ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪਲਾਜ਼ਾ ਵਿਖੇ ਗੁਰੂ ਨਾਨਕ ਖਾਲਸਾ ਕਾਲਜ ਮੁੰਬਈ ਦੇ ਚੇਅਰਮੈਨ ਗੁਰਿੰਦਰ ਸਿੰਘ ਬਾਵਾ ਦੇ ਯਤਨਾਂ ਨਾਲ ਲਗਾਏ ਗਏ ਕੋਰੋਨਾ ਟੀਕਾਕਰਣ ਕੈਂਪ ਵਿਚ ਦੋ ਹਜ਼ਾਰ ਵੈਕਸੀਨ ਮੁਫ਼ਤ ਲਗਾਈ ਗਈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਇਸ ਕੈਂਪ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ।
ਇਸ ਮੌਕੇ ਐਡਵੋਕੇਟ ਧਾਮੀ ਨੇ ਗੁਰਿੰਦਰ ਸਿੰਘ ਬਾਵਾ ਅਤੇ ਉਨ੍ਹਾਂ ਦੇ ਸਹਿਯੋਗੀ ਹਰਪਾਲ ਸਿੰਘ ਭਾਟੀਆ ਇੰਦੌਰ ਅਤੇ ਸ੍ਰੀ ਨਰਿੰਦਰ ਕੁਮਾਰ ਦੇ ਉਦਮ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਮੌਜੂਦਾ ਦੌਰ ਵਿਚ ਕੋਰੋਨਾ ਟੀਕਾਕਰਣ ਦੀ ਸੇਵਾ ਵੱਡੀ ਸੇਵਾ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਵੈਕਸੀਨ ਦੇ ਮੁਹੱਈਆ ਹੋਣ ਦੇ ਸਮੇਂ ਤੋਂ ਹੀ ਟੀਕਾਕਰਣ ਦੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰੂ ਨਾਨਕ ਖਾਲਸਾ ਕਾਲਜ ਮੁੰਬਈ ਦੀ ਮੈਨੇਜਮੈਂਟ ਵੱਲੋਂ ਇਸ ਵਿਚ ਸਹਿਯੋਗੀ ਬਣਨਾ ਹੋਰ ਵੀ ਮਹੱਤਵਪੂਰਨ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਓਐਸਡੀ ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਇੰਚਾਰਜ ਸ਼ਾਹਬਾਜ਼ ਸਿੰਘ, ਹਰਮੀਤ ਸਿੰਘ ਸਲੂਜਾ ਆਦਿ ਮੌਜੂਦ ਸਨ।