ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਹਸਤਾਖ਼ਰ ਮੁਹਿੰਮ ਸ਼ੁਰੂ

Rajneet Kaur
2 Min Read

ਨਿਊਜ਼ ਡੈਸਕ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੇਸਗੜ੍ਹ ਸਾਹਿਬ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਲੜੀ ਤਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕਰਨ ਤੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਹਸਤਾਖਰ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਅਰਦਾਸ ਕੀਤੀ ਗਈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦਾ ਮਸਲਾ ਕੇਵਲ ਸਿੱਖਾਂ ਦਾ ਮਸਲਾ ਨਹੀਂ, ਸਾਰੇ ਧਰਮਾਂ ਦੇ ਇਨਸਾਫ਼ ਪਸੰਦ ਲੋਕ ਜੋ ਮਨੁੱਖੀ ਹੱਕਾਂ ਦੇ ਹਿਤੈਸ਼ੀ ਨੇ ਉਹ ਵੀ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਆਵਾਜ਼ ਬੁਲੰਦ ਕਾਰਨ।  ਧਾਮੀ ਨੇ ਕਿਹਾ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਪਿਛਲੇ ਕਈ ਸਾਲਾਂ ਤੋਂ ਜੇਲ੍ਹਾਂ ‘ਚ ਬੰਦ ਸਿੰਘਾਂ ਦੀ ਰਿਹਾਈ ਲਈ ਵੀਰਵਾਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਹਸਤਾਖਰ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਨੂੰ ਹਰ ਸ਼ਹਿਰ, ਹਰ ਪਿੰਡ, ਹਰ ਮੁਹੱਲੇ ਤੇ ਹਰ ਘਰ ਤਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕੇਂਦਰੀ ਦੀ ਸੁੱਤੀ ਸਰਕਾਰ ਨਾ ਜਾਗੀ ਤਾਂ ਲੋੜ ਪੈਣ ‘ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮ ਵੱਲੋਂ ਵੱਡਾ ਸੰਘਰਸ਼ ਕੀਤਾ ਜਾਵੇਗਾ।

ਦਸ ਦਈਏ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਰੋਸ ਮਾਰਚ ਕੀਤਾ ਗਿਆ ਸੀ। ਇਹ ਰੋਸ ਮਾਰਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ‘ਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ ਘਰ ਪਲਾਜ਼ਾ ਤੋਂ ਡੀ.ਸੀ. ਦਫ਼ਤਰ ਤੱਕ ਕਾਲੀਆਂ ਦਸਤਾਰਾਂ ਸਜਾ ਕੇ ਕੀਤਾ ਗਿਆ ਸੀ। ਇਸ ਮਾਰਚ ‘ਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਮੁਲਾਜ਼ਮ ਵੱਡੀ ਗਿਣਤੀ ’ਚ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਸਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment