ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੰਘਾਉਣ ਵਾਲੀਆਂ ਮਾਵਾਂ ਲਈ ਤੁਰੰਤ ਰਾਸ਼ੀ ਜਾਰੀ ਕਰਨ ਦੇ ਹੁਕਮ

Global Team
3 Min Read

ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਕਰੀਬ 70 ਹਜ਼ਾਰ ਲਾਭਪਾਤਰੀਆਂ ਨੂੰ 28 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਮਾਤਰੂ ਵੰਦਨਾ ਯੋਜਨਾ ਸਕੀਮ ਤਹਿਤ ਚਾਲੂ ਵਿੱਤੀ ਸਾਲ ਦੇ ਮਹੀਨਾ ਅਕਤੂਬਰ 2024 ਵਿੱਚ 22 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪਹਿਲੇ ਬੱਚੇ ਦੇ ਜਨਮ ਅਤੇ ਦੂਜੇ ਬੱਚੇ ਲੜਕੀ ਦੇ ਜਨਮ ਤੇ ਕੁੱਲ 65478 ਔਰਤ ਲਾਭਪਾਤਰੀਆਂ ਨੂੰ ਸਿੱਧੀ ਉਨ੍ਹਾਂ ਦੇ ਖਾਤਿਆਂ ਵਿੱਚ ਭੇਜੀ ਜਾ ਚੁੱਕੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ ‘ਤੇ 5000 ਰੁਪਏ ਦੋ ਕਿਸ਼ਤਾਂ ਵਿੱਚ (3000+2000) ਅਤੇ ਦੂਜਾ ਬੱਚਾ ਲੜਕੀ ਪੈਦਾ ਹੋਣ ਤੇ 6000 ਰੁਪਏ ਦਿੱਤੇ ਜਾਂਦੇ ਹਨ। ਇਹ ਰਾਸ਼ੀ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਸ਼ਰਤਾਂ ਦੀ ਪੂਰਤੀ ਦੇ ਅਧੀਨ ਦਿੱਤੀ ਜਾਂਦੀ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਮਹਿਲਾਵਾਂ ਨੂੰ ਅੰਸ਼ਕ ਮੁਆਵਜਾ ਪ੍ਰਦਾਨ ਕਰਕੇ ਉਨ੍ਹਾਂ ਦੀ ਸਿਹਤ ਵਿੱਚ ਬੱਚੇ ਦੇ ਜਣੇਪੇ ਤੋਂ ਪਹਿਲਾਂ ਅਤੇ ਬਾਅਦ ਵਿੱਚ ਸੁਧਾਰ ਕਰਨਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਉਦੇਸ਼ ਸੂਬੇ ਵਿੱਚ ਜਨਮ ਸਮੇਂ ਲੜਕੀਆਂ ਦੇ ਘੱਟ ਰਹੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਇਸ ਵਿੱਤੀ ਸਹਾਇਤਾ ਲਈ ਫਾਰਮ ਭਰੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ, ਡਾਕਖਾਨੇ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਲਾਭ ਪ੍ਰਾਪਤ ਕਰਨ ਲਈ ਹਰ ਲਾਭਪਾਤਰੀ ਕੋਲ ਆਧਾਰ ਕਾਰਡ ਹੋਣਾ ਲਾਜਮੀ ਹੈ ਜੋ ਬੈਂਕ ਖਾਤੇ ਨਾਲ ਲਿੰਕ ਹੋਣਾ ਜ਼ਰੂਰੀ ਹੈ।

ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਯੋਗ ਲਾਭਪਾਤਰੀਆਂ ਦੇ ਫਾਰਮ ਭਰੇ ਜਾਣ ਤਾਂ ਜੋ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਵਧੇਰੇ ਜਾਣਕਾਰੀ ਲਈ ਲਾਭਪਾਤਰੀ ਆਪਣੇ ਜ਼ਿਲ੍ਹੇ ਦੇ ਆਂਗਣਵਾੜੀ ਸੈਂਟਰ, ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਅਤੇ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਅਤੇ ਬੱਚਿਆਂ ਦੀ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ।

Share This Article
Leave a Comment