ਨਵੀੰ ਦਿੱਲੀ : ਕੇਂਦਰ ਸਰਕਾਰ ਨੇ ਅੰਤਰਰਾਸ਼ਟਰੀ ਉਡਾਣਾਂ ਦੀ ਮੁੜ ਸ਼ੁਰੂਆਤ ਬਾਰੇ ਆਪਣੇ ਪਹਿਲਾਂ ਦੇ ਐਲਾਨ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਹੈ। ਇਹ ਫੈਸਲਾ ਕੋਰੋਨਾ ਦੇ ‘ਓਮੀਕਰੋਨ ਵੈਰੀਏਂਟ’ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਗਿਆ ਹੈ।
ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (DGCA) ਅਨੁਸਾਰ 15 ਦਸੰਬਰ ਤੋਂ ਨਿਰਧਾਰਤ ਅੰਤਰਰਾਸ਼ਟਰੀ ਉਡਾਣਾਂ ਨੂੰ ਮੁੜ ਸ਼ੁਰੂ ਕਰਨ ਦੇ ਫੈਸਲੇ ਨੂੰ ਟਾਲ ਦਿੱਤਾ ਗਿਆ ਹੈ। ਨਵੀਆਂ ਤਰੀਕਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਪਹਿਲਾਂ 26 ਨਵੰਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਦੱਸਿਆ ਸੀ ਕਿ 15 ਦਸੰਬਰ ਤੋਂ ਭਾਰਤ ਆਉਣ-ਜਾਣ ਵਾਲੀਆਂ ਸਾਰੀਆਂ ਅੰਤਰਰਾਸ਼ਟਰੀ ਉਡਾਣਾਂ ਆਮ ਵਾਂਗ ਚੱਲਣਗੀਆਂ। ਪਰ ਹੁਣ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਨ ਦੇ ਖਤਰੇ ਦੇ ਮੱਦੇਨਜ਼ਰ ਇਸ ਓਪਰੇਸ਼ਨ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਉਡਾਣਾਂ ਬਾਰੇ ਨਵੀਆਂ ਤਰੀਕਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਣ ਬਾਰੇ ਜਾਣਕਾਰੀ ਦਿੱਤੀ ਗਈ ਹੈ।
ਦੱਸ ਦੇਈਏ ਕਿ ਕੋਵਿਡ-19 ਮਹਾਮਾਰੀ ਕਾਰਨ 23 ਮਾਰਚ 2020 ਤੋਂ ਭਾਰਤ ਆਉਣ-ਜਾਣ ਵਾਲੀਆਂ ਸਾਰੀਆਂ ਅੰਤਰਰਾਸ਼ਟਰੀ ਉਡਾਣਾਂ ਬੰਦ ਹਨ। ਇਸ ਸਮੇਂ ਭਾਰਤ ਲਗਭਗ 28 ਦੇਸ਼ਾਂ ਦੇ ਨਾਲ ਏਅਰ ਬਬਲ ਸਮਝੌਤੇ ਦੇ ਤਹਿਤ ਵਿਸ਼ੇਸ਼ ਅੰਤਰਰਾਸ਼ਟਰੀ ਯਾਤਰੀ ਉਡਾਣਾਂ ਸੰਚਾਲਿਤ ਕਰ ਰਿਹਾ ਹੈ।