ਪ੍ਰਸ਼ਾਂਤ ਕਿਸ਼ੋਰ ਦੇ ਸ਼ਾਮਲ ਹੋਣ ‘ਤੇ ਅਸਹਿਮਤੀ, ਸੋਨੀਆ ਗਾਂਧੀ ਲੈਣਗੇ ਅੰਤਿਮ ਫੈਸਲਾ : ਸੂਤਰ

TeamGlobalPunjab
2 Min Read

ਨਵੀਂ ਦਿੱਲੀ:  ਸੂਤਰਾਂ ਅਨੁਸਾਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਬਾਰੇ ਅੰਤਿਮ ਫੈਸਲਾ ਲੈਣਗੇ  ਅਤੇ ਉਨ੍ਹਾਂ ਨੇ ਇਸ ਮੁੱਦੇ ‘ਤੇ ਕਈ ਸੀਨੀਅਰ ਨੇਤਾਵਾਂ ਦੇ ਨਾਲ ਚਰਚਾ ਕੀਤੀ ਹੈ। ਇਨ੍ਹਾਂ ‘ਚ ਕੁਝ ਲੀਡਰਾਂ ਨੇ ਉਨ੍ਹਾਂ ਦੇ ਪਾਰਟੀ ‘ਚ ਸ਼ਾਮਿਲ ਹੋਣ ਤੇ ਇਤਰਾਜ਼ ਜਤਾਇਆ ਹੈ। ਜਦਕਿ ਕਈਆਂ ਨੇ ਇਸ ਦਾ ਸਮਰਥਨ ਕੀਤਾ ਹੈ ਕਿਉਂਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਉਹ ਪਾਰਟੀ ਲਈ ਲਾਭਕਾਰੀ ਹੋਣਗੇ। ਹੁਣ ਆਖਰੀ ਫੈਸਲਾ ਸੋਨੀਆ ਗਾਂਧੀ ਨੇ ਲੈਣਾ ਹੈ।

ਸੂਤਰਾਂ ਨੇ ਦੱਸਿਆ ਕਿ 23 ਨੇਤਾਵਾਂ ਦੇ ਸਮੂਹ, ਜਿਨ੍ਹਾਂ ਨੇ ਪਿਛਲੇ ਸਾਲ ਗਾਂਧੀ ਨੂੰ ਚਿੱਠੀ ਲਿਖ ਕੇ ਸੰਗਠਨ ਦੀ ਪੁਨਰ ਸਥਾਪਤੀ ਦੀ ਮੰਗ ਕੀਤੀ ਸੀ, ਨੇ ਵੀ ਉਨ੍ਹਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ‘ਤੇ ਇਤਰਾਜ਼ ਜਤਾਇਆ ਸੀ। ਪ੍ਰਸ਼ਾਂਤ ਕਿਸ਼ੋਰ ਦੇ ਕਾਂਗਰਸ ‘ਚ ਸ਼ਾਮਿਲ ਹੋਣ ‘ਤੇ ਚੋਣ ਪ੍ਰਬੰਧਨ ‘ਚ ਇਕ ਮਹੱਤਵਪੂਰਨ ਭੂਮਿਕਾ ਸੰਭਾਲਨ ਦੀ ਚਰਚਾ ਦੇ ਵਿਚ ਉਨ੍ਹਾਂ ਹਾਲ ਹੀ ‘ਚ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਹਾਲਾਂਕਿ ਮਾਮਲਾ ਪੈਂਡਿੰਗ ਹੈ ਕਿਉਂਕਿ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ।

ਦਸ ਦਈਏ ਕਿ ਕਿਸ਼ੋਰ ਨੇ 2014 ਦੀਆਂ ਲੋਕ ਸਭਾ ਚੋਣਾਂ ਦੇ ਸ਼ੁਰੂ ਵਿੱਚ ਭਾਜਪਾ ਨਾਲ ਕੰਮ ਕੀਤਾ ਸੀ ਅਤੇ ਇਸ ਤੋਂ ਬਾਅਦ ਉਹ ਜਨਤਾ ਦਲ (ਯੂ) ਵਿੱਚ ਸ਼ਾਮਲ ਹੋ ਗਏ ਅਤੇ ਪਾਰਟੀ ਦੇ ਉਪ ਪ੍ਰਧਾਨ ਸਨ। ਕਿਸ਼ੋਰ ਨੇ ਉੱਤਰ ਪ੍ਰਦੇਸ਼ ਦੀਆਂ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਕਾਂਗਰਸ ਨਾਲ ਕੰਮ ਕੀਤਾ ਸੀ। ਉਸਨੇ ਪੰਜਾਬ ਵਿੱਚ ਪਾਰਟੀ ਦੀ ਸਹਾਇਤਾ ਵੀ ਕੀਤੀ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਸਲਾਹਕਾਰ ਸਨ, ਜਿਸਦਾ ਅਹੁਦਾ ਉਨ੍ਹਾਂ ਨੇ ਹਾਲ ਹੀ ਵਿੱਚ ਛੱਡ ਦਿੱਤਾ ਸੀ।

Share this Article
Leave a comment