ਬੇਅਦਬੀ ਕਾਂਡ : ਡੇਰਾ ਸਿਰਸਾ ਰਾਸ਼ਟਰੀ ਕਮੇਟੀ ਦੇ ਤਿੰਨ ਮੈਂਬਰਾਂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ

TeamGlobalPunjab
2 Min Read

ਫ਼ਰੀਦਕੋਟ : ਲਗਭਗ ਅੱਜ ਤੋਂ ਪੰਜ ਸਾਲ ਪਹਿਲਾਂ 1 ਜੂਨ 2015 ਨੂੰ ਜ਼ਿਲ੍ਹਾ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੋਰੀ ਕਰਨ ਅਤੇ ਬਾਅਦ ਵਿਚ ਬੇਅਦਬੀ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮਾਂ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਬਹੁਤ ਸਮਾਂ ਪਹਿਲਾਂ ਸ਼ਨਾਖਤ ਕਰ ਲਈ ਗਈ ਸੀ। ਲੰਮੇ ਸਮੇਂ ਤੋਂ ਪੁੁਲਿਸ ਵੱਲੋਂ ਇਨ੍ਹਾਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਸੀ ਪਰ ਇਨ੍ਹਾਂ ਵਿਅਕਤੀਆਂ ਦੇ ਨਾ ਮਿਲਣ ‘ਤੇ ਪੁਲਿਸ ਨੇ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ‘ਚ ਇਨ੍ਹਾਂ ਦੇ ਗ੍ਰਿਫਤਾਰੀ ਵਾਰੰਟ ਹਾਸਲ ਕਰਨ ਲਈ ਅਰਜ਼ੀ ਦਾਇਰ ਕੀਤੀ ਸੀ। ਜਿਸ ‘ਤੇ ਕਾਰਵਾਈ ਕਰਦਿਆਂ ਜੁਡੀਸ਼ੀਅਲ ਮੈਜਿਸਟ੍ਰੇਟ ਸੁਰੇਸ਼ ਕੁਮਾਰ ਦੀ ਅਦਾਲਤ ਨੇ ਹਰਸ਼ ਧੂਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਦੇ ਅਦਾਲਤ ਨੇ ਗ੍ਰਿਫ਼ਤਾਰੀ ਵਾਰੰਟ 20 ਜੁਲਾਈ 2020 ਲਈ ਜਾਰੀ ਕਰ ਦਿੱਤੇ ਹਨ।

ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਉਕਤ ਤਿੰਨੇ ਡੇਰਾ ਪ੍ਰੇਮੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਚੋਰੀ ਕਰਨ ਦੀ ਸਾਜ਼ਿਸ਼ ਰਚੀ ਹੈ, ਉਨ੍ਹਾਂ ਦੀਆਂ ਹਿਦਾਇਤਾਂ ਨਾਲ ਹੀ ਇਲਾਕੇ ਵਿਚ ਭੜਕਾਊ ਪੋਸਟਰ ਲੱਗੇ ਅਤੇ ਬੇਅਦਬੀ ਕਾਂਡ ਨੂੰ ਅੰਜਾਮ ਦਿੱਤਾ ਗਿਆ। ਜਾਂਚ ਟੀਮ ਨੇ ਉਮੀਦ ਜ਼ਾਹਿਰ ਕੀਤੀ ਹੈ ਕਿ ਰਾਸ਼ਟਰੀ ਕਮੇਟੀ ਮੈਂਬਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਕਰਨੀ ਆਸਾਨ ਹੋ ਜਾਵੇਗੀ।

ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਵੇਲੇ ਤਾਇਨਾਤ ਐੱਸ.ਪੀ. ਬਲਜੀਤ ਸਿੰਘ ਨੇ ਇੱਥੋਂ ਦੀ ਅਦਾਲਤ ‘ਚ ਅਰਜ਼ੀ ਦੇ ਕੇ ਇਹ ਖਦਸ਼ਾ ਜ਼ਾਹਿਰ ਕੀਤਾ ਹੈ ਕਿ ਵਿਸ਼ੇਸ਼ ਜਾਂਚ ਟੀਮ ਕਿਸੇ ਵੀ ਸਮੇਂ ਉਸ ਨੂੰ ਗ੍ਰਿਫਤਾਰ ਕਰ ਸਕਦੀ ਹੈ। ਇਸ ਲਈ ਉਸ ਦੀ ਗ੍ਰਿਫਤਾਰੀ ‘ਤੇ ਰੋਕ ਲਾਈ ਜਾਵੇ।

Share this Article
Leave a comment