ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਦੇ ਉੱਡਣ ਦਸਤੇ ਨੇ PUNBUS ਸੁਪਰਡੈਂਟ ਨੂੰ ਰਿਸ਼ਵਤ ਲੈਂਦੇ ਕੀਤਾ ਕਾਬੂ

Global Team
2 Min Read

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ, ਸੈਕਟਰ 17, ਚੰਡੀਗੜ੍ਹ ਦੇ ਡਾਇਰੈਕਟਰ, ਸਟੇਟ ਟਰਾਂਸਪੋਰਟ-ਕਮ-ਮੈਨੇਜਿੰਗ ਡਾਇਰੈਕਟਰ ਪਨਬਸ ਦੇ ਦਫ਼ਤਰ ਦੇ ਸੁਪਰਡੈਂਟ ਜਗਜੀਵਨ ਸਿੰਘ ਨੂੰ 20,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਸੁਪਰਡੈਂਟ ਨੂੰ ਇੱਕ ਨਿੱਜੀ ਟਰਾਂਸਪੋਰਟਰ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਧਾਰੜ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ , ਵਿਭਾਗ ਕੋਲ ਸ਼ਿਕਾਇਤਕਰਤਾ ਦੀ 2 ਲੱਖ ਰੁਪਏ ਦੀ ਸੁਰੱਖਿਆ ਜਮ੍ਹਾਂ ਰਾਸ਼ੀ ਜਾਰੀ ਕਰਨ ਬਦਲੇ ਉਸ ਤੋਂ ਪ੍ਰਤੀ ਬੱਸ 5,000 ਰੁਪਏ (ਕੁੱਲ 20,000 ਰੁਪਏ) ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੇ ਅਟੱਲ ਸਬੂਤ ਵਜੋਂ ਮੁਲਜ਼ਮ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਸੀ। ਸ਼ਿਕਾਇਤ ਅਨੁਸਾਰ ਇਹ ਰਿਫੰਡ ਸ਼ਿਕਾਇਤਕਰਤਾ ਦੀਆਂ ਚਾਰ ਬੱਸਾਂ, ਜੋ 2014 ਤੋਂ 2020 ਦੌਰਾਨ ਕਿਲੋਮੀਟਰ ਸਕੀਮ ਅਧੀਨ ਪਨਬੱਸ ਨੂੰ ਕਿਰਾਏ ’ਤੇ ਦਿੱਤੀਆਂ ਸਨ , ਨਾਲ ਸਬੰਧਤ ਹੈ । ਮਈ 2023 ਵਿੱਚ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਾਉਣ ਅਤੇ ਡਿਪੂ ਮੈਨੇਜਰ, ਅੰਮ੍ਰਿਤਸਰ ਤੋਂ ਇਤਰਾਜ਼ ਹੀਣਤਾ ਸਰਟੀਫਿਕੇਟ (ਐਨਓਸੀ) ਪ੍ਰਾਪਤ ਕਰਨ ਦੇ ਬਾਵਜੂਦ, ਉਸਦੀ ਫਾਈਲ ਨੂੰ ਜਾਣਬੁੱਝ ਕੇ ਤਿੰਨ ਸਾਲਾਂ ਲਈ ਬੇਤੁਕੇ ਬਹਾਨਿਆਂ ਹੇਠ ਠੰਡੇ ਬਸਤੇ ਪਾ ਦਿੱਤੀ ਗਈ ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੇ ਉਡਣ ਦਸਤੇ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਸੁਪਰਡੈਂਟ ਨੂੰ ਉਸਦੇ ਦਫ਼ਤਰ ਦੇ ਬਾਹਰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਫਲਾਇੰਗ ਸਕੁਐਡ-1, ਪੰਜਾਬ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਦੋਸ਼ੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਉੱਚ ਅਧਿਕਾਰੀਆਂ ਦੀ ਸ਼ਮੂਲੀਅਤ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ । ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਜ਼ੀਰੋ-ਸ਼ਹਿਣਸ਼ੀਲਤਾ ਨੀਤੀ ਨੂੰ ਦੁਹਰਾਇਆ ਹੈ ਅਤੇ ਨਾਗਰਿਕਾਂ ਨੂੰ ਹੈਲਪਲਾਈਨ ਨੰਬਰਾਂ ਰਾਹੀਂ ਭ੍ਰਿਸ਼ਟਾਚਾਰ ਦੀ ਸੂਚਨਾ ਦੇਣ ਦੀ ਅਪੀਲ ਕੀਤੀ ਹੈ।

Share This Article
Leave a Comment