕਰਕੇ ਇਲਾਕਾ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਸਬੰਧੀ ਮੰਗਾਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।
ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਕਾਸ ਕਾਰਜਾਂ ਲਈ 55 ਲੱਖ ਰੁਪਏ ਦੀਆਂ ਗ੍ਰਾਂਟਾਂ ਦਾ ਐਲਾਨ ਵੀ ਕੀਤਾ। ਲੋਕ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਪੰਚਾਇਤ ਨੁਮਾਇੰਦਿਆਂ ਅਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ ਅਤੇ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦੀ ਸ਼ਲਾਘਾ ਕੀਤੀ।
ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਅਤੇ ਹਰ ਪਿੰਡ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਤੱਕ ਲੈ ਕੇ ਜਾਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਿਕਾਸ ਕਾਰਜਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਅਮਲ ਵਿੱਚ ਲਿਆ ਰਹੀ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਪਿੰਡ ਮਹਿੰਦੀਪੁਰ ਦੇ ਵਿਕਾਸ ਕਾਰਜਾਂ ਲਈ 15 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ, ਜਿਸ ਵਿੱਚ 10 ਲੱਖ ਰੁਪਏ ਰਵਿਦਾਸ ਧਰਮਸ਼ਾਲਾ ਦੇ ਵਿਕਾਸ ਅਤੇ 5 ਲੱਖ ਰੁਪਏ ਸੀਵਰੇਜ ਸਿਸਟਮ ਲਈ ਦਿੱਤੇ ਗਏ ਹਨ। ਪਿੰਡ ਕੌੜੀ ਲਈ 20 ਲੱਖ ਰੁਪਏ ਦੀ ਗ੍ਰਾਂਟ ਵਿੱਚੋਂ 15 ਲੱਖ ਰੁਪਏ ਕਮਿਊਨਿਟੀ ਸ਼ੈੱਡ ਅਤੇ 5 ਲੱਖ ਰੁਪਏ ਬੱਸ ਸਟੈਂਡ ਦੇ ਨਿਰਮਾਣ ਲਈ ਦਿੱਤੇ ਗਏ ਹਨ।
ਪਿੰਡ ਬਹੋਮਾਜਰਾ ਦੇ ਵਿਕਾਸ ਲਈ 15 ਲੱਖ ਰੁਪਏ ਦੀ ਗ੍ਰਾਂਟ ਵਿੱਚ 5-5 ਲੱਖ ਰੁਪਏ ਸੀਵਰੇਜ, ਪਲੇਅ ਗਰਾਊਂਡ ਅਤੇ ਬੱਸ ਸਟੈਂਡ ਦੇ ਵਿਕਾਸ ਲਈ ਦਿੱਤੇ ਗਏ ਹਨ। ਇਸੇ ਤਰ੍ਹਾਂ ਪਿੰਡ ਕੋਟ ਸੇਖੋਂ ਦੇ ਬੱਸ ਸਟੈਂਡ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ ਕੀਤਾ ਗਿਆ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਪਿੰਡਾਂ ਦਾ ਬੁਨਿਆਦੀ ਢਾਂਚਾ ਹੋਰ ਮਜ਼ਬੂਤ ਹੋਵੇਗਾ, ਲੋਕਾਂ ਨੂੰ ਰੋਜ਼ਾਨਾ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ ਅਤੇ ਪਿੰਡਾਂ ਦੇ ਸਮੁੱਚੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨ ਲਈ ਵਚਨਬੱਧ ਹੈ।
ਸੌਂਦ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਸੜਕਾਂ, ਪੇਂਡੂ ਵਿਕਾਸ, ਰੋਜ਼ਗਾਰ ਅਤੇ ਲੋਕ ਭਲਾਈ ਦੇ ਖੇਤਰਾਂ ਵਿੱਚ ਇਤਿਹਾਸਕ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਲੋਕ-ਭਲਾਈ ਸਕੀਮਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚਾਇਆ ਜਾ ਰਿਹਾ ਹੈ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਸਮੇਂ ਸਿਰ ਯਕੀਨੀ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਪਿੰਡ ਵਾਸੀਆਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਭਰੋਸਾ ਦਿੱਤਾ ਕਿ ਹਲਕਾ ਖੰਨਾ ਦੇ ਵਿਕਾਸ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ, ਚੇਅਰਮੈਨ ਬਲਾਕ ਸੰਮਤੀ ਖੰਨਾ ਲਖਵੀਰ ਸਿੰਘ ਗਿੱਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਸਟਰ ਅਵਤਾਰ ਸਿੰਘ ਦੈਹਿੜੂ, ਓ.ਐਸ.ਡੀ ਕਰਨ ਅਰੋੜਾ, ਐਡਵੋਕੇਟ ਮਨਰੀਤ ਸਿੰਘ ਨਾਗਰਾ, ਅਮਰਦੀਪ ਸਿੰਘ ਪੁਰੇਵਾਲ, ਬੀ.ਡੀ.ਪੀ.ਓ ਖੰਨਾ ਸਤਵਿੰਦਰ ਸਿੰਘ ਕੰਗ, ਪੰਚਾਇਤ ਅਫਸਰ ਕੁਲਦੀਪ ਸਿੰਘ ਤੋਂ ਇਲਾਵਾ ਪੰਚਾਇਤ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।

