ਅੰਮ੍ਰਿਤਸਰ: ਕੇਂਦਰ ਦੇ ਖੇਤੀ ਕਾਨੂੰਨ ਖਿਲਾਫ਼ ਅੰਮ੍ਰਿਤਸਰ ‘ਚ ਨਿੱਤਰੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਅੰਦੋਲਨ ਨੂੰ ਅੱਜ ਇੱਕ ਮਹੀਨਾ ਪੂਰਾ ਹੋ ਗਿਆ ਹੈ। ਇੱਥੇ ਕਿਸਾਨਾਂ ਦਾ ਦੇਵੀਦਾਸਪੁਰ ‘ਚ ਰੇਲ ਰੋਕੋ ਅੰਦੋਲਨ ਚੱਲ ਰਿਹਾ ਹੈ। ਅੰਦੋਲਨ ਦਾ ਇੱਕ ਮਹੀਨਾ ਪੂਰਾ ਹੋਣ ‘ਤੇ ਜਥੇਬੰਦੀ ਵੱਲੋਂ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਜਿਸ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵਿਸ਼ਾਲ ਇੱਕਠ ਕੀਤਾ ਗਿਆ। ਇਸ ਮੌਕੇ ਔਰਤਾਂ ਵੀ ਵੱਡੀ ਗਿਣਤੀ ‘ਚ ਸ਼ਾਮਲ ਹੋਈਆਂ। ਜਥੇਬੰਦੀ ਵੱਲੋਂ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਦੁਸਿਹਰਾ ਮਨਾਇਆ ਗਿਆ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਰੇਲ ਰੋਕੋ ਅੰਦੋਲਨ ਖ਼ਤਮ ਨਾ ਕਰਨ ਦਾ ਫੈਸਲਾ ਕੀਤਾ ਸੀ। ਜਦਕਿ ਬਾਕੀ ਜਥੇਬੰਦੀਆਂ ਨੇ ਪੰਜਾਬ ਸਰਕਾਰ ਦੀ ਗੁਹਾਰ ‘ਤੇ ਆਪੋ ਆਪਣਾ ਅੰਦੋਲਨ ਖ਼ਤਮ ਕਰ ਦਿੱਤਾ ਸੀ। ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੂੰ ਰੇਲ ਟਰੈਕ ‘ਤੇ ਬੈਠੇ ਹੋਏ ਇੱਕ ਮਹੀਨਾ ਪੂਰਾ ਹੋ ਗਿਆ ਹੈ।
ਕਿਸਾਨ ਕੇਂਦਰ ਸਰਕਾਰ ਤੋਂ ਮੰਗ ਕਰ ਰਹੇ ਨੇ ਕਿ ਜਿਹੜੇ ਤਿੰਨ ਖੇਤੀ ਕਾਨੂੰਨ ਲਾਗੂ ਕੀਤੇ ਗਏ ਹਨ ਉਨ੍ਹਾਂ ਨੂੰ ਰੱਦ ਕੀਤਾ ਜਾਵੇਗਾ। ਪਰ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਹਾਰ ‘ਚ ਚੋਣ ਰੈਲੀ ਦੌਰਾਨ ਸਾਫ਼ ਕੀਤਾ ਕਿ ਉਹ ਆਪਣੇ ਪੈਰ ਪਿੱਛੇ ਨਹੀਂ ਹਟਾਉਣਗੇ। ਕਾਨੂੰਨ ਕਿਸਾਨਾਂ ਦੀ ਭਲਾਈ ਹੀ ਜਾਰੀ ਕੀਤੇ ਗਏ ਹਨ। ਕੇਂਦਰ ਦੇ ਦਾਅਵਿਆਂ ਤੋਂ ਉਲਟ ਪੰਜਾਬ ਵਿੱਚ ਕਿਸਾਨ ਲਗਾਤਾਰ ਇਹਨਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।