ਅੰਮ੍ਰਿਤਸਰ: ਗੁਰੂਨਗਰੀ ਵਿੱਚ ਡੇਅਰੀ ਕੰਪਲੈਕਸ ਦੇ ਮਾਲਕਾਂ ਨੇ ਦੁੱਧ ਅਤੇ ਪਨੀਰ ਵਿੱਚ ਹੋ ਰਹੀ ਮਿਲਾਵਟ ਵਿਰੁੱਧ ਅਨੋਖੇ ਢੰਗ ਨਾਲ ਇੱਕਜੁੱਟ ਹੋ ਕੇ ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਦਫ਼ਤਰ ਅੱਗੇ 80 ਲੀਟਰ ਦੁੱਧ ਸੜਕਾਂ ’ਤੇ ਸੁੱਟ ਕੇ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ ਹੈ।
ਡੇਅਰੀ ਕੰਪਲੈਕਸ ਦੇ ਮੁਖੀ ਕਰਮਜੀਤ ਸਿੰਘ ਨੰਗਲੀ ਨੇ ਕਿਹਾ ਕਿ ਪ੍ਰਸ਼ਾਸਨ ਸ਼ਹਿਰ ਵਿੱਚ ਦੁੱਧ-ਪਨੀਰ ਦੀ ਮਿਲਾਵਟਖੋਰੀ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਅਸਫਲ ਰਿਹਾ ਹੈ। ਕੁਝ ਲੋਕ ਮਿਲਾਵਟਖੋਰੀ ਕਰਕੇ ਲੋਕਾਂ ਨੂੰ ਜ਼ਹਿਰ ਦੇ ਰਹੇ ਹਨ, ਪਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਅਜਿਹੇ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਡੇਅਰੀ ਕੰਪਲੈਕਸ ਦੇ ਮਾਲਕਾਂ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਜਦੋਂ ਤੱਕ ਪ੍ਰਸ਼ਾਸਨ ਅਜਿਹੇ ਮਿਲਾਵਟਖੋਰਾਂ ਨੂੰ ਫੜ ਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਨਹੀਂ ਕਰਦਾ, ਉਦੋਂ ਤੱਕ ਨਕਲੀ ਦੁੱਧ ਅਤੇ ਪਨੀਰ ਖ਼ਿਲਾਫ਼ ਅੰਦੋਲਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਤਿਉਹਾਰਾਂ ਦੇ ਸੀਜ਼ਨ ਤੋਂ ਇਲਾਵਾ ਦੁੱਧ, ਪਨੀਰ ਅਤੇ ਹੋਰ ਡੇਅਰੀ ਉਤਪਾਦਾਂ ਦੀ ਢੋਆ-ਢੁਆਈ ਕਰਨ ਵਾਲੇ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕਰੇ ਤਾਂ ਅਜਿਹੀ ਮਿਲਾਵਟਖੋਰੀ ਨੂੰ ਨੱਥ ਪਾਈ ਜਾ ਸਕਦੀ ਹੈ।
ਫੂਡ ਸੇਫਟੀ ਵਿਭਾਗ ਦੇ ਸਹਾਇਕ ਕਮਿਸ਼ਨਰ ਰਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਟੀਮ ਤਿਉਹਾਰਾਂ ਦੇ ਸੀਜ਼ਨ ਦੌਰਾਨ ਵੀ ਚੈਕਿੰਗ ਮੁਹਿੰਮ ਚਲਾਉਂਦੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਗਰਮੀਆਂ ਦੇ ਮੌਸਮ ਵਿੱਚ ਦੁੱਧ ਅਤੇ ਪਨੀਰ ਦੀ ਖਰਾਬੀ ਦੇ ਨਾਲ-ਨਾਲ ਮਿਲਾਵਟ ਦੀਆਂ ਸ਼ਿਕਾਇਤਾਂ ਵੀ ਵੱਧ ਜਾਂਦੀਆਂ ਹਨ।
ਦੋਧੀ ਯੂਨੀਅਨ ਨੇ ਮੰਗ ਕੀਤੀ ਕਿ ਨਕਲੀ ਦੁੱਧ ਤੇ ਪਨੀਰ ਬਣਾਉਣ ਵਾਲੀਆਂ ਫੈਕਟਰੀਆਂ ਤੇ ਤੁਰੰਤ ਛਾਪੇਮਾਰੀ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰਸ਼ਾਸਨ ਵੱਲੋਂ ਮੁਹਿੰਮ ਚਲਾਈ ਜਾਵੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

