ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 18 ਸਾਲਾਂ ਤੋਂ ਉਪਰ ਦੀਆਂ ਸਾਰੀਆਂ ਔਰਤਾਂ ਦੇ ਸਨਮਾਨ ਦੇ ਰੂਪ ਵਿੱਚ ਉਨ੍ਹਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਐਲਾਨ ਦੇ ਸਵਾਗਤ ਵਿੱਚ ਪੰਜਾਬ ਮਹਿਲਾ ਵਿੰਗ ਦੀ ਅਗਵਾਈ ਵਿੱਚ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿੱਚ ‘ਧੰਨਵਾਦ ਕੇਜਰੀਵਾਲ ਮਾਰਚ’ ਕੱਢਿਆ ਗਿਆ।
ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ‘ਆਪ’ ਦੀ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਅਤੇ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਰਾਜਵਿੰਦਰ ਕੌਰ ਥਿਆੜਾ ਨੇ ਦੱਸਿਆ ਕਿ ਮੋਹਾਲੀ (ਐਸ.ਐਸ.ਨਗਰ), ਪਟਿਆਲਾ, ਸੰਗਰੂਰ, ਬਰਨਾਲਾ, ਬਠਿੰਡਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫ਼ਿਰੋਜ਼ਪੁਰ, ਫਰੀਦਕੋਟ, ਮੋਗਾ, ਤਰਨਤਾਰਨ, ਸ੍ਰੀ ਅੰਮ੍ਰਿਤਸਰ, ਜਲੰਧਰ, ਪਠਾਨਕੋਟ, ਗੁਰਦਾਸਪੁਰ, ਨਵਾਂ ਸ਼ਹਿਰ, ਰੋਪੜ ਅਤੇ ਹੋਰ ਜ਼ਿਲਿ੍ਹਆਂ ਵਿੱਚ ‘ਧੰਨਵਾਦ ਕੇਜਰੀਵਾਲ ਮਾਰਚ’ ਕੱਢਿਆ ਗਿਆ। ਇਸ ਮਾਰਚ ਦੌਰਾਨ ਅਰਵਿੰਦ ਕੇਜਰੀਵਾਲ ਵੱਲੋਂ 18 ਸਾਲਾਂ ਤੋਂ ਜ਼ਿਆਦਾ ਉਮਰ ਦੀਆਂ ਸਾਰੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੇਣ ਦੀ ਤੀਜੀ ਗਰੰਟੀ ਦੇ ਸੰਬੰਧ ਵਿੱਚ ਜਾਗਰੂਕ ਕੀਤਾ ਗਿਆ।
ਸਰਬਜੀਤ ਕੌਰ ਮਾਣੂੰਕੇ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦੀ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਮਦਦ ਨੂੰ ਸਾਰੀਆਂ ਔਰਤਾਂ ਸਨਮਾਨ ਦੇ ਰੂਪ ਵਿੱਚ ਲੈ ਰਹੀਆਂ ਹਨ। ਇਸ ਕਾਰਨ ਪੰਜਾਬ ਦੀ ਨਾਰੀ ਸ਼ਕਤੀ ਪ੍ਰਗਤੀ ਦੇ ਮਾਰਗ ’ਤੇ ਚੱਲਣ ਲਈ ਹੁਣ ਪ੍ਰੰਪਰਿਕ ਰਾਜਨੀਤਿਕ ਪਿੱਠਭੂਮੀ ਵਿੱਚ ਬਦਲਾਅ ਕਰਨ ਦੇ ਕੰਮ ਦੀ ਰਾਜਨੀਤੀ ਲਈ ‘ਇੱਕ ਮੌਕਾ ਅਰਵਿੰਦ ਕੇਜਰੀਵਾਲ ਨੂੰ’ ਦੇਣ ਲਈ ਪੂਰੀ ਤਰ੍ਹਾਂ ਤਿਆਰ ਹਨ।
ਅਰਵਿੰਦ ਕੇਜਰੀਵਾਲ ਦੇ ਇਸ ਐਲਾਨ ਤੋਂ ਬਾਅਦ ਕਾਂਗਰਸ, ਅਕਾਲੀ ਦਲ ਬਾਦਲ, ਬਹੁਜਨ ਸਮਾਨ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੀ ਨੀਂਦ ਉਡੀ ਹੋਈ ਹੈ। ਇਸੇ ਬੁਖਲਾਹਟ ਕਾਰਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਸਾਰੇ ਹੋਰ ਦਲਾਂ ਦੇ ਆਗੂ ਖੋਖਲੇ ਐਲਾਨ ਕਰਨ ਵਿੱਚ ਜੁੱਟ ਗਏ ਹਨ। ਹਲਾਂਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖੋਖਲੇ ਐਲਾਨਾਂ ’ਤੇ ਉਨ੍ਹਾਂ ਦੀ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਸਵਾਲ ਕਰ ਰਹੇ ਹਨ।
ਸਰਬਜੀਤ ਕੌਰ ਮਾਣੂੰਕੇ, ਪ੍ਰੋ. ਬਲਜਿੰਦਰ ਸਿੰਘ ਅਤੇ ਰਾਜਵਿੰਦਰ ਕੌਰ ਥਿਆੜਾ ਨੇ ਕਿਹਾ ਕਿ ਪੰਜਾਬ ਦੀਆਂ ਔਰਤਾਂ ਠਾਣ ਚੁੱਕੀਆਂ ਹਨ ਕਿ ਅਕਾਲੀ ਦਲ ਬਾਦਲ, ਬਸਪਾ, ਭਾਜਪਾ ਅਤੇ ਕਾਂਗਰਸ ਦੇ ਆਗੂ ਸਾਲਾਂ ਤੋਂ ਵਿਸ਼ਵਾਸ਼ਘਾਤ ਕਰਕੇ ਉਨ੍ਹਾਂ ਨੂੰ ਕਰਜੇ ਦੇ ਭਾਰ ਥੱਲੇ ਦੱਬ ਰਹੇ ਹਨ। ਇੱਥੋਂ ਤੱਕ ਕਿ ਲੱਖਾਂ ਨੌਜਵਾਨ ਪੰਜਾਬ ਭਰ ਵਿੱਚ ਕਾਂਗਰਸ ਸਰਕਾਰ ਦੇ ਖ਼ਿਲਾਫ਼ ਰੋਜ਼ਗਾਰ ਲਈ ਰੋਸ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹਨ। ਪਰ ਹੁਣ ਤੱਕ ਦੀਆਂ ਸਰਕਾਰਾਂ ਨੇ ਪੰਜਾਬ, ਪੰਜਾਬੀਅਤ ਅਤੇ ਪੰਜਾਬੀਆਂ ਨੂੰ ਲੁੱਟਣ ਵਿੱਚ ਕੋਈ ਕਸਰ ਨਹੀਂ ਛੱਡੀ।