ਜ਼ੀਰਕਪੁਰ: ਮੋਹਾਲੀ ਦੇ ਜ਼ੀਰਕਪੁਰ ਵਿੱਚ ਇੱਕ 15 ਸਾਲਾ ਨਾਬਾਲਿਗ ਲੜਕੀ ਨਾਲ ਉਸਦਾ ਇਲਾਜ ਕਰਨ ਵਾਲੇ ਡਾਕਟਰ ਵੱਲੋਂ ਹੀ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਦੀ ਪਛਾਣ 45 ਸਾਲਾ ਆਰ.ਕੇ. ਤਿਵਾਰੀ ਵਜੋਂ ਹੋਈ ਹੈ, ਜੋ ਲੰਮੇ ਸਮੇਂ ਤੋਂ ਇਲਾਕੇ ਵਿੱਚ ਲੋਕਾਂ ਦਾ ਇਲਾਜ ਕਰਦਾ ਆ ਰਿਹਾ ਸੀ।
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਡਾਕਟਰ ਮੌਕੇ ਤੋਂ ਫ਼ਰਾਰ ਹੈ। ਸਥਾਨਿਕ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਹੁਣ ਮੁਲਜ਼ਮ ਡਾਕਟਰ ਦੇ ਮੈਡੀਕਲ ਰਿਕਾਰਡ ਅਤੇ ਦਸਤਾਵੇਜ਼ਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਸ ਕੋਲ ਮਰੀਜ਼ਾਂ ਦਾ ਇਲਾਜ ਕਰਨ ਲਈ ਕੋਈ ਜਾਇਜ਼ ਡਾਕਟਰੀ ਡਿਗਰੀ ਜਾਂ ਲਾਇਸੈਂਸ ਸੀ ਵੀ ਜਾਂ ਉਹ ਕੋਈ ਫਰਜ਼ੀ ਡਾਕਟਰ ਸੀ। ਪੁਲਿਸ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਸੰਭਾਵਿਤ ਟਿਕਾਣਿਆਂ ‘ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੀੜਤਾ ਦੇ ਪਰਿਵਾਰ ਵੱਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ਼ਿਕਾਇਤ ਮੁਤਾਬਕ 15 ਸਾਲਾ ਲੜਕੀ ਇਲਾਜ ਲਈ ਡਾਕਟਰ ਕੋਲ ਗਈ ਸੀ, ਜਿੱਥੇ ਡਾਕਟਰ ਨੇ ਉਸ ਨਾਲ ਇਹ ਘਿਨੌਣੀ ਹਰਕਤ ਕੀਤੀ। ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 64(2) ਅਤੇ ਪੋਕਸੋ (POCSO) ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਪੁਲਿਸ ਅਨੁਸਾਰ ਪੀੜਤਾ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ ਅਤੇ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ। ਨਾਲ ਹੀ ਮੁਲਜ਼ਮ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਜਾਰੀ ਹੈ। ਵਾਰਦਾਤ ਤੋਂ ਤੁਰੰਤ ਬਾਅਦ ਮੁਲਜ਼ਮ ਆਪਣਾ ਕਲੀਨਿਕ ਬੰਦ ਕਰਕੇ ਫਰਾਰ ਹੋ ਗਿਆ। ਉਸ ਨੂੰ ਕਾਬੂ ਕਰਨ ਲਈ ਮੋਹਾਲੀ ਅਤੇ ਜੀਰਕਪੁਰ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਵੱਖ-ਵੱਖ ਸੰਭਾਵਿਤ ਠਿਕਾਣਿਆਂ ‘ਤੇ ਛਾਪੇਮਾਰੀ ਕਰ ਰਹੀਆਂ ਹਨ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

