ਆਰਡੀਨੈਂਸ ਨੂੰ ਲੈ ਕੇ ਪੰਜਾਬ ਦੀਆਂ ਸੜਕਾਂ ਨਾ ਰੋਕੋ, ਹੱਲ ਕੱਢਣਾ ਤਾਂ ਚੱਲੋ ਦਿੱਲੀ, ਮੈਂ ਵੀ ਨਾਲ ਚੱਲਾਂਗਾ: ਕੈਪਟਨ

TeamGlobalPunjab
2 Min Read

ਚੰਡੀਗੜ੍ਹ: ਕੇਂਦਰ ਦੇ ਕਿਸਾਨ ਆਰਡੀਨੈਂਸ ਨੂੰ ਲੈ ਕੇ ਪੰਜਾਬ ਵਿੱਚ ਕਿਸਾਨਾਂ ਵੱਲੋਂ ਸੜਕਾਂ ਜਾਮ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਇੱਕ ਸਲਾਹ ਦਿੱਤੀ ਹੈ। ਕੈਪਟਨ ਨੇ ਕਿਸਾਨਾਂ ਨੂੰ ਕਿਹਾ ਕਿ ਪੰਜਾਬ ਦੀਆਂ ਸੜਕਾਂ ‘ਤੇ ਬੈਠਣ ਨਾਲ ਖੇਤੀ ਆਰਡੀਨੈਂਸ ਦਾ ਮਸਲਾ ਹੱਲ ਨਹੀਂ ਹੋਵੇਗਾ। ਇਸ ਲਈ ਕਿਸਾਨਾਂ ਨੂੰ ਦਿੱਲੀ ਵੱਲ ਕੂਚ ਕਰਨੀ ਚਾਹੀਦੀ ਹੈ। ਕੈਪਟਨ ਨੇ ਕਿਹਾ ਕਿ ਕਿਸਾਨਾਂ ਨੂੰ ਸਮਰਥਨ ਦੇਣ ਦੇ ਲਈ ਉਹ ਵੀ ਪ੍ਰਦਰਸ਼ਨਕਾਰੀਆਂ ਦੇ ਨਾਲ ਦਿੱਲੀ ਚੱਲਣਗੇ ਅਤੇ ਕੇਂਦਰ ਸਰਕਾਰ ਖ਼ਿਲਾਫ਼ ਖੂਬ ਭੜਾਸ ਕੱਢਾਂਗੇ।

ਕਿਸਾਨਾਂ ਵੱਲੋਂ ਸੜਕਾਂ ਜਾਮ ਕਰਨਾ ਅਤੇ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕਰਨ ‘ਤੇ ਕੈਪਟਨ ਨੇ ਇਸ ਨੂੰ ਸੂਬੇ ਦੀ ਸੁਰੱਖਿਆ ਨਾਲ ਜੋੜਿਆ ਹੈ। ਕੈਪਟਨ ਨੇ ਇੱਕ ਤੱਥ ਪੇਸ਼ ਕੀਤਾ ਅਤੇ ਕਿਹਾ ਕਿ ਪੰਜਾਬ ਦੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ। ਇਸ ਲਈ ਪਾਕਿਸਤਾਨ ‘ਚ ਬੈਠੇ ਸ਼ਰਾਰਤੀ ਅਨਸਰ ਧਰਨੇ ਪ੍ਰਦਰਸ਼ਨ ਦਾ ਗਲਤ ਫਾਇਦਾ ਚੁੱਕ ਸਕਦੇ ਹਨ, ਅਤੇ ਸੂਬੇ ਦੀ ਅਮਨ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤਿੰਨ ਵਾਰ ਚਿੱਠੀਆਂ ਲਿਖ ਚੁੱਕਾ ਹਾਂ ਕਿ ਖੇਤੀ ਆਰਡੀਨੈਂਸ ਦੇ ਨਾਲ ਕਿਸਾਨਾਂ ਨੂੰ ਨੁਕਸਾਨ ਹੋਵੇਗਾ ਅਤੇ ਇਸ ਨਾਲ ਸੂਬਿਆਂ ਵਿੱਚ ਮਾਹੌਲ ਖ਼ਰਾਬ ਹੋ ਸਕਦਾ ਹੈ। ਜਿਸ ਦਾ ਨਤੀਜਾ ਅਸੀਂ ਦੇਖ ਰਹੇ ਹਾਂ ਕਿ ਪੰਜਾਬ ਵਿੱਚ ਸੜਕਾਂ ਜਾਮ ਕੀਤੀਆਂ ਜਾ ਰਹੀਆਂ ਹਨ। ਕੈਪਟਨ ਨੇ ਉਮੀਦ ਜਤਾਉਂਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਲਿਖੇ ਗਏ ਪੱਤਰ ‘ਤੇ ਕੇਂਦਰ ਸਰਕਾਰ ਜ਼ਰੂਰ ਅਮਲ ਕਰੇਗੀ।

ਪੰਜਾਬ ਵਿੱਚ ਵਿਗੜਦੇ ਮਾਹੌਲ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ 11 ਮੰਤਰੀਆਂ ਦੇ ਨਾਲ ਗਵਰਨਰ ਵੀਪੀ ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਪੰਜਾਬ ‘ਚ ਹੋ ਰਹੇ ਧਰਨਾ ਪ੍ਰਦਰਸ਼ਨਾਂ ਤੋਂ ਗਵਰਨਰ ਨੂੰ ਜਾਣੂ ਕਰਵਾਇਆ।

Share This Article
Leave a Comment