ਚੰਡੀਗੜ੍ਹ: ਪੰਜਾਬ ਪੁਲਿਸ ਦੇ ਸਾਬਕਾ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੇ ਆਪਣੀ ਬਰਖਾਸਤਗੀ ਦੇ ਸਰਕਾਰੀ ਫੈਸਲੇ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਗੁਰਸ਼ੇਰ ਸਿੰਘ ਸੰਧੂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਬਲੀ ਦਾ ਬੱਕਰਾ ਬਣਾਇਆ ਗਿਆ ਹੈ। ਹਾਈਕੋਰਟ ਨੇ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਹਾਲਾਂਕਿ ਹਾਈ ਕੋਰਟ ਨੇ ਬਰਖਾਸਤਗੀ ਦੇ ਹੁਕਮਾਂ ‘ਤੇ ਫਿਲਹਾਲ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ।
ਨੌਕਰੀ ਤੋਂ ਹਟਾਉਣ ਦੀ ਇਹ ਕਾਰਵਾਈ ਸਾਬਕਾ ਡੀਐਸਪੀ ਗੁਰਸ਼ੇਰ ਸਿੰਘ ਖ਼ਿਲਾਫ਼ ਜੇਲ੍ਹ ਵਿੱਚੋਂ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦੇ ਮਾਮਲੇ ਵਿੱਚ ਕੀਤੀ ਗਈ ਹੈ। ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਵਿਭਾਗ ਨੇ ਗੁਰਸ਼ੇਰ ਸਿੰਘ ਨੂੰ ਇਸ ਸਾਲ 2 ਜਨਵਰੀ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਸੀ। ਅਦਾਲਤ ਨੇ ਇਸ ਮਾਮਲੇ ਵਿੱਚ ਉੱਚ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੇ ਹੁਕਮ ਵੀ ਦਿੱਤੇ ਸਨ। ਪਟੀਸ਼ਨ ਦਾਇਰ ਕਰਦਿਆਂ ਗੁਰਸ਼ੇਰ ਸਿੰਘ ਸੰਧੂ ਨੇ ਦੋਸ਼ ਲਾਇਆ ਹੈ ਕਿ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਬਲੀ ਦਾ ਬੱਕਰਾ ਬਣਾਇਆ ਗਿਆ ਹੈ। ਨਿਯਮਾਂ ਦੀ ਉਲੰਘਣਾ ਕਰਕੇ ਉਸ ਨੂੰ ਬਰਖਾਸਤ ਕਰ ਦਿੱਤਾ ਗਿਆ ਅਤੇ ਉਸ ਦਾ ਪੱਖ ਵੀ ਨਹੀਂ ਸੁਣਿਆ ਗਿਆ। ਸੰਧੂ ਦਾ ਇਹ ਵੀ ਕਹਿਣਾ ਹੈ ਕਿ ਉਨ੍ਹਾਂ ਨੂੰ ਚਾਰਜਸ਼ੀਟ ਦੇ ਸਾਰੇ ਦਸਤਾਵੇਜ਼ ਨਹੀਂ ਦਿੱਤੇ ਗਏ, ਜਿਸ ਕਾਰਨ ਉਨ੍ਹਾਂ ਦੇ ਬਚਾਅ ਦਾ ਮੌਕਾ ਖੋਹ ਲਿਆ ਗਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੈਨੂੰ ਇਹ ਨਹੀਂ ਦੱਸਿਆ ਜਾਂਦਾ ਕਿ ਚਾਰਜਸ਼ੀਟ ਵਿੱਚ ਕੀ ਦੋਸ਼ ਹਨ, ਮੈਂ ਆਪਣਾ ਬਚਾਅ ਕਿਵੇਂ ਕਰਾਂਗਾ।
ਸੰਧੂ ਨੇ ਇਹ ਵੀ ਦਲੀਲ ਦਿੱਤੀ ਕਿ ਹਾਈ ਕੋਰਟ ਨੇ ਇਸ ਮਾਮਲੇ ਦੀ ਜਾਂਚ ਲਈ ਹਾਲ ਹੀ ਵਿੱਚ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਿੱਚ ਇੱਕ ਜਾਂਚ ਕਮਿਸ਼ਨ ਦਾ ਗਠਨ ਕੀਤਾ ਹੈ। ਕਮਿਸ਼ਨ ਨੇ ਨਾ ਤਾਂ ਜਾਂਚ ਸ਼ੁਰੂ ਕੀਤੀ ਹੈ ਅਤੇ ਨਾ ਹੀ ਕੋਈ ਰਿਪੋਰਟ ਪੇਸ਼ ਕੀਤੀ ਹੈ ਪਰ ਇਸ ਦੇ ਬਾਵਜੂਦ ਉਸ ਨੂੰ ਕਾਹਲੀ ਨਾਲ ਬਰਖਾਸਤ ਕਰ ਦਿੱਤਾ ਗਿਆ। ਸੰਧੂ ਨੇ ਆਪਣੀ ਪਟੀਸ਼ਨ ਵਿੱਚ ਇਹ ਵੀ ਦੱਸਿਆ ਕਿ ਲਾਰੈਂਸ ਬਿਸ਼ਨੋਈ (ਐਂਟੀ ਗੈਂਗਸਟਰ ਟਾਸਕ ਫੋਰਸ) ਦੀ ਹਿਰਾਸਤ ਵਿੱਚ ਸੀ। ਸੰਧੂ ਨੇ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਉਸ ਦੀ ਬਰਖਾਸਤਗੀ ਦੇ ਹੁਕਮਾਂ ਨੂੰ ਰੱਦ ਕੀਤਾ ਜਾਵੇ ਅਤੇ ਬਰਖਾਸਤਗੀ ਦੇ ਹੁਕਮਾਂ ‘ਤੇ ਉਸ ਸਮੇਂ ਤੱਕ ਰੋਕ ਲਗਾਈ ਜਾਵੇ, ਜਦੋਂ ਤੱਕ ਇਹ ਪਟੀਸ਼ਨ ਅਦਾਲਤ ਵਿੱਚ ਵਿਚਾਰ ਅਧੀਨ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।